Breaking
Sun. Sep 21st, 2025

ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਕੀਤਾ ਜਾਗਰੂਕ

ਕਿਸਾਨਾਂ ਨੂੰ ਪਰਾਲੀ

ਰੁੜਕਾ ਕਲਾਂ ਵਿਖੇ ਲਗਾਇਆ ਕਿਸਾਨ ਸਿਖਲਾਈ ਕੈਂਪ

ਜਲੰਧਰ 21 ਸਤੰਬਰ (ਜਸਵਿੰਦਰ ਸਿੰਘ ਆਜ਼ਾਦ)- ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਜਾਗਰੂਕ ਕਰਨ ਦੇ ਮਕਸਦ ਨਾਲ ਰੁੜਕਾ ਕਲਾਂ ਵਿਖੇ ਸੀ.ਆਰ.ਐਮ. ਸਕੀਮ ਤਹਿਤ ਬਲਾਕ ਪੱਧਰੀ ਕਿਸਾਨ ਸਿਖ਼ਲਾਈ ਕੈਂਪ ਲਗਾਇਆ ਗਿਆ, ਜਿਸ ਵਿੱਚ ਐਸ.ਡੀ.ਐਮ. ਫਿਲੌਰ ਪਰਲੀਨ ਕੌਰ ਬਰਾੜ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

ਐਸ.ਡੀ.ਐਮ. ਨੇ ਕੈਂਪ ਦੌਰਾਨ ਸੰਬੋਧਨ ਕਰਦਿਆਂ ਕਿਸਾਨਾਂ ਨੂੰ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਸਾਨਾਂ ਨੂੰ ਸਰਕਾਰ ਵੱਲੋਂ ਸਬਸਿਡੀ ’ਤੇ ਪ੍ਰਦਾਨ ਕੀਤੀ ਜਾਂਦੀ ਮਸ਼ੀਨਰੀ ਦਾ ਵੱਧ ਤੋਂ ਵੱਧ ਲਾਭ ਲੈਂਦਿਆਂ ਪਰਾਲੀ ਨੂੰ ਅੱਗ ਲਾਉਣ ਖਿਲਾਫ਼ ਵਿੱਢੀ ਮੁਹਿੰਮ ਵਿੱਚ ਖੇਤੀਬਾੜੀ ਵਿਭਾਗ ਅਤੇ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ।

ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਦੇ ਨਿਰਦੇਸ਼ਾਂ ’ਤੇ ਲਗਾਏ ਗਏ ਇਸ ਕੈਂਪ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰ, ਨੂਰਮਹਿਲ ਤੋਂ ਆਏ ਵਿਗਿਆਨੀ ਪ੍ਰਭਜੋਤ ਕੌਰ ਅਤੇ ਬਲਵੀਰ ਕੌਰ ਨੇ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਨੂੰ ਬਿਮਾਰੀਆਂ ਤੋਂ ਬਚਾਉਣ ਅਤੇ ਆਉਣ ਵਾਲੀ ਕਣਕ ਦੀ ਫ਼ਸਲ ਵਿੱਚ ਨਦੀਨਾਂ ਦੀ ਰੋਕਥਾਮ ਸਬੰਧੀ ਜਾਣਕਾਰੀ ਦਿੱਤੀ।

ਖੇਤੀਬਾੜੀ ਵਿਕਾਸ ਅਫ਼ਸਰ ਡਾ. ਰਮਨਦੀਪ ਨੇ ਕਿਸਾਨਾਂ ਨਾਲ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਖੇਤੀਬਾੜੀ ਵਿਸਥਾਰ ਅਫ਼ਸਰ ਗੁਰਦੀਪ ਸਿੰਘ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਦੀ ਪੀ.ਐਮ. ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਈ-ਕੇ.ਵਾਈ.ਸੀ. ਕੀਤੀ ਗਈ। ਇਸ ਮੌਕੇ ਹਾਜ਼ਰ ਕਿਸਾਨਾਂ ਨੇ ਪਰਾਲੀ ਨੂੰ ਅੱਗ ਨਾ ਲਗਾਉਣ ਦਾ ਪ੍ਰਣ ਵੀ ਲਿਆ।

By admin

Related Post