ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਲਹਿਰਾਉਣਗੇ ਰਾਸ਼ਟਰੀ ਝੰਡਾ
ਡਿਪਟੀ ਕਮਿਸ਼ਨਰ ਨੇ ਜਲੰਧਰ ਵਾਸੀਆਂ ਨੂੰ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ‘ਚ ਵੱਧ-ਚੜ੍ਹ ਕੇ ਪਹੁੰਚਣ ਦਾ ਦਿੱਤਾ ਸੱਦਾ
ਜਲੰਧਰ 22 ਜਨਵਰੀ (ਜਸਵਿੰਦਰ ਸਿੰਘ ਆਜ਼ਾਦ)- ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਚੱਲ ਰਹੀ ਰਿਹਰਸਲ ਦਾ ਜਾਇਜ਼ਾ ਲਿਆ।
ਡਿਪਟੀ ਕਮਿਸ਼ਨਰ ਨੇ ਇਸ ਮੌਕੇ ਸਮਾਗਮ ਵਿੱਚ ਭਾਗ ਲੈਣ ਵਾਲੇ ਵੱਖ-ਵੱਖ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਜਾਣ ਵਾਲੇ ਦੇਸ਼ ਭਗਤੀ ਦੀ ਭਾਵਨਾ ‘ਤੇ ਆਧਾਰਿਤ ਸੱਭਿਆਚਾਰਕ ਪ੍ਰੋਗਰਾਮ ਦੀ ਰਿਹਰਸਲ ਨੂੰ ਗਹੁ ਨਾਲ ਵਾਚਿਆ ਅਤੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਵਿਦਿਆਰਥੀਆਂ ਨੂੰ ਪੂਰੀ ਊਰਜਾ, ਅਨੁਸ਼ਾਸਨ ਅਤੇ ਆਤਮ ਵਿਸ਼ਵਾਸ ਨਾਲ ਆਪਣੀਆਂ ਪੇਸ਼ਕਾਰੀਆਂ ਦੇਣ ਲਈ ਉਤਸ਼ਾਹਿਤ ਕੀਤਾ ਤਾਂ ਜੋ ਸਮਾਗਮ ਨੂੰ ਯਾਦਗਾਰੀ ਬਣਾਇਆ ਜਾ ਸਕੇ।
ਡਾ. ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਮਾਈਨਜ਼ ਤੇ ਜਿਆਲੋਜੀ, ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਵੱਖ-ਵੱਖ ਟੁਕੜੀਆਂ ਵੱਲੋਂ ਮਾਰਚ ਪਾਸਟ ਕੀਤਾ ਜਾਵੇਗਾ। ਜਦਕਿ ਵੱਖ-ਵੱਖ ਵਿਭਾਗਾਂ ਵੱਲੋਂ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਦਰਸਾਉਂਦੀਆਂ ਝਾਕੀਆਂ ਕੱਢੀਆਂ ਜਾਣਗੀਆਂ। ਇਸ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਮਾਸ ਪੀ.ਟੀ. ਸ਼ੋਅ ਤੋਂ ਇਲਾਵਾ ਦੇਸ਼ ਭਗਤੀ ਦੀ ਭਾਵਨਾ ਨਾਲ ਭਰਪੂਰ ਸੱਭਿਆਚਾਰਕ ਸਮਾਗਮ ਪੇਸ਼ ਕੀਤਾ ਜਾਵੇਗਾ।
ਸਮਾਗਮ ਦੌਰਾਨ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ਦਾ ਸਨਮਾਨ ਕੀਤਾ ਜਾਵੇਗਾ
ਡਾ. ਅਗਰਵਾਲ ਨੇ ਦੱਸਿਆ ਕਿ ਸਮਾਗਮ ਦੌਰਾਨ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ਦਾ ਸਨਮਾਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਸ਼ਾਨਦਾਰ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ/ਕਰਮਚਾਰੀਆਂ ਅਤੇ ਵੱਖ-ਵੱਖ ਖੇਤਰਾਂ ਵਿੱਚ ਨਾਮ ਰੌਸ਼ਨ ਕਰਨ ਵਾਲੀਆਂ ਹਸਤੀਆਂ ਨੂੰ ਸਨਮਾਨਿਤ ਕਰਨ ਦੇ ਨਾਲ-ਨਾਲ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸਰਬਉੱਤਮ ਸੱਭਿਆਚਾਰਕ ਪੇਸ਼ਕਾਰੀ ਅਤੇ ਸਰਬਉੱਤਮ ਝਾਕੀ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ।
ਡਾ. ਅਗਰਵਾਲ ਨੇ ਕਿਹਾ ਕਿ ਗਣਤੰਤਰ ਦਿਵਸ ਸਾਡਾ ਰਾਸ਼ਟਰੀ ਤਿਉਹਾਰ ਹੈ, ਜਿਸ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦੇਸ਼ ਭਗਤੀ ਦੀ ਭਾਵਨਾ, ਉੱਚ ਮਿਆਰਾਂ ਅਤੇ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ, ਜਿਸ ਦੇ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਪਹਿਲਾਂ ਹੀ ਲਗਾਈਆਂ ਜਾ ਚੁੱਕੀਆਂ ਹਨ।
ਡਿਪਟੀ ਕਮਿਸ਼ਨਰ ਨੇ ਜਲੰਧਰ ਵਾਸੀਆਂ ਨੂੰ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਪਹੁੰਚਣ ਦਾ ਸੱਦਾ ਵੀ ਦਿੱਤਾ।

