Breaking
Fri. Nov 20th, 2026

ਅਧਿਆਪਕਾਂ ਨੂੰ ਗੈਰ-ਵਿੱਦਿਅਕ ਕੰਮਾਂ ਵਿੱਚ ਉਲਝਾਉਣਾ ਪੰਜਾਬ ਦੀ ਸਿੱਖਿਆ ਪ੍ਰਣਾਲੀ ਨਾਲ ਵੱਡਾ ਖਿਲਵਾੜ : ਐਡਵੋਕੇਟ ਪੁਨੀਤਇੰਦਰ ਸਿੰਘ ਕੰਗ

ਅਧਿਆਪਕਾਂ

ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਦੂਰ ਕਰਨ ਦੀ ਬਜਾਏ ਉਨ੍ਹਾਂ ’ਤੇ ਵਾਧੂ ਡਿਊਟੀਆਂ ਦਾ ਬੋਝ ਪਾਉਣਾ ਵਿਦਿਆਰਥੀਆਂ ਦੇ ਭਵਿੱਖ ਨਾਲ ਅਨਿਆਂ

ਹੁਸ਼ਿਆਰਪੁਰ, 20 ਨਵੰਬਰ (ਤਰਸੇਮ ਦੀਵਾਨਾ) – ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਬੁਲਾਰੇ ਐਡਵੋਕੇਟ ਪੁਨੀਤਇੰਦਰ ਸਿੰਘ ਕੰਗ ਨੇ ਪੰਜਾਬ ਦੀ ਸਿੱਖਿਆ ਪ੍ਰਣਾਲੀ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਸਿੱਖਿਆ ਵਿੱਚ ਸੁਧਾਰ ਕਰਨ ਦੇ ਕੀਤੇ ਜਾ ਰਹੇ ਦਾਅਵਿਆਂ ਅਤੇ ਜ਼ਮੀਨੀ ਹਕੀਕਤ hਵਿੱਚ ਵੱਡਾ ਅੰਤਰ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦਾ ਮੁੱਖ ਫਰਜ਼ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣਾ ਹੈ, ਪਰ ਸਰਕਾਰ ਉਨ੍ਹਾਂ ਨੂੰ ਪੜ੍ਹਾਈ ਦੇ ਕੰਮ ਤੋਂ ਹਟਾ ਕੇ ਵੱਖ-ਵੱਖ ਪ੍ਰਸ਼ਾਸਨਿਕ ਅਤੇ ਗੈਰ-ਵਿੱਦਿਅਕ ਡਿਊਟੀਆਂ ਵਿੱਚ ਲਗਾ ਰਹੀ ਹੈ, ਜੋ ਸਿੱਖਿਆ ਪ੍ਰਣਾਲੀ ਲਈ ਨੁਕਸਾਨਦੇਹ ਹੈ।

ਐਡਵੋਕੇਟ ਕੰਗ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਆਮ ਅਤੇ ਮੱਧਵਰਗੀ ਪਰਿਵਾਰਾਂ ਦੇ ਬੱਚੇ ਸਿੱਖਿਆ ਪ੍ਰਾਪਤ ਕਰਦੇ ਹਨ। ਇਨ੍ਹਾਂ ਬੱਚਿਆਂ ਦਾ ਭਵਿੱਖ ਮੁੱਖ ਤੌਰ ’ਤੇ ਸਕੂਲਾਂ ਵਿੱਚ ਮਿਲਣ ਵਾਲੀ ਸਿੱਖਿਆ ਅਤੇ ਅਧਿਆਪਕਾਂ ਦੀ ਮਿਹਨਤ ’ਤੇ ਨਿਰਭਰ ਕਰਦਾ ਹੈ। ਅਜਿਹੇ ਹਾਲਾਤ ਵਿੱਚ ਅਧਿਆਪਕਾਂ ਨੂੰ ਜਨਗਣਨਾ, ਵੋਟਰ ਸੂਚੀਆਂ ਦੀ ਸੁਧਾਈ, ਬੀ.ਐੱਲ.ਓ. ਡਿਊਟੀਆਂ ਅਤੇ ਹੋਰ ਸਰਕਾਰੀ ਕੰਮਾਂ ਵਿੱਚ ਲਗਾਉਣਾ ਬੱਚਿਆਂ ਦੀ ਪੜ੍ਹਾਈ ਨਾਲ ਸਮਝੌਤਾ ਕਰਨ ਦੇ ਬਰਾਬਰ ਹੈ।

ਉਨ੍ਹਾਂ ਕਿਹਾ ਕਿ ਸੂਬੇ ਦੇ ਕਈ ਸਰਕਾਰੀ ਸਕੂਲ ਪਹਿਲਾਂ ਹੀ ਅਧਿਆਪਕਾਂ ਦੀ ਘਾਟ ਨਾਲ ਜੂਝ ਰਹੇ ਹਨ। ਕਈ ਵਿਸ਼ਿਆਂ ਦੇ ਅਧਿਆਪਕਾਂ ਦੀਆਂ ਅਸਾਮੀਆਂ ਖਾਲੀ ਹੋਣ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ। ਇਸ ਦੇ ਬਾਵਜੂਦ ਮੌਜੂਦਾ ਸਰਕਾਰ ਵੱਲੋਂ ਉਪਲਬਧ ਅਧਿਆਪਕਾਂ ਨੂੰ ਵੀ ਪੜ੍ਹਾਈ ਤੋਂ ਇਲਾਵਾ ਹੋਰ ਕੰਮਾਂ ਵਿੱਚ ਲਗਾਇਆ ਜਾ ਰਿਹਾ ਹੈ। ਉਨ੍ਹਾਂ ਸਵਾਲ ਕੀਤਾ ਕਿ ਜਦੋਂ ਅਧਿਆਪਕ ਹੀ ਵਿਦਿਆਰਥੀਆਂ ਨੂੰ ਪੜ੍ਹਾਉਣ ਲਈ ਸਕੂਲਾਂ ਵਿੱਚ ਉਪਲਬਧ ਨਹੀਂ ਹੋਣਗੇ ਤਾਂ ਸਿੱਖਿਆ ਦੇ ਮਿਆਰ ਵਿੱਚ ਸੁਧਾਰ ਕਿਵੇਂ ਸੰਭਵ ਹੋਵੇਗਾ?

ਅਕਾਲੀ ਆਗੂ ਨੇ ਕਿਹਾ ਕਿ ਸਿੱਖਿਆ ਕਿਸੇ ਵੀ ਸੂਬੇ ਦੀ ਤਰੱਕੀ ਦੀ ਮਜ਼ਬੂਤ ਨੀਂਹ ਹੁੰਦੀ ਹੈ ਅਤੇ ਅਧਿਆਪਕ ਇਸ ਨੀਂਹ ਨੂੰ ਮਜ਼ਬੂਤ ਬਣਾਉਣ ਵਿੱਚ ਸਭ ਤੋਂ ਅਹਿਮ ਭੂਮਿਕਾ ਨਿਭਾਉਂਦੇ ਹਨ। ਸਰਕਾਰ ਨੂੰ ਚਾਹੀਦਾ ਹੈ ਕਿ ਉਹ ਅਧਿਆਪਕਾਂ ਦੀਆਂ ਸੇਵਾਵਾਂ ਦਾ ਸਹੀ ਇਸਤੇਮਾਲ ਕਰੇ ਅਤੇ ਉਨ੍ਹਾਂ ਨੂੰ ਸਿਰਫ਼ ਅਧਿਆਪਨ ਦੇ ਕੰਮ ਲਈ ਜ਼ਿੰਮੇਵਾਰ ਬਣਾਇਆ ਜਾਵੇ। ਪ੍ਰਸ਼ਾਸਨਿਕ ਕੰਮਾਂ ਲਈ ਵੱਖਰੇ ਮੁਲਾਜ਼ਮਾਂ ਦੀ ਵਿਵਸਥਾ ਕੀਤੀ ਜਾਣੀ ਚਾਹੀਦੀ ਹੈ, ਤਾਂ ਜੋ ਸਕੂਲਾਂ ਵਿੱਚ ਪੜ੍ਹਾਈ ਦਾ ਮਾਹੌਲ ਪ੍ਰਭਾਵਿਤ ਨਾ ਹੋਵੇ।

ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਸੁਧਾਰ ਸਿਰਫ਼ ਇਸ਼ਤਿਹਾਰਾਂ, ਪ੍ਰਚਾਰ ਅਤੇ ਵੱਡੇ-ਵੱਡੇ ਐਲਾਨਾਂ ਨਾਲ ਨਹੀਂ ਆ ਸਕਦਾ। ਇਸ ਲਈ ਸਕੂਲਾਂ ਵਿੱਚ ਲੋੜੀਂਦੇ ਅਧਿਆਪਕਾਂ ਦੀ ਨਿਯੁਕਤੀ, ਬੁਨਿਆਦੀ ਸਹੂਲਤਾਂ ਦੀ ਉਪਲਬਧਤਾ ਅਤੇ ਪੜ੍ਹਾਈ ਲਈ ਅਨੁਕੂਲ ਮਾਹੌਲ ਸਿਰਜਣਾ ਬਹੁਤ ਜ਼ਰੂਰੀ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਉਹ ਜ਼ਮੀਨੀ ਪੱਧਰ ’ਤੇ ਸਿੱਖਿਆ ਪ੍ਰਣਾਲੀ ਦੀਆਂ ਕਮੀਆਂ ਦੂਰ ਕਰੇ, ਨਾ ਕਿ ਸਿਰਫ਼ ਆਪਣੀਆਂ ਪ੍ਰਾਪਤੀਆਂ ਦਾ ਪ੍ਰਚਾਰ ਕਰਦੀ ਰਹੇ।

ਐਡਵੋਕੇਟ ਪੁਨੀਤਇੰਦਰ ਸਿੰਘ ਕੰਗ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਅਧਿਆਪਕਾਂ ਨੂੰ ਗੈਰ-ਵਿੱਦਿਅਕ ਡਿਊਟੀਆਂ ਤੋਂ ਰਾਹਤ ਦਿੱਤੀ ਜਾਵੇ, ਸਰਕਾਰੀ ਸਕੂਲਾਂ ਵਿੱਚ ਖਾਲੀ ਪਈਆਂ ਅਸਾਮੀਆਂ ਤੁਰੰਤ ਭਰੀਆਂ ਜਾਣ ਅਤੇ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਬੱਚਿਆਂ ਦਾ ਭਵਿੱਖ ਕਿਸੇ ਵੀ ਸਰਕਾਰ ਦੀ ਪ੍ਰਸ਼ਾਸਨਿਕ ਲਾਪਰਵਾਹੀ ਜਾਂ ਗਲਤ ਨੀਤੀ ਦੀ ਭੇਟ ਨਹੀਂ ਚੜ੍ਹਨਾ ਚਾਹੀਦਾ।

By admin

Related Post