ਜਲੰਧਰ 30 ਅਪ੍ਰੈਲ (ਜਸਵਿੰਦਰ ਸਿੰਘ ਆਜ਼ਾਦ)- ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ 8ਵੀਂ ਕਲਾਸ ਦੀਆਂ ਪ੍ਰੀਖਿਆਵਾਂ ਦੇ ਐਲਾਨੇ ਨਤੀਜੇ ਵਿੱਚ ਸਰਕਾਰੀ ਸਕੂਲ ਬਸਤੀ ਸ਼ੇਖ ਜਲੰਧਰ ਦੀ ਵਿਦਿਆਰਥਣ ਨਿਹਾਰਿਕਾ ਨੇ 600 ਵਿੱਚੋਂ 590 ਅੰਕ ਪ੍ਰਾਪਤ ਕਰਕੇ ਮੈਰਿਟ ਸੂਚੀ ਵਿੱਚ ਸਥਾਨ ਪ੍ਰਾਪਤ ਕੀਤਾ। ਇਸ ਸਬੰਧੀ ਅੱਜ ਜਲੰਧਰ ਪੱਛਮੀ ਦੇ ਵਿਧਾਇਕ ਅਤੇ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਨਿਹਾਰਿਕਾ ਦੇ ਘਰ ਜਾ ਕੇ ਉਸ ਨੂੰ ਅਸ਼ੀਰਵਾਦ ਅਤੇ ਵਧਾਈ ਦਿੱਤੀ।
ਉਨ੍ਹਾਂ ਪਰਿਵਾਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਬੜੀ ਖੁਸ਼ੀ ਦੀ ਗੱਲ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਸਕੂਲਾਂ ਵਿੱਚ ਸਿੱਖਿਆ ਕ੍ਰਾਂਤੀ ਦੀ ਲਹਿਰ ਚਲਾਈ ਜਾ ਰਹੀ ਹੈ, ਜਿਸ ਵਿੱਚ ਪੰਜਾਬ ਦੇ ਸਕੂਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹੁਣ ਸਰਕਾਰੀ ਸਕੂਲ ਨਾ ਸਿਰਫ਼ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਹਨ, ਸਗੋਂ ਉਨ੍ਹਾਂ ਨਾਲੋਂ ਬਿਹਤਰ ਸਿੱਖਿਆ ਅਤੇ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਲਈ ਵੀ ਜਾਣੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਸੇ ਸਹੂਲਤਾਂ ਸਦਕਾ ਹੀ ਨਿਹਾਰਿਕਾ ਨੇ ਇਹ ਉਪਲਬਧੀ ਹਾਸਲ ਕੀਤੀ ਹੈ।
ਉਨ੍ਹਾਂ ਨਿਹਾਰਿਕਾ ਨੂੰ ਵਧਾਈ ਦਿੰਦਿਆਂ ਉਸਦੇ ਉੱਜਵਲ ਭਵਿੱਖ ਦੀ ਕਾਮਨਾ ਵੀ ਕੀਤੀ। ਇਸ ਮੌਕੇ ‘ਆਪ’ ਆਗੂ ਐਡਵੋਕੇਟ ਸੰਦੀਪ ਕੁਮਾਰ ਵਰਮਾ ਅਤੇ ਕਮਲ ਲੋਚ ਵੀ ਮੌਜੂਦ ਸਨ।