2027 ਦੀਆਂ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਤੇਜ਼ ਕਰਨ ਦੀ ਖਿੱਚੀ ਤਿਆਰੀ : ਸੁੰਦਰ ਸ਼ਾਮ ਅਰੋੜਾ

ਸਰਕਾਰ

ਕਾਨੂੰਨ ਵਿਵਸਥਾ, ਨਸ਼ਿਆਂ, ਬੇਰੁਜ਼ਗਾਰੀ, ਕਿਸਾਨੀ, ਸਿਹਤ ਅਤੇ ਸਿੱਖਿਆ ਦੇ ਮੁੱਦਿਆਂ ’ਤੇ ਸਰਕਾਰ ਨੂੰ ਘੇਰਨ ਲਈ ਕਾਂਗਰਸੀ ਆਗੂਆਂ ਨੇ ਬਣਾਈ ਰਣਨੀਤੀ

ਹੁਸ਼ਿਆਰਪੁਰ, 16 ਨਵੰਬਰ (ਤਰਸੇਮ ਦੀਵਾਨਾ) – ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਤਹਿਤ ਕਾਂਗਰਸ ਪਾਰਟੀ ਨੇ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਲੋਕਾਂ ਨਾਲ ਕੀਤੇ ਵਾਅਦਿਆਂ ਦੇ ਮੁੱਦੇ ’ਤੇ ਘੇਰਨ ਲਈ ਆਪਣੀਆਂ ਸਰਗਰਮੀਆਂ ਤੇਜ਼ ਕਰਨ ਦੀ ਰਣਨੀਤੀ ਉਲੀਕਣੀ ਸ਼ੁਰੂ ਕਰ ਦਿੱਤੀ ਹੈ। ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸੁੰਦਰ ਸ਼ਾਮ ਅਰੋੜਾ ਦੀ ਅਗਵਾਈ ਹੇਠ ਹੋਈ ਇੱਕ ਅਹਿਮ ਮੀਟਿੰਗ ਵਿੱਚ ਸੂਬੇ ਦੇ ਮੌਜੂਦਾ ਸਿਆਸੀ ਹਾਲਾਤ, ਲੋਕਾਂ ਦੀਆਂ ਮੁਸ਼ਕਲਾਂ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

ਮੀਟਿੰਗ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬਦਲਾਅ ਦੀ ਆਸ ਨਾਲ ਆਮ ਆਦਮੀ ਪਾਰਟੀ ਨੂੰ ਸੱਤਾ ਸੌਂਪੀ ਸੀ, ਪਰ ਮੌਜੂਦਾ ਹਾਲਾਤ ਸਰਕਾਰ ਦੇ ਦਾਅਵਿਆਂ ਦੀ ਅਸਲੀਅਤ ਸਾਹਮਣੇ ਲਿਆ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ, ਨਸ਼ਿਆਂ ਦਾ ਫੈਲਾਅ, ਨੌਜਵਾਨਾਂ ਵਿੱਚ ਬੇਰੁਜ਼ਗਾਰੀ ਅਤੇ ਬੁਨਿਆਦੀ ਸਹੂਲਤਾਂ ਦੀ ਘਾਟ ਵਰਗੇ ਮੁੱਦੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕਰ ਰਹੇ ਹਨ। ਕਾਂਗਰਸੀ ਆਗੂਆਂ ਨੇ ਕਿਹਾ ਕਿ ਸੂਬੇ ਵਿੱਚ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ। ਅਪਰਾਧਿਕ ਘਟਨਾਵਾਂ ਅਤੇ ਨਸ਼ਿਆਂ ਦੀ ਸਮੱਸਿਆ ਨੂੰ ਸਿਰਫ਼ ਬਿਆਨਬਾਜ਼ੀ ਨਾਲ ਖ਼ਤਮ ਨਹੀਂ ਕੀਤਾ ਜਾ ਸਕਦਾ, ਇਸ ਲਈ ਸਰਕਾਰ ਨੂੰ ਜ਼ਮੀਨੀ ਪੱਧਰ ’ਤੇ ਠੋਸ ਕਾਰਵਾਈ ਕਰਨੀ ਚਾਹੀਦੀ ਹੈ।

ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਸਰਕਾਰੀ ਪ੍ਰਬੰਧਾਂ ਦੀ ਹਾਲਤ ’ਤੇ ਵੀ ਚਿੰਤਾ ਪ੍ਰਗਟਾਈ ਗਈ। ਬੁਲਾਰਿਆਂ ਨੇ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ, ਦਵਾਈਆਂ ਅਤੇ ਆਧੁਨਿਕ ਸਾਜ਼ੋ-ਸਾਮਾਨ ਦੀ ਘਾਟ ਦਾ ਮੁੱਦਾ ਉਠਾਉਂਦਿਆਂ ਕਿਹਾ ਕਿ ਆਮ ਲੋਕਾਂ ਨੂੰ ਬਿਹਤਰ ਇਲਾਜ ਲਈ ਖੱਜਲ-ਖੁਆਰ ਨਹੀਂ ਹੋਣਾ ਚਾਹੀਦਾ। ਇਸੇ ਤਰ੍ਹਾਂ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਉਪਲਬਧਤਾ ਅਤੇ ਬੁਨਿਆਦੀ ਸਹੂਲਤਾਂ ਨੂੰ ਯਕੀਨੀ ਬਣਾਉਣ ਦੀ ਲੋੜ ’ਤੇ ਵੀ ਜ਼ੋਰ ਦਿੱਤਾ ਗਿਆ। ਮੀਟਿੰਗ ਵਿੱਚ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਵੀ ਪ੍ਰਮੁੱਖਤਾ ਨਾਲ ਉਠਾਇਆ ਗਿਆ। ਆਗੂਆਂ ਨੇ ਕਿਹਾ ਕਿ ਮੰਡੀਆਂ ਵਿੱਚ ਫ਼ਸਲ ਦੀ ਖ਼ਰੀਦ, ਲਿਫ਼ਟਿੰਗ ਅਤੇ ਅਦਾਇਗੀ ਸਬੰਧੀ ਕਿਸਾਨਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਨਹੀਂ ਆਉਣੀ ਚਾਹੀਦੀ। ਕਿਸਾਨ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀ ਫ਼ਸਲ ਦਾ ਸਮੇਂ ਸਿਰ ਉਚਿਤ ਪ੍ਰਬੰਧ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ।

ਇਸ ਤੋਂ ਇਲਾਵਾ ਸੂਬੇ ਦੀਆਂ ਟੁੱਟੀਆਂ ਸੜਕਾਂ, ਸੀਵਰੇਜ ਦੀ ਸਮੱਸਿਆ, ਪੀਣ ਵਾਲੇ ਸਾਫ਼ ਪਾਣੀ ਦੀ ਘਾਟ, ਸਟਰੀਟ ਲਾਈਟਾਂ ਅਤੇ ਸ਼ਹਿਰੀ ਤੇ ਪੇਂਡੂ ਖੇਤਰਾਂ ਵਿੱਚ ਹੋਰ ਬੁਨਿਆਦੀ ਸਹੂਲਤਾਂ ਦੀ ਮਾੜੀ ਹਾਲਤ ਬਾਰੇ ਵੀ ਵਿਚਾਰ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਵਿਕਾਸ ਦੀ ਅਸਲੀ ਤਸਵੀਰ ਇਸ਼ਤਿਹਾਰਾਂ ਵਿੱਚ ਨਹੀਂ, ਸਗੋਂ ਲੋਕਾਂ ਨੂੰ ਮਿਲ ਰਹੀਆਂ ਸਹੂਲਤਾਂ ਵਿੱਚੋਂ ਦਿਖਾਈ ਦੇਣੀ ਚਾਹੀਦੀ ਹੈ। ਇਸ ਮੌਕੇ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਮੌਜੂਦਾ ਸਰਕਾਰ ਨੂੰ ਵੱਡੀਆਂ ਉਮੀਦਾਂ ਨਾਲ ਸੱਤਾ ਸੌਂਪੀ ਸੀ, ਪਰ ਹੁਣ ਸਮਾਂ ਆ ਗਿਆ ਹੈ ਕਿ ਸਰਕਾਰ ਆਪਣੇ ਕਾਰਜਕਾਲ ਦੌਰਾਨ ਕੀਤੇ ਕੰਮਾਂ ਦਾ ਹਿਸਾਬ ਜਨਤਾ ਸਾਹਮਣੇ ਰੱਖੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਇੱਕ ਜ਼ਿੰਮੇਵਾਰ ਵਿਰੋਧੀ ਧਿਰ ਵਜੋਂ ਲੋਕਾਂ ਦੀ ਆਵਾਜ਼ ਬਣ ਕੇ ਸਰਕਾਰ ਦੀਆਂ ਨੀਤੀਆਂ ਅਤੇ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦੀ ਰਹੇਗੀ।

ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਪੰਜਾਬ ਦੇ ਭਵਿੱਖ ਲਈ ਅਹਿਮ ਹੋਣਗੀਆਂ। ਇਹ ਚੋਣਾਂ ਸਿਰਫ਼ ਸੱਤਾ ਹਾਸਲ ਕਰਨ ਦਾ ਸਿਆਸੀ ਮੁਕਾਬਲਾ ਨਹੀਂ, ਸਗੋਂ ਨੌਜਵਾਨਾਂ ਦੇ ਰੁਜ਼ਗਾਰ, ਕਿਸਾਨਾਂ ਦੇ ਸਨਮਾਨ, ਬਿਹਤਰ ਸਿਹਤ ਤੇ ਸਿੱਖਿਆ ਪ੍ਰਬੰਧ ਅਤੇ ਸੂਬੇ ਦੀ ਤਰੱਕੀ ਵਰਗੇ ਅਹਿਮ ਮੁੱਦਿਆਂ ’ਤੇ ਲੋਕਾਂ ਨੂੰ ਆਪਣਾ ਫ਼ੈਸਲਾ ਸੁਣਾਉਣ ਦਾ ਮੌਕਾ ਹੋਣਗੀਆਂ। ਅਰੋੜਾ ਨੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਸਿਰਫ਼ ਪਾਰਟੀ ਪੱਧਰ ਦੀਆਂ ਮੀਟਿੰਗਾਂ ਤੱਕ ਸੀਮਤ ਨਾ ਰਹਿਣ, ਸਗੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਨ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਅਸਲ ਸਮੱਸਿਆਵਾਂ ਨੂੰ ਸਮਝ ਕੇ ਉਨ੍ਹਾਂ ਨੂੰ ਪੂਰੀ ਮਜ਼ਬੂਤੀ ਨਾਲ ਉਠਾਉਣਾ ਸਮੇਂ ਦੀ ਲੋੜ ਹੈ। ਕਾਂਗਰਸ ਪਾਰਟੀ ਪੰਜਾਬ ਦੇ ਹਿੱਤਾਂ ਅਤੇ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ। ਮੀਟਿੰਗ ਦੇ ਅੰਤ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ, ਲੋਕ ਸੰਪਰਕ ਮੁਹਿੰਮ ਨੂੰ ਤੇਜ਼ ਕਰਨ ਅਤੇ ਸੂਬੇ ਦੇ ਭਖਦੇ ਮੁੱਦਿਆਂ ਨੂੰ ਲੈ ਕੇ ਸਰਕਾਰ ਵਿਰੁੱਧ ਲੋਕਤੰਤਰੀ ਢੰਗ ਨਾਲ ਆਵਾਜ਼ ਉਠਾਉਣ ਸਬੰਧੀ ਅਗਲੀ ਰਣਨੀਤੀ ’ਤੇ ਵਿਚਾਰ ਕੀਤਾ ਗਿਆ।

By admin

Related Post