ਬੈਕਫਿੰਕੋ ਚੇਅਰਮੈਨ ਨੇ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਲਈ ਮੁੱਖ ਮੰਤਰੀ ਦਾ ਕੀਤਾ ਧੰਨਵਾਦ
ਹੁਸ਼ਿਆਰਪੁਰ, 9 ਮਾਰਚ ( ਤਰਸੇਮ ਦੀਵਾਨਾ ) – ਬੈਕਫਿੰਕੋ ਪੰਜਾਬ ਦੇ ਚੇਅਰਮੈਨ ਸੰਦੀਪ ਸੈਣੀ ਨੇ ਕਿਹਾ ਕਿ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਪੰਜਾਬ ਸਰਕਾਰ ਨੇ ਰਾਜ ਦੀਆਂ ਮਹਿਲਾਵਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣ ਲਈ ਇਤਿਹਾਸਕ ਫੈਸਲਾ ਲਿਆ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਦੇ ਤਹਿਤ 18 ਸਾਲ ਤੋਂ ਵੱਧ ਉਮਰ ਦੀ ਜਨਰਲ ਕੈਟਾਗਰੀ ਦੀਆਂ ਮਾਵਾਂ-ਭੈਣਾਂ ਨੂੰ ਹਰ ਮਹੀਨੇ 1000 ਰੁਪਏ ਅਤੇ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਿਤ ਮਹਿਲਾਵਾਂ ਨੂੰ 1500 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।
ਸੰਦੀਪ ਸੈਣੀ ਨੇ ਕਿਹਾ ਕਿ ਇਸ ਮਹੱਤਵਪੂਰਨ ਯੋਜਨਾ ਲਈ ਸਰਕਾਰ ਵੱਲੋਂ ਲਗਭਗ 9300 ਕਰੋੜ ਰੁਪਏ ਦਾ ਬਜਟ ਪ੍ਰਸਤਾਵਿਤ ਕੀਤਾ ਗਿਆ ਹੈ, ਜੋ ਮਹਿਲਾਵਾਂ ਦੇ ਸਸ਼ਕਤੀਕਰਨ ਦੀ ਦਿਸ਼ਾ ਵੱਲ ਇਕ ਵੱਡਾ ਕਦਮ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਵਿਸਾਖੀ ਦੇ ਸ਼ੁਭ ਮੌਕੇ ‘ਤੇ ਸ਼ੁਰੂ ਕੀਤੀ ਜਾਵੇਗੀ ਅਤੇ ਸਰਕਾਰ ਦਾ ਟੀਚਾ ਹੈ ਕਿ ਜਲਦੀ ਤੋਂ ਜਲਦੀ ਯੋਗ ਮਹਿਲਾਵਾਂ ਦੇ ਖਾਤਿਆਂ ਵਿੱਚ ਇਹ ਰਕਮ ਪਹੁੰਚਾਈ ਜਾਵੇ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾਂ ਦੌਰਾਨ ਮਹਿਲਾਵਾਂ ਨਾਲ ਜੋ ਵਾਅਦਾ ਕੀਤਾ ਸੀ, ਉਸ ਨੂੰ ਪੂਰਾ ਕਰਦਿਆਂ ਵਿਸ਼ਵ ਮਹਿਲਾ ਦਿਵਸ ਦੇ ਮੌਕੇ ‘ਤੇ ਰਾਜ ਦੀਆਂ ਮਹਿਲਾਵਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਇਹ ਯੋਜਨਾ ਨਾ ਸਿਰਫ਼ ਮਹਿਲਾਵਾਂ ਨੂੰ ਆਰਥਿਕ ਤੌਰ ‘ਤੇ ਆਤਮਨਿਰਭਰ ਬਣਾਏਗੀ, ਸਗੋਂ ਉਨ੍ਹਾਂ ਨੂੰ ਪਰਿਵਾਰ ਅਤੇ ਸਮਾਜ ਵਿੱਚ ਸਨਮਾਨ ਨਾਲ ਅੱਗੇ ਵੱਧਣ ਦਾ ਮੌਕਾ ਵੀ ਦੇਵੇਗੀ।
ਸੈਣੀ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸੇ ਸਰਕਾਰ ਨੇ ਮਹਿਲਾਵਾਂ ਦੇ ਸਨਮਾਨ ਅਤੇ ਸਸ਼ਕਤੀਕਰਨ ਲਈ ਇੰਨੇ ਵੱਡੇ ਪੱਧਰ ‘ਤੇ ਆਰਥਿਕ ਸਹਾਇਤਾ ਦੇਣ ਦਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਸਹਾਇਤਾ ਨਾਲ ਮਹਿਲਾਵਾਂ ਆਪਣੇ ਘਰ ਦੇ ਛੋਟੇ-ਮੋਟੇ ਖਰਚਿਆਂ ਵਿੱਚ ਸਹਿਯੋਗ ਕਰ ਸਕਣਗੀਆਂ ਅਤੇ ਆਤਮਨਿਰਭਰ ਬਣਨ ਵੱਲ ਮਜ਼ਬੂਤ ਕਦਮ ਚੁੱਕ ਸਕਣਗੀਆਂ।
ਉਨ੍ਹਾਂ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਮਾਨ ਸਰਕਾਰ ਮਹਿਲਾਵਾਂ ਦੇ ਉੱਥਾਨ ਅਤੇ ਉਨ੍ਹਾਂ ਦੇ ਸਨਮਾਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

