ਕਿਹਾ, ਕੋਚਿੰਗ ਮੁਹੱਈਆ ਕਰਵਾਉਣ ਦਾ ਉਦੇਸ਼ ਨੌਜਵਾਨਾਂ ਨੂੰ ਪੀ.ਸੀ.ਐਸ. ਪ੍ਰੀਖਿਆ ਲਈ ਬਿਹਤਰ ਢੰਗ ਨਾਲ ਤਿਆਰ ਕਰਨਾ
ਵਿਦਿਆਰਥੀਆਂ ਨਾਲ ਤਿਆਰੀ ਸਬੰਧੀ ਜ਼ਰੂਰੀ ਨੁਕਤੇ ਵੀ ਕੀਤੇ ਸਾਂਝੇ
ਜਲੰਧਰ 18 ਮਾਰਚ (ਜਸਵਿੰਦਰ ਸਿੰਘ ਆਜ਼ਾਦ)- ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪੰਜਾਬ ਸਿਵਲ ਸਰਵਿਸਿਜ਼ (ਪੀ.ਸੀ.ਐਸ.) ਪ੍ਰੀਖਿਆ-2025 ਦੀ ਤਿਆਰੀ ਲਈ ਮੁਫ਼ਤ ਕੋਚਿੰਗ ਕਲਾਸਾਂ ਦੀ ਸ਼ੁਰੂਆਤ ਕਰਵਾਈ ਗਈ। ਮੁਫ਼ਤ ਕੋਚਿੰਗ ਲਈ ਲੜਕੇ-ਲੜਕੀਆਂ ਦੇ 2 ਵੱਖ-ਵੱਖ ਬੈਚ ਚਲਾਏ ਜਾਣਗੇ।
ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦਾ ਇਹ ਉਪਰਾਲਾ ਉਨ੍ਹਾਂ ਨੌਜਵਾਨ ਲੜਕੇ-ਲੜਕੀਆਂ ਲਈ ਅਹਿਮ ਪਹਿਲਕਦਮੀ ਹੈ, ਜੋ ਸਿਵਲ ਸਰਵਿਸਿਜ਼ ਵਿੱਚ ਜਾਣ ਦੀ ਇੱਛਾ ਰੱਖਦੇ ਹਨ। ਉਨ੍ਹਾਂ ਕਿਹਾ ਕਿ ਕੋਚਿੰਗ ਮੁਹੱਈਆ ਕਰਵਾਉਣ ਦਾ ਉਦੇਸ਼ ਚਾਹਵਾਨ ਨੌਜਵਾਨਾਂ ਨੂੰ ਪੀ.ਸੀ.ਐਸ. ਪ੍ਰੀਖਿਆ ਲਈ ਬਿਹਤਰ ਢੰਗ ਨਾਲ ਤਿਆਰ ਕਰਨਾ ਹੈ ਤਾਂ ਜੋ ਉਹ ਆਪਣਾ ਸਿਵਲ ਸਰਵਿਸਿਜ਼ ਵਿੱਚ ਜਾਣ ਦਾ ਸੁਪਨਾ ਸਾਕਾਰ ਕਰ ਸਕਣ।
ਡਾ. ਅਗਰਵਾਲ ਨੇ ਕੋਚਿੰਗ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨਾਲ ਆਪਣੇ ਆਈ.ਏ.ਐਸ. ਪ੍ਰੀਖਿਆ ਦੀ ਤਿਆਰੀ ਸਮੇਂ ਦੇ ਨਿਜੀ ਤਜ਼ੁਰਬੇ ਵੀ ਸਾਂਝੇ ਕੀਤੇ ਅਤੇ ਤਿਆਰੀ ਸਬੰਧੀ ਕੁਝ ਜ਼ਰੂਰੀ ਨੁਕਤੇ ਵੀ ਦੱਸੇ। ਉਨ੍ਹਾਂ ਵਿਦਿਆਰਥੀਆਂ ਦੇ ਪ੍ਰੀਖਿਆ ਸਬੰਧੀ ਸ਼ੰਕੇ ਦੂਰ ਕਰਦਿਆਂ ਉਨ੍ਹਾਂ ਨੂੰ ਢੁੱਕਵੇਂ ਹੱਲ ਵੀ ਸੁਝਾਏ। ਉਨ੍ਹਾਂ ਵਿਦਿਆਰਥੀਆਂ ਨੂੰ ਕਿਤਾਬਾਂ ਤੇ ਕੋਚਿੰਗ ਤੋਂ ਉੱਪਰ ਉੱਠ ਕੇ ਆਪਣੇ ਵਿਜ਼ਨ ਨੂੰ ਹੋਰ ਵਿਸ਼ਾਲ ਕਰਨ ਅਤੇ ਪ੍ਰੀਖਿਆ ਦੀ ਤਿਆਰੀ ਲਈ ਸੋਸ਼ਲ ਮੀਡੀਆ ਦੀ ਸੁਯੋਗ ਵਰਤੋਂ ਕਰਨ ਦੀ ਸਲਾਹ ਵੀ ਦਿੱਤੀ।
ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਵਿਸ਼ਾ ਮਾਹਰਾਂ ਵੱਲੋਂ ਉਚ ਕੋਟੀ ਦੀ ਕੋਚਿੰਗ ਮੁਹੱਈਆ ਕਰਵਾਉਣ ਤੋਂ ਇਲਾਵਾ ਤਿਆਰੀ ਸਬੰਧੀ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੋਚਿੰਗ ਦੌਰਾਨ ਵਿਦਿਆਰਥੀਆਂ ਨੂੰ ਜ਼ਿਲ੍ਹੇ ਵਿੱਚ ਤਾਇਨਾਤ ਆਈ.ਏ.ਐਸ./ਪੀ.ਸੀ.ਐਸ. ਅਧਿਕਾਰੀਆਂ ਦੇ ਰੁ-ਬਰੂ ਕਰਵਾਇਆ ਜਾਵੇਗਾ, ਜਿਸ ਨਾਲ ਉਨ੍ਹਾਂ ਨੂੰ ਆਪਣੇ ਟੀਚੇ ਦੀ ਪ੍ਰਾਪਤੀ ਲਈ ਉਹ ਹੋਰ ਲਗਨ ਨਾਲ ਤਿਆਰੀ ਕਰਨ ਦੀ ਪ੍ਰੇਰਨਾ ਮਿਲੇਗੀ।
ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਸਖ਼ਤ ਮਿਹਨਤ ਨਾਲ ਉਹ ਆਪਣਾ ਸਿਵਲ ਸਰਵਿਸਿਜ਼ ਵਿੱਚ ਜਾਣ ਦਾ ਸੁਪਨਾ ਪੂਰਾ ਕਰ ਸਕਦੇ ਹਨ। ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਉਣ ਵਾਲੇ ਸਮੇਂ ਵਿੱਚ ਵੀ ਨੌਜਵਾਨਾਂ ਦੀ ਭਲਾਈ ਲਈ ਅਜਿਹੇ ਉਪਰਾਲੇ ਜਾਰੀ ਰਹਿਣਗੇ।
ਇਸ ਮੌਕੇ ਜ਼ਿਲ੍ਹਾ ਰੋਜ਼ਗਾਰ ਉੱਤਪਤੀ, ਹਨਰ ਵਿਕਾਸ ਅਤੇ ਸਿਖ਼ਲਾਈ ਬਿਊਰੋ ਦੇ ਡਿਪਟੀ ਡਾਇਰੈਕਟਰ ਨੀਲਮ ਮਹੇ, ਜ਼ਿਲ੍ਹਾ ਰੋਜ਼ਗਾਰ ਉੱਤਪਤੀ, ਹਨਰ ਵਿਕਾਸ ਅਤੇ ਸਿਖ਼ਲਾਈ ਅਫ਼ਸਰ ਨਰੇਸ਼ ਕੁਮਾਰ ਅਤੇ ਬਿਊਰੋ ਦਾ ਸਟਾਫ਼ ਵੀ ਮੌਜੂਦ ਸੀ।