Breaking
Thu. May 21st, 2026

ਡਿਪਟੀ ਕਮਿਸ਼ਨਰ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਡਿਪਟੀ ਕਮਿਸ਼ਨਰ

ਭਾਰਤ ਚੋਣ ਕਮਿਸ਼ਨ ਦੀਆਂ ਐਸ.ਆਈ.ਆਰ. ਸਬੰਧੀ ਹਦਾਇਤਾਂ ਤੇ ਸਮਾਂ ਸਾਰਣੀ ਬਾਰੇ ਜਾਣੂ ਕਰਵਾਇਆ

25 ਜੂਨ ਤੋਂ 24 ਜੁਲਾਈ 2026 ਤੱਕ ਘਰ-ਘਰ ਜਾ ਕੇ ਫਾਰਮ ਭਰਵਾਉਣਗੇ ਬੀ.ਐਲ.ਓ.

ਜਲੰਧਰ 21 ਮਈ (ਜਸਵਿੰਦਰ ਸਿੰਘ ਆਜ਼ਾਦ)- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਵੱਲੋਂ ਅੱਜ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਵਿੱਚ ਸ਼ੁਰੂ ਕੀਤੀ ਜਾ ਰਹੀ ਵੋਟਰ ਸੂਚੀਆਂ ਦੀ ਸਪੈਸ਼ਲ ਇਨਟੈਂਸਿਵ ਰਵੀਜ਼ਨ (ਐਸ.ਆਈ.ਆਰ.) ਸਬੰਧੀ ਹਦਾਇਤਾਂ ਅਤੇ ਸਮਾਂ ਸਾਰਣੀ ਬਾਰੇ ਜਾਣਕਾਰੀ ਦਿੱਤੀ ਗਈ।

ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਤਹਿਤ ਬੂਥ ਲੈਵਲ ਅਫ਼ਸਰ 25 ਜੂਨ ਤੋਂ 24 ਜੁਲਾਈ 2026 ਤੱਕ ਘਰ-ਘਰ ਜਾ ਕੇ ਫਾਰਮ ਭਰਵਾਉਣਗੇ। ਉਨ੍ਹਾਂ ਦੱਸਿਆ ਕਿ ਡ੍ਰਾਫਟ ਵੋਟਰ ਸੂਚੀ ਦੀ ਪ੍ਰਕਾਸ਼ਨਾ 31 ਜੁਲਾਈ 2026 ਨੂੰ ਹੋਵੇਗੀ ਅਤੇ ਦਾਅਵੇ ਤੇ ਇਤਰਾਜ਼ 31 ਜੁਲਾਈ ਤੋਂ 30 ਅਗਸਤ 2026 ਤੱਕ ਪ੍ਰਾਪਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਦਾਅਵੇ ਅਤੇ ਇਤਰਾਜ਼ਾਂ ਦਾ ਨਿਪਟਾਰਾ 28 ਸਤੰਬਰ 2026 ਤੱਕ ਕੀਤਾ ਜਾਵੇਗਾ ਅਤੇ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 1 ਅਕਤੂਬਰ 2026 ਨੂੰ ਹੋਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ ਅਤੇ ਚੋਣ ਤਹਿਸੀਲਦਾਰ ਸੁਖਦੇਵ ਸਿੰਘ ਵੀ ਮੌਜੂਦ ਸਨ।

ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦਾ ਚੋਣ ਅਮਲਾ ਤਾਇਨਾਤ ਕੀਤਾ ਗਿਆ ਹੈ

ਸ਼੍ਰੀ ਵਾਲੀਆ ਨੇ ਦੱਸਿਆ ਕਿ ਐਸ.ਆਈ.ਆਰ. ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹੇ ਵਿੱਚ 1926 ਬੀ.ਐਲ.ਓਜ਼, 189 ਸੁਪਰਵਾਈਜ਼ਰ, 9 ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਅਤੇ 5 ਵਧੀਕ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਸਮੇਤ ਲੋੜੀਂਦਾ ਚੋਣ ਅਮਲਾ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਾਰੀ ਪ੍ਰਕਿਰਿਆ ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਤਹਿਤ ਪੂਰੇ ਪਾਰਦਰਸ਼ੀ ਢੰਗ, ਨਿਰਪੱਖਤਾ ਅਤੇ ਨਿਰਧਾਰਤ ਨਿਯਮਾਂ ਅਨੁਸਾਰ ਮੁਕੰਮਲ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਬੀ.ਐਲ.ਓਜ਼ ਦੀ ਸਿਖ਼ਲਾਈ ਅਤੇ ਹੋਰ ਤਿਆਰੀਆਂ 15 ਜੂਨ ਤੋਂ 24 ਜੂਨ 2026 ਵਿਚਕਾਰ ਮੁਕੰਮਲ ਕੀਤੀਆਂ ਜਾਣਗੀਆਂ ਅਤੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜ਼ੇਸ਼ਨ 24 ਜੁਲਾਈ, 2026 ਤੱਕ ਪੂਰੀ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਪੋਲਿੰਗ ਸਟੇਸ਼ਨ ਲਈ ਵੱਧ ਤੋਂ ਵੱਧ 1200 ਵੋਟਰਾਂ ਦੀ ਹੱਦ ਨਿਰਧਾਰਤ ਕੀਤੀ ਗਈ ਹੈ ਅਤੇ ਰੈਸ਼ਨੇਲਾਈਜ਼ੇਸ਼ਨ ਦੌਰਾਨ ਇਹ ਯਕੀਨੀ ਬਣਾਇਆ ਜਾਵੇਗਾ ਕਿ ਕਿਸੇ ਵੀ ਪੋਲਿੰਗ ਸਟੇਸ਼ਨ ‘ਤੇ ਵੋਟਰਾਂ ਦੀ ਗਿਣਤੀ 1200 ਤੋਂ ਵੱਧ ਨਾ ਹੋਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸੇ ਰਾਜਸੀ ਪਾਰਟੀ ਦੇ ਸੁਝਾਅ ਹਨ ਤਾਂ ਜ਼ਿਲ੍ਹਾ ਚੋਣ ਅਫ਼ਸਰ ਜਾਂ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਵੀ ਯਕੀਨੀ ਬਣਾਇਆ ਜਾਵੇਗਾ ਕਿ ਕਿਸੇ ਵੀ ਵੋਟਰ ਨੂੰ ਪੋਲਿੰਗ ਸਟੇਸ਼ਨ ’ਤੇ ਪਹੁੰਚਣ ਲਈ 2 ਕਿਲੋਮੀਟਰ ਤੋਂ ਵੱਧ ਦਾ ਫਾਸਲਾ ਨਾ ਤੈਅ ਕਰਨਾ ਪਵੇ।

ਸਪੈਸ਼ਲ ਇੰਨਟੈਸਿਵ ਰਿਵੀਜ਼ਨ ਦਾ ਉਦੇਸ਼ ਜ਼ਿਲ੍ਹੇ ਦੇ ਹਰੇਕ ਯੋਗ ਨਾਗਰਿਕ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ

ਉਨ੍ਹਾਂ ਕਿਹਾ ਕਿ ਸਪੈਸ਼ਲ ਇੰਨਟੈਸਿਵ ਰਿਵੀਜ਼ਨ ਦਾ ਉਦੇਸ਼ ਜ਼ਿਲ੍ਹੇ ਦੇ ਹਰੇਕ ਯੋਗ ਨਾਗਰਿਕ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਅਤੇ ਅਯੋਗ ਵਿਅਕਤੀਆਂ ਦੇ ਨਾਮ ਵੋਟਰ ਸੂਚੀ ਵਿੱਚੋਂ ਹਟਾਉਣਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਐਸ.ਆਈ.ਆਰ. ਤਹਿਤ ਸਾਰੇ ਵੋਟਰਾਂ ਲਈ ਬੀ.ਐਲ.ਓ. ਵਲੋਂ ਦਿੱਤੇ ਜਾਣ ਵਾਲੇ ਫਾਰਮ ਨੂੰ ਭਰਨਾ ਜ਼ਰੂਰੀ ਹੋਵੇਗਾ।

ਜ਼ਿਲ੍ਹਾ ਚੋਣ ਅਫ਼ਸਰ ਨੇ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਨੂੰ ਸੁਚਾਰੂ ਢੰਗ ਨਾਲ ਸਿਰੇ ਚਾੜ੍ਹਨ ਲਈ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਰਾਜਸੀ ਪਾਰਟੀਆਂ ਨੂੰ ਬੂਥ ਲੈਵਲ ਏਜੰਟ (ਬੀ.ਐਲ.ਏ.) ਦੀਆਂ ਨਿਯੁਕਤੀਆਂ ਜਲਦ ਤੋਂ ਜਲਦ ਮੁਕੰਮਲ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਬੀ.ਐਲ.ਏ. ਦੀ ਮੌਜੂਦਗੀ ਨਾਲ ਐਸ.ਆਈ.ਆਰ. ਦੀ ਪ੍ਰਕਿਰਿਆ ਹੋਰ ਵਧੇਰੇ ਭਰੋਸੇਯੋਗ ਅਤੇ ਪਾਰਦਰਸ਼ੀ ਬਣੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ ਬੀ.ਐਲ.ਏਜ਼ ਦੀ 4 ਤੋਂ 14 ਜੂਨ 2026 ਤੱਕ ਟ੍ਰੇਨਿੰਗ ਵੀ ਕਰਵਾਈ ਜਾਵੇਗੀ।

ਵਧੇਰੇ ਜਾਣਕਾਰੀ ਲਈ ਵੋਟਰ ਹੈਲਪਲਾਈਨ ਟੋਲ ਫ੍ਰੀ ਨੰਬਰ 1950 ’ਤੇ ਸੰਪਰਕ ਕੀਤਾ ਜਾ ਸਕਦਾ ਹੈ। 2003 ਦੀ ਵੋਟਰ ਸੂਚੀ ਦੀ ਡਿਟੇਲ ਭਾਰਤ ਚੋਣ ਕਮਿਸ਼ਨ ਦੇ ਵੈਬ ਪੋਰਟਲ http://voters.eci.gov.in ’ਤੇ ਦੇਖੀ ਜਾ ਸਕਦੀ ਹੈ।

ਮੀਟਿੰਗ ਵਿੱਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ।

By admin

Related Post