-ਵਿਧਾਇਕ ਚੱਬੇਵਾਲ ਦੀ ਅਗਵਾਈ ਹੇਠ ਵਿਸ਼ੇਸ਼ ਜਾਗਰੂਕਤਾ ਮੀਟਿੰਗ ਤੇ ਫਲੈਗ ਮਾਰਚ
ਹੁਸ਼ਿਆਰਪੁਰ, 29 ਮਈ (ਤਰਸੇਮ ਦੀਵਾਨਾ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਰਾਜ ਪੱਧਰੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ‘ ਦੇ ਤਹਿਤ ਅੱਜ ਚੱਬੇਵਾਲ ਵਿਧਾਨ ਸਭਾ ਹਲਕੇ ਵਿੱਚ ਵਿਸ਼ੇਸ਼ ਜਾਗਰੂਕਤਾ ਮੀਟਿੰਗ ਅਤੇ ਫਲੈਗ ਮਾਰਚ ਦਾ ਆਯੋਜਨ ਕੀਤਾ ਗਿਆ। ਇਸ ਮਹੱਤਵਪੂਰਨ ਸਮਾਗਮ ਦੀ ਅਗਵਾਈ ਚੱਬੇਵਾਲ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਕੀਤੀ। ਇਸ ਮੌਕੇ ਉਨ੍ਹਾਂ ਨਾਲ ਐਸ.ਪੀ ਮੇਜਰ ਸਿੰਘ, ਡੀ.ਐਸ.ਪੀ ਮਨਪ੍ਰੀਤ ਸ਼ੀਮਰ ਅਤੇ ਡਾ.ਪੰਕਜ ਸ਼ਿਵ ਵੀ ਮੌਜੂਦ ਸਨ। ਇਸ ਮੌਕੇ ਇਲਾਕਾ ਨਿਵਾਸੀਆਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਉਨ੍ਹਾਂ ਨੂੰ ਇਸ ਮੁਹਿੰਮ ਵਿਚ ਸਰਗਰਮੀ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ। ਮੀਟਿੰਗ ਦੌਰਾਨ ਵਿਧਾਇਕ ਨੇ ਕਿਹਾ ਕਿ ਨਸ਼ਾ ਸਿਰਫ਼ ਵਿਅਕਤੀ ਨੂੰ ਹੀ ਨਹੀਂ ਸਗੋਂ ਪੂਰੇ ਪਰਿਵਾਰ ਅਤੇ ਸਮਾਜ ਨੂੰ ਪ੍ਰਭਾਵਿਤ ਕਰਦਾ ਹੈ। ਇਸ ਲਈ, ਇਸ ਤੋਂ ਬਚਾਅ ਅਤੇ ਰੋਕਥਾਮ ਲਈ ਹਰੇਕ ਨਾਗਰਿਕ ਨੂੰ ਜਾਗਰੂਕ ਅਤੇ ਜ਼ਿੰਮੇਵਾਰ ਬਣਨਾ ਪਵੇਗਾ।
ਵਿਧਾਇਕ ਡਾ. ਈਸ਼ਾਨ ਕੁਮਾਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨਸ਼ੇ ਦੀ ਦੁਰਵਰਤੋਂ ਨੂੰ ਖ਼ਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਆਪਣੇ ਇਲਾਕੇ ਵਿੱਚ ਨਸ਼ੇ ਦੀ ਵਿਕਰੀ ਜਾਂ ਖਪਤ ਬਾਰੇ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਹ ਬਿਨਾਂ ਕਿਸੇ ਡਰ ਦੇ ਪੁਲਿਸ ਨੂੰ ਸੂਚਿਤ ਕਰਨ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।
ਇਸ ਦੌਰਾਨ ਚੱਬੇਵਾਲ ਵਿੱਚ ਪੁਲਿਸ ਵੱਲੋਂ ਫਲੈਗ ਮਾਰਚ ਵੀ ਕੱਢਿਆ ਗਿਆ, ਜਿਸ ਨਾਲ ਆਮ ਲੋਕਾਂ ਨੂੰ ਇੱਕ ਸਕਾਰਾਤਮਕ ਸੁਨੇਹਾ ਗਿਆ ਕਿ ਪ੍ਰਸ਼ਾਸਨ ਨਸ਼ਿਆਂ ਵਿਰੁੱਧ ਪੂਰੀ ਤਾਕਤ ਨਾਲ ਖੜ੍ਹਾ ਹੈ। ਪੁਲਿਸ ਫੋਰਸ ਤੋਂ ਇਲਾਵਾ ਆਮ ਲੋਕਾਂ ਨੇ ਵੀ ਮਾਰਚ ਵਿਚ ਉਤਸ਼ਾਹ ਨਾਲ ਹਿੱਸਾ ਲਿਆ।