ਪਿੱਛੋਂ ਸਾਈਡ ਮਾਰ ਕੇ ਫ਼ਰਾਰ ਹੋਇਆ ਅਣਪਛਾਤਾ ਵਾਹਨ ਚਾਲਕ; ਸਿਰ ਵਿੱਚ ਗੰਭੀਰ ਸੱਟ ਲੱਗਣ ਕਾਰਨ ਹੋਇਆ ਦਿਹਾਂਤ
ਹੁਸ਼ਿਆਰਪੁਰ/ਮੇਹਟਿਆਣਾ, 19 ਅਕਤੂਬਰ (ਤਰਸੇਮ ਦੀਵਾਨਾ) — ਉੱਘੇ ਪੱਤਰਕਾਰ ਜਗਤਾਰ ਸਿੰਘ ਭੂੰਗਰਨੀ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਭਤੀਜੇ ਪਰਮਿੰਦਰ ਸਿੰਘ ਉਰਫ਼ ਕਾਕਾ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਇਸ ਦੁਖਦਾਈ ਘਟਨਾ ਕਾਰਨ ਪਰਿਵਾਰ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਪਰਮਿੰਦਰ ਸਿੰਘ ਪੁੱਤਰ ਸਵਰਗੀ ਸ. ਸੰਸਾਰ ਸਿੰਘ ਭੂੰਗਰਨੀ ਦਾ ਸਪੁੱਤਰ ਸੀ। ਉਸ ਦੇ ਪਿਤਾ ਦਾ ਕਾਫ਼ੀ ਸਮਾਂ ਪਹਿਲਾਂ ਦਿਹਾਂਤ ਹੋ ਗਿਆ ਸੀ। ਪਿਤਾ ਦੇ ਸਾਏ ਤੋਂ ਵਾਂਝੇ ਹੋਣ ਦੇ ਬਾਵਜੂਦ ਉਸ ਦੀ ਮਾਤਾ ਕਸ਼ਮੀਰ ਕੌਰ ਨੇ ਬੜੀ ਮਿਹਨਤ ਅਤੇ ਲਗਨ ਨਾਲ ਉਸ ਨੂੰ ਪੜ੍ਹਾਇਆ-ਲਿਖਾਇਆ ਅਤੇ ਪਾਲਣ-ਪੋਸ਼ਣ ਕੀਤਾ। ਪਰਮਿੰਦਰ ਸਿੰਘ ਹੁਣ ਜੀ.ਐੱਨ.ਏ. ਫੈਕਟਰੀ ਵਿੱਚ ਕੰਮ ਕਰਦਾ ਸੀ।
ਜਾਣਕਾਰੀ ਮੁਤਾਬਕ, ਪਰਮਿੰਦਰ ਸਿੰਘ ਆਪਣੇ ਮੋਟਰਸਾਈਕਲ ’ਤੇ ਹੁਸ਼ਿਆਰਪੁਰ ਤੋਂ ਮੇਹਟਿਆਣਾ ਵੱਲ ਆ ਰਿਹਾ ਸੀ। ਇਸ ਦੌਰਾਨ ਰਸਤੇ ਵਿੱਚ ਪਿੱਛੋਂ ਆ ਰਹੇ ਕਿਸੇ ਅਣਪਛਾਤੇ ਵਾਹਨ ਨੇ ਉਸ ਦੇ ਮੋਟਰਸਾਈਕਲ ਨੂੰ ਸਾਈਡ ਮਾਰ ਦਿੱਤੀ ਅਤੇ ਵਾਹਨ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਇਸ ਕਾਰਨ ਪਰਮਿੰਦਰ ਸਿੰਘ ਸੜਕ ’ਤੇ ਡਿੱਗ ਪਿਆ ਅਤੇ ਉਸ ਦੇ ਸਿਰ ਵਿੱਚ ਗੰਭੀਰ ਸੱਟਾਂ ਲੱਗੀਆਂ। ਹਾਦਸੇ ਤੋਂ ਬਾਅਦ ਰਾਹਗੀਰਾਂ ਵੱਲੋਂ ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਪਰ ਉਹ ਜ਼ਖ਼ਮਾਂ ਦੀ ਤਾਬ ਨਾ ਸਹਾਰ ਸਕਿਆ ਅਤੇ ਉਸ ਦੀ ਮੌਤ ਹੋ ਗਈ। ਇਸ ਦੁਖਦਾਈ ਘਟਨਾ ਨਾਲ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।
ਉਧਰ, ਪੁਲਿਸ ਵੱਲੋਂ ਲੋੜੀਂਦੀ ਕਾਨੂੰਨੀ ਕਾਰਵਾਈ ਕਰਦਿਆਂ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਕਰਵਾਇਆ ਗਿਆ ਅਤੇ ਬਾਅਦ ਵਿੱਚ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ। ਹਾਦਸੇ ਲਈ ਜ਼ਿੰਮੇਵਾਰ ਅਣਪਛਾਤੇ ਵਾਹਨ ਚਾਲਕ ਸਬੰਧੀ ਅਗਲੀ ਕਾਰਵਾਈ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ।

