ਖੇਡਾਂ ਸਰੀਰਕ ਤੰਦਰੁਸਤੀ ਦੇ ਨਾਲ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਚੰਗੇ ਕਿਰਦਾਰ ਦੀ ਕਰਦੀਆਂ ਹਨ ਉਸਾਰੀ
ਹੁਸ਼ਿਆਰਪੁਰ, 15 ਨਵੰਬਰ (ਤਰਸੇਮ ਦੀਵਾਨਾ) – ਬਾਲੀ ਹਸਪਤਾਲ ਦੇ ਐਮ.ਡੀ. ਅਤੇ ਉੱਘੇ ਸਮਾਜ ਸੇਵਕ ਡਾ. ਐਮ ਜ਼ਮੀਲ ਬਾਲੀ ਨੇ ਕਿਹਾ ਕਿ ਨੌਜਵਾਨ ਕਿਸੇ ਵੀ ਦੇਸ਼ ਦੀ ਅਸਲ ਤਾਕਤ ਹੁੰਦੇ ਹਨ ਅਤੇ ਦੇਸ਼ ਦਾ ਭਵਿੱਖ ਉਨ੍ਹਾਂ ਦੀ ਸੋਚ, ਸਿਹਤ ਅਤੇ ਕਿਰਦਾਰ ‘ਤੇ ਨਿਰਭਰ ਕਰਦਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਬਚਾਉਣ ਲਈ ਉਨ੍ਹਾਂ ਨੂੰ ਖੇਡਾਂ ਨਾਲ ਜੋੜਨਾ ਬੇਹੱਦ ਜ਼ਰੂਰੀ ਹੈ।
ਡਾ. ਐਮ ਜ਼ਮੀਲ ਬਾਲੀ ਨੇ ਕਿਹਾ ਕਿ ਖੇਡਾਂ ਸਿਰਫ਼ ਸਰੀਰਕ ਤੰਦਰੁਸਤੀ ਹੀ ਨਹੀਂ ਦਿੰਦੀਆਂ, ਸਗੋਂ ਨੌਜਵਾਨਾਂ ਵਿੱਚ ਅਨੁਸ਼ਾਸਨ, ਮਿਹਨਤ, ਸਹਿਣਸ਼ੀਲਤਾ, ਟੀਮ ਭਾਵਨਾ ਅਤੇ ਹਾਰ ਤੋਂ ਬਾਅਦ ਮੁੜ ਅੱਗੇ ਵਧਣ ਦਾ ਜਜ਼ਬਾ ਵੀ ਪੈਦਾ ਕਰਦੀਆਂ ਹਨ। ਖੇਡ ਮੈਦਾਨ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਅਤੇ ਉਨ੍ਹਾਂ ਨੂੰ ਗਲਤ ਸੰਗਤ ਤੇ ਨਸ਼ਿਆਂ ਤੋਂ ਦੂਰ ਰੱਖਣ ਦਾ ਪ੍ਰਭਾਵਸ਼ਾਲੀ ਸਾਧਨ ਹਨ।
ਉਨ੍ਹਾਂ ਕਿਹਾ ਕਿ ਮਾਪਿਆਂ, ਅਧਿਆਪਕਾਂ, ਸਮਾਜਿਕ ਸੰਸਥਾਵਾਂ ਅਤੇ ਪ੍ਰਸ਼ਾਸਨ ਨੂੰ ਸਾਂਝੇ ਤੌਰ ‘ਤੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨਾ ਚਾਹੀਦਾ ਹੈ। ਪਿੰਡਾਂ ਅਤੇ ਸ਼ਹਿਰਾਂ ਵਿੱਚ ਖੇਡ ਮੈਦਾਨਾਂ ਦੀ ਸੰਭਾਲ, ਖੇਡ ਸਹੂਲਤਾਂ, ਚੰਗੀ ਕੋਚਿੰਗ ਅਤੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣੇ ਚਾਹੀਦੇ ਹਨ।
ਅੰਤ ਵਿੱਚ ਡਾ. ਐਮ ਜ਼ਮੀਲ ਬਾਲੀ ਨੇ ਕਿਹਾ ਕਿ ਨੌਜਵਾਨਾਂ ਦੇ ਹੱਥਾਂ ਵਿੱਚ ਨਸ਼ਿਆਂ ਦੀ ਬਜਾਏ ਖੇਡਾਂ ਦਾ ਸਾਮਾਨ ਹੋਣਾ ਚਾਹੀਦਾ ਹੈ। ਤੰਦਰੁਸਤ, ਅਨੁਸ਼ਾਸਿਤ ਅਤੇ ਮਿਹਨਤੀ ਨੌਜਵਾਨ ਹੀ ਮਜ਼ਬੂਤ ਅਤੇ ਖੁਸ਼ਹਾਲ ਸਮਾਜ ਤੇ ਦੇਸ਼ ਦੀ ਸਿਰਜਣਾ ਕਰ ਸਕਦੇ ਹਨ।

