ਵੱਖ-ਵੱਖ ਵਿਭਾਗਾਂ ਨੇ ਪੰਜਾਬ ਸਰਕਾਰ ਦੀਆਂ ਵਿਕਾਸ ਨੀਤੀਆਂ ਤੇ ਭਲਾਈ ਸਕੀਮਾਂ ਨੂੰ ਦਰਸਾਉਂਦੀਆਂ ਝਾਕੀਆਂ ਕੱਢੀਆਂ
ਜਲੰਧਰ 15 ਅਗਸਤ (ਜਸਵਿੰਦਰ ਸਿੰਘ ਆਜ਼ਾਦ)- 79ਵੇਂ ਆਜ਼ਾਦੀ ਦਿਵਸ ਮੌਕੇ ਇਥੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਮਨਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਚਾਰੀ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੰਚਾਇਤੀ ਰਾਜ ਵਿਭਾਗ ਵੱਲੋਂ ਪੇਸ਼ ਕੀਤੀਆਂ ਦੋ ਝਾਕੀਆਂ ਨੂੰ ਪਹਿਲਾ ਇਨਾਮ ਹਾਸਿਲ ਕਰਨ ’ਤੇ ਸਨਮਾਨਿਤ ਕੀਤਾ ਗਿਆ।
ਪੰਚਾਇਤੀ ਰਾਜ ਵਿਭਾਗ ਵਲੋਂ ਪੇਸ਼ ਕੀਤੀ ਪਹਿਲੀ ਝਾਕੀ ਵਿੱਚ ਪੰਜਾਬ ਰਾਜ ਆਜੀਵਿਕਾ ਮਿਸ਼ਨ ਤਹਿਤ ‘ਪਹਿਲ’ ਪ੍ਰਾਜੈਕਟ, ਸੈਲਫ ਹੈਲਪ ਗਰੁੱਪਾਂ ਦੇ ਮੈਂਬਰਾਂ ਵੱਲੋਂ ਬਣਾਏ ਗਏ ਉਤਪਾਦਾਂ, ਸੈਲਫ ਹੈਲਪ ਗਰੁੱਪ ਦੇ ਮੈਂਬਰਾਂ ਨੂੰ ਬਤੌਰ ਜਾਪਾ ਵਰਕਰ ਟਰੇਂਡ ਕਰਨ ਅਤੇ ਜ਼ਿਲ੍ਹੇ ਵਿੱਚ 20,000 ਵਰਦੀਆਂ ਦੀ ਸਿਲਾਈ ਦੇ ਦਿੱਤੇ ਗਏ ਟੀਚੇ ਤੋਂ ਵੱਧ 41,412 ਵਰਦੀਆਂ ਦੀ ਸਿਲਾਈ ਕਰਨ ਬਾਰੇ ਦਰਸਾਇਆ ਗਿਆ ਹੈ। ਜ਼ਿਲ੍ਹਾ ਜਲੰਧਰ ਵਿੱਚ ਪਹਿਲ ਪ੍ਰਾਜੈਕਟ ਸੈਂਟਰ ਸਰਕਾਰੀ ਸਕੂਲਾਂ ਦੀਆਂ ਵਰਦੀਆਂ ਦੀ ਸਿਲਾਈ, ਬਲਾਕ ਆਦਮਪੁਰ ਦੇ ਪਿੰਡ ਚੋਮੋ, ਬਲਾਕ ਜਲੰਧਰ ਪੱਛਮੀ ਦੇ ਪਿੰਡ ਗਾਖਲ, ਬਲਾਕ ਭੋਗਪੁਰ ਦੇ ਪਿੰਡ ਰਾਸਤਗੋ ਅਤੇ ਐਸਪੀਰੇਸ਼ਨਲ ਬਲਾਕ ਸ਼ਾਹਕੋਟ ਦੇ ਪਿੰਡ ਪੂਨੀਆਂ ਵਿਖੇ ਚੱਲ ਰਿਹਾ ਹੈ। ਜਦਕਿ ਦੂਜੀ ਝਾਕੀ ਵਿੱਚ ਪੰਚਾਇਤੀ ਰਾਜ ਵਿਭਾਗ ਵੱਲੋਂ ਜ਼ਿਲ੍ਹੇ ਦੇ ਪੇਂਡੂ ਖੇਤਰਾਂ ਦੇ ਲੋਕਾਂ ਦੇ ਸਰਵਪੱਖੀ ਵਿਕਾਸ ਲਈ ਪਿੰਡਾਂ ਦੇ ਗੈਰ ਹੁਨਰਮੰਦ ਕਾਮਿਆਂ ਨੂੰ ਰੋਜ਼ਗਾਰ ਦੇਣ, ਪਿੰਡਾਂ ਵਿੱਚ ਮਾਡਲ ਖੇਡ ਮੈਦਾਨ ਤਿਆਰ ਕਰਨ ਅਤੇ ਪੰਜਾਬ ਨੂੰ ਨਸ਼ਾ ਮੁਕਤ-ਰੰਗਲਾ ਪੰਜਾਬ ਬਣਾਉਣ ਦਾ ਸੁਨੇਹਾ ਦਿੱਤਾ ਗਿਆ।
ਝੋਨੇ ਦੀ ਸਿੱਧੀ ਬਿਜਾਈ ਲਈ ਪ੍ਰੇਰਿਤ ਕੀਤਾ ਗਿਆ
ਇਸੇ ਤਰ੍ਹਾਂ ਤੀਜੀ ਝਾਕੀ ਵਿੱਚ ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਵੱਲ ਉਤਸ਼ਾਹਿਤ ਕਰਨ ਲਈ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੇ ਸੀ.ਐਮ.ਦੀ ਯੋਗਸ਼ਾਲਾ ਪ੍ਰੋਗਰਾਮ ਤਹਿਤ ਕੀਤੇ ਜਾ ਰਹੇ ਉਪਰਾਲਿਆਂ ਨੂੰ ਦਰਸਾਇਆ ਗਿਆ। ਇਸੇ ਦੇ ਨਾਲ ਹੀ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਤੇ ਸਿਖਲਾਈ ਵਿਭਾਗ ਦੀ ਝਾਕੀ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੱਖ-ਵੱਖ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਲਈ ਸ਼ੁਰੂ ਕੀਤੀਆਂ ਗਈਆਂ ਮੁਫ਼ਤ ਕੋਚਿੰਗ ਕਲਾਸਾਂ ਬਾਰੇ ਜਾਗਰੂਕ ਕੀਤਾ ਗਿਆ। ਪੰਜਾਬ ਖੇਤੀਬਾੜੀ ਵਿਭਾਗ ਵਲੋਂ ਕੱਢੀ ਗਈ ਝਾਕੀ ਰਾਹੀਂ ਕਿਸਾਨਾਂ ਨੂੰ ਆਧੁਨਿਕ ਮਸ਼ੀਨਰੀ ਸੰਦਾਂ ’ਤੇ ਮੁਹੱਈਆ ਕਰਵਾਈ ਜਾ ਰਹੀ ਸਬਸਿਡੀ ਅਤੇ ਫ਼ਸਲਾਂ ਦੀ ਰਹਿੰਦ ਖੂੰਹਦ ਦੀ ਸੁਚੰਜੀ ਸੰਭਾਲ ਪ੍ਰਤੀ ਉਤਸ਼ਾਹਿਤ ਕਰਦਿਆਂ ਝੋਨੇ ਦੀ ਸਿੱਧੀ ਬਿਜਾਈ ਲਈ ਪ੍ਰੇਰਿਤ ਕੀਤਾ ਗਿਆ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਵਿਭਾਗ ਵਲੋਂ ਕੱਢੀ ਗਈ ਝਾਕੀ ਰਾਹੀਂ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸਿੱਖਿਆ ਦੇ ਖੇਤਰ ਵਿੱਚ ਆਈਆਂ ਕ੍ਰਾਂਤੀਕਾਰੀ ਤਬਦੀਲੀਆਂ ਅਤੇ ਸਕੂਲਾਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਕੀਤੇ ਗਏ ਉਪਰਾਲਿਆਂ ਬਾਰੇ ਜਾਗਰੂਕ ਕੀਤਾ ਗਿਆ । ਇਸ ਤੋਂ ਇਲਾਵਾ ਕਮਿਸ਼ਨਰੇਟ ਪੁਲਿਸ ਵਲੋਂ ਝਾਕੀ ਰਾਹੀਂ ਲੋਕਾਂ ਨੂੰ ਡਿਜੀਟਲ ਗ੍ਰਿਫ਼ਤਾਰੀ ਅਤੇ ਸਾਈਬਰ ਧੋਖੇਬਾਜ਼ੀ ਤੋਂ ਸੁਚੇਤ ਰਹਿਣ ਦਾ ਸੰਦੇਸ਼ ਦਿੱਤਾ ਗਿਆ। ਸਿਹਤ ਵਿਭਾਗ ਵਲੋਂ ਕੱਢੀ ਗਈ ਝਾਕੀ ਵਿੱਚ ਬੇਟੀਆਂ ਦੀ ਜ਼ਿੰਦਗੀ ਨੂੰ ਜਨਮ ਤੋਂ ਪਹਿਲਾਂ ਬਚਾਉਣ ਦਾ ਸੁਨੇਹਾ ਦੇਣ ਦੇ ਨਾਲ-ਨਾਲ ਜ਼ਿਲ੍ਹੇ ਵਿੱਚ ਚਲਾਏ ਜਾ ਰਹੇ 66 ਆਮ ਆਦਮੀ ਕਲੀਨਿਕਾਂ ਵਲੋਂ ਜ਼ਿਲ੍ਹਾ ਵਾਸੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਵੱਖ-ਵੱਖ ਸਹੂਲਤਾਂ ਬਾਰੇ ਜਾਣੂ ਕਰਵਾਇਆ ਗਿਆ। ਇਸ ਦੇ ਨਾਲ ਹੀ ਨਗਰ ਨਿਗਮ, ਜਲੰਧਰ ਵਲੋਂ ਕੱਢੀ ਗਈ ਝਾਕੀ ਰਾਹੀਂ ਸ਼ਹਿਰ ਨੂੰ ਸ਼ਾਫ਼-ਸੁਥਰਾ ਤੇ ਹਰਿਆ-ਭਰਿਆ ਰੱਖਣ ਅਤੇ ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਵਲੋਂ ਖਾਲੀ ਪਾਏ ਪਲਾਟਾਂ ਨੂੰ ਸਾਫ਼ ਕਰਵਾਉਣ ਲਈ ਸ਼ੁਰੂ ਕੀਤੇ ਗਏ ਅਭਿਆਨ ਪ੍ਰਤੀ ਜਾਗਰੂਕ ਕੀਤਾ ਗਿਆ।