ਸੁਚਾਰੂ ਖ਼ਰੀਦ ਪ੍ਰਕਿਰਿਆ ਯਕੀਨੀ ਬਣਾਉਣ ਲਈ ਐਸ.ਡੀ.ਐਮਜ਼ ਤੇ ਸੀਨੀਅਰ ਅਧਿਕਾਰੀਆਂ ਨੂੰ ਮੰਡੀਆਂ ਦੇ ਦੌਰੇ ਕਰਨ ਦੀਆਂ ਹਦਾਇਤਾਂ
ਕਿਸਾਨਾਂ ਨੂੰ ਮੰਡੀਆਂ ’ਚ ਸੁੱਕਾ ਝੋਨਾ ਲੈ ਕੇ ਆਉਣ ਦੀ ਕੀਤੀ ਅਪੀਲ
ਕੰਬਾਈਨਾਂ ਨਾਲ ਝੋਨੋ ਦੀ ਕਟਾਈ ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਹੀ ਕਰਨ ਦੀ ਆਗਿਆ
ਜਲੰਧਰ 24 ਸਤੰਬਰ (ਜਸਵਿੰਦਰ ਸਿੰਘ ਆਜ਼ਾਦ)- ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਮੰਡੀਆਂ ਦੇ ਦੌਰੇ ਕਰਨ ਦੀ ਹਦਾਇਤ ਕੀਤੀ ਤਾਂ ਜੋ ਖ਼ਰੀਦ ਕਾਰਜਾਂ ਨੂੰ ਨਿਰਵਿਘਨ ਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।
ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼, ਜ਼ਿਲ੍ਹਾ ਮੰਡੀ ਬੋਰਡ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਸੁਚਾਰੂ ਖ਼ਰੀਦ ਯਕੀਨੀ ਬਣਾਉਣ ਲਈ ਐਸ.ਡੀ.ਐਮਜ਼, ਜ਼ਿਲ੍ਹਾ ਮੰਡੀ ਬੋਰਡ ਅਤੇ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੇ ਅਧਿਕਾਰੀਆਂ ਨੂੰ ਆਪੋ-ਆਪਣੇ ਅਧਿਕਾਰ ਖੇਤਰ ਅਧੀਨ ਆਉਂਦੀਆਂ ਮੰਡੀਆਂ ਦਾ ਨਿਯਮਿਤ ਤੌਰ ’ਤੇ ਜਾਇਜ਼ਾ ਲੈਣ ਲਈ ਕਿਹਾ ਤਾਂ ਜੋ ਝੋਨੇ ਦੀ ਵਿਕਰੀ ਵਿੱਚ ਜੇਕਰ ਕਿਤੇ ਕੋਈ ਦਿੱਕਤ ਆਉਂਦੀ ਹੈ ਤਾਂ ਉਸਨੂੰ ਤੁਰੰਤ ਹੱਲ ਕੀਤਾ ਜਾ ਸਕੇ।
ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦ ਕਰਨ ਦੀ ਵਚਨਬੱਧਤਾ ਦਹੁਰਾਉਂਦਿਆਂ ਡਾ. ਅਗਰਵਾਲ ਨੇ ਕਿਹਾ ਕਿ ਪ੍ਰਸ਼ਾਸਨ ਵਲੋਂ ਝੋਨੇ ਦੀ ਸੁਚੱਜੀ ਤੇ ਨਿਰਵਿਘਨ ਖ਼ਰੀਦ ਯਕੀਨੀ ਬਣਾਈ ਜਾਵੇਗੀ।
ਫ਼ਸਲ ਦੀ ਨਾਲੋ-ਨਾਲ ਚੁਕਾਈ ਅਤੇ ਨਿਰਧਾਰਿਤ ਸਮੇਂ ਦੇ ਅੰਦਰ ਅਦਾਇਗੀ ਯਕੀਨੀ ਬਣਾਈ ਜਾਵੇ
ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖ਼ਰੀਦ ਕੀਤੀ ਗਈ ਫ਼ਸਲ ਦੀ ਨਾਲੋ-ਨਾਲ ਚੁਕਾਈ ਅਤੇ ਨਿਰਧਾਰਿਤ ਸਮੇਂ ਦੇ ਅੰਦਰ ਅਦਾਇਗੀ ਯਕੀਨੀ ਬਣਾਈ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ, ਮਜ਼ਦੂਰਾਂ ਅਤੇ ਹੋਰਨਾਂ ਲਈ ਪੀਣ ਵਾਲੇ ਸਾਫ਼ ਪਾਣੀ, ਬੈਠਣ ਲਈ ਢੁੱਕਵੇਂ ਪ੍ਰਬੰਧ, ਬਿਜਲੀ, ਸ਼ੈੱਡ, ਪਖਾਨਿਆਂ ਆਦਿ ਸਮੇਤ ਹੋਰ ਸਹੂਲਤਾਂ ਪੱਖੋਂ ਕੋਈ ਕਮੀ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਫ਼ਸਲ ਵਿੱਚ ਨਮੀ ਸਬੰਧੀ ਨਿਰਧਾਰਿਤ ਮਾਪਦੰਡਾਂ ਅਨੁਸਾਰ ਝੋਨਾ ਪੂਰੀ ਤਰ੍ਹਾਂ ਸੁਕਾ ਹੀ ਮੰਡੀਆਂ ਵਿੱਚ ਲਿਆਂਦਾ ਜਾਵੇ ਤਾਂ ਜੋ ਫ਼ਸਲ ਦੀ ਖ਼ਰੀਦ ਨਿਰਵਿਘਨ ਢੰਗ ਨਾਲ ਹੋ ਸਕੇ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਕੰਬਾਈਨਾਂ ਨਾਲ ਝੋਨੇ ਦੀ ਕਟਾਈ ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਹੀ ਕਰਵਾਈ ਜਾਵੇ ਅਤੇ ਕਟਾਈ ਸਮੇਂ ਕੰਬਾਈਨ ‘ਤੇ ਸੁਪਰ ਐਸ.ਐਮ.ਐਸ. ਦੀ ਵਰਤੋਂ ਕੀਤੀ ਜਾਣੀ ਚਾਹੀਦੀ ਹੈ।
ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਜਾਣੂ ਕਰਵਾਉਣ ਦੇ ਨਾਲ-ਨਾਲ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਉਤਸ਼ਾਹਿਤ ਕੀਤਾ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਪਿਛਲੀ ਵਾਰ ਜਿਨ੍ਹਾਂ ਪਿੰਡਾਂ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੇ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ, ਉੱਥੇ ਵਿਸ਼ੇਸ਼ ਤਵਜੋਂ ਦਿੱਤੀ ਜਾਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ, ਡੀ.ਐਫ.ਐਸ.ਸੀ. ਹਰਵੀਨ ਕੌਰ, ਜ਼ਿਲ੍ਹਾ ਮੰਡੀ ਅਫ਼ਸਰ ਅਰਵਿੰਦਰ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।