ਹੁਸ਼ਿਆਰਪੁਰ, 10 ਜੂਨ (ਤਰਸੇਮ ਦੀਵਾਨਾ)- ਹੁਸ਼ਿਆਰਪੁਰ ਤੋਂ ਮੈਂਬਰ ਪਾਰਲਿਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਅੱਜ ਲੁਧਿਆਣਾ ਵੈਸਟ ਵਿਧਾਨ ਸਭਾ ਹਲਕੇ ਦੇ ਜੇ ਬਲਾਕ ਮਾਰਕੀਟ ਵਿੱਚ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਦੇ ਹੱਕ ਵਿੱਚ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ। ਇਸ ਦੌਰਾਨ ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੋੜਾਮਾਜਰਾ ਵੀ ਉਨ੍ਹਾਂ ਦੇ ਨਾਲ ਹਾਜ਼ਰ ਰਹੇ।
ਆਮ ਆਦਮੀ ਪਾਰਟੀ ਦੇ ਦੋਵੇਂ ਆਗੂਆਂ ਨੇ ਇਲਾਕੇ ਦੇ ਦੁਕਾਨਦਾਰਾਂ ਅਤੇ ਰਹਿਣ ਵਾਲਿਆਂ ਨਾਲ ਰਾਬਤਾ ਕਰਦੇ ਹੋਏ ਕੇਂਦਰ ਸਰਕਾਰ ਦੀਆਂ ਜਨਵਿਰੋਧੀ ਨੀਤੀਆਂ ਬਾਰੇ ਚਰਚਾ ਕੀਤੀ ਅਤੇ ਪੰਜਾਬ ਸਰਕਾਰ ਦੀਆਂ ਉਪਲਬਧੀਆਂ ਬਾਰੇ ਜਾਣੂ ਕਰਵਾਇਆ।
ਡਾ. ਚੱਬੇਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਸਿੱਖਿਆ, ਸਿਹਤ ਅਤੇ ਰੋਜ਼ਗਾਰ ਦੇ ਖੇਤਰ ਵਿੱਚ ਇਤਿਹਾਸਿਕ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਰਾਜ ਵਿਚ ਵਿਕਾਸ ਦੀ ਗਤੀ ਤੇਜ਼ ਹੋਈ ਹੈ ਅਤੇ ਹਰ ਵਰਗ ਨੂੰ ਰਾਹਤ ਮਿਲ ਰਹੀ ਹੈ।
ਚੇਤਨ ਸਿੰਘ ਜੋੜਾਮਾਜਰਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਝੂਠੇ ਵਾਅਦਿਆਂ ਅਤੇ ਭਰਮ ਪੈਦਾ ਕਰਨ ਵਾਲਿਆਂ ਤੋਂ ਸਾਵਧਾਨ ਰਹਿਣ ਅਤੇ ਆਮ ਆਦਮੀ ਪਾਰਟੀ ਨੂੰ ਮਜ਼ਬੂਤ ਬਣਾਉਣ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਜਨਤਕ ਹਿੱਤ ਵਿੱਚ ਹਨ ਅਤੇ ਇਸੇ ਭਰੋਸੇ ਨਾਲ ਉਹ ਲੋਕਾਂ ਵਿਚਕਾਰ ਜਾ ਰਹੇ ਹਨ।
ਇਸ ਮੌਕੇ ਤੇ ਆਮ ਆਦਮੀ ਪਾਰਟੀ ਦੇ ਵੱਡੀ ਗਿਣਤੀ ਵਿੱਚ ਵਰਕਰ ਅਤੇ ਸਮਰਥਕ ਵੀ ਮੌਜੂਦ ਸਨ। ਸਥਾਨਕ ਲੋਕਾਂ ਨੇ ਆਗੂਆਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਅਤੇ ਕਈ ਮੁੱਦਿਆਂ ਬਾਰੇ ਆਪਣੀਆਂ ਸਮੱਸਿਆਵਾਂ ਵੀ ਸਾਂਝੀਆਂ ਕੀਤੀਆਂ।