Breaking
Mon. Jan 12th, 2026

ਆਜ਼ਾਦੀ ਦਿਵਸ : ਡਿਪਟੀ ਕਮਿਸ਼ਨਰ ਨੇ ਫੁੱਲ ਡਰੈੱਸ ਰਿਹਰਸਲ ਦੌਰਾਨ ਲਹਿਰਾਇਆ ਤਿਰੰਗਾ, ਪ੍ਰਬੰਧਾਂ ਦਾ ਜਾਇਜ਼ਾ ਲਿਆ

ਡਿਪਟੀ ਕਮਿਸ਼ਨਰ

ਅਧਿਕਾਰੀਆਂ ਨੂੰ ਜ਼ਿਲ੍ਹਾ ਪੱਧਰੀ ਸਮਾਗਮ ਸੁਚੱਜੇ ਢੰਗ ਨਾਲ ਕਰਵਾਉਣ ਨੂੰ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

15 ਅਗਸਤ ਨੂੰ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਧ ਲਹਿਰਾਉਣਗੇ ਕੌਮੀ ਝੰਡਾ

ਜਲੰਧਰ 13 ਅਗਸਤ (ਨਤਾਸ਼ਾ)- 79ਵੇਂ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਬੁੱਧਵਾਰ ਨੂੰ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਕੀਤੀ ਗਈ, ਜਿਸ ਵਿੱਚ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਰਾਸ਼ਟਰੀ ਝੰਡਾ ਲਹਿਰਾਇਆ ਗਿਆ।

ਡਿਪਟੀ ਕਮਿਸ਼ਨਰ ਨੇ ਪਰੇਡ ਦਾ ਨਿਰੀਖਣ ਕੀਤਾ ਅਤੇ ਪਰੇਡ ਕਮਾਂਡਰ ਸਰਵਣਜੀਤ ਸਿੰਘ ਦੀ ਅਗਵਾਈ ਵਾਲੇ ਮਾਰਚ ਪਾਸਟ ਤੋਂ ਸਲਾਮੀ ਲਈ। ਪਰੇਡ ਵਿੱਚ ਆਈ.ਟੀ.ਬੀ.ਪੀ., ਪੰਜਾਬ ਪੁਲਿਸ (ਪੁਰਸ਼ ਅਤੇ ਮਹਿਲਾ), ਪੰਜਾਬ ਹੋਮ ਗਾਰਡਜ਼, ਪੰਜਾਬ ਬਟਾਲੀਅਨ ਐਨ.ਸੀ.ਸੀ. ਲੜਕੇ, ਪੰਜਾਬ ਬਟਾਲੀਅਨ ਐਨ.ਸੀ.ਸੀ. ਲੜਕੀਆਂ ਅਤੇ ਸੀ.ਆਰ.ਪੀ.ਐਫ. ਦਾ ਬੈਂਡ ਸ਼ਾਮਲ ਸੀ।

ਪੰਜਾਬ ਸਰਕਾਰ ਦੀਆਂ ਵਿਕਾਸ ਨੀਤੀਆਂ ਅਤੇ ਵੱਖ-ਵੱਖ ਵਿਭਾਗਾਂ ਦੀਆਂ ਪ੍ਰਾਪਤੀਆਂ ਨੂੰ ਦਰਸਾਉਂਦੀਆਂ ਝਾਕੀਆਂ ਪ੍ਰਦਰਸ਼ਿਤ ਕੀਤੀਆਂ ਗਈਆਂ

ਉਪਰੰਤ ਪੰਜਾਬ ਸਰਕਾਰ ਦੀਆਂ ਵਿਕਾਸ ਨੀਤੀਆਂ ਅਤੇ ਵੱਖ-ਵੱਖ ਵਿਭਾਗਾਂ ਦੀਆਂ ਪ੍ਰਾਪਤੀਆਂ ਨੂੰ ਦਰਸਾਉਂਦੀਆਂ ਝਾਕੀਆਂ ਪ੍ਰਦਰਸ਼ਿਤ ਕੀਤੀਆਂ ਗਈਆਂ। ਰਿਹਰਸਲ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਮਾਸ ਪੀ.ਟੀ. ਸ਼ੋਅ ਪੇਸ਼ ਕੀਤਾ ਗਿਆ। ਇਸ ਤੋਂ ਬਾਅਦ ਵੱਖ-ਵੱਖ ਵਿਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੀ ਭਾਵਨਾ ਨਾਲ ਭਰਪੂਰ ਵੱਖ-ਵੱਖ ਸੱਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਦਿੱਤੀ।

ਰਿਹਰਸਲ ਤੋਂ ਬਾਅਦ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਸਮੇਤ ਸਿਵਲ ਅਤੇ ਜ਼ਿਲ੍ਹਾ ਪੁਲਿਸ ਅਧਿਕਾਰੀਆਂ ਨਾਲ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੁਚੱਜੇ ਢੰਗ ਨਾਲ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ 15 ਅਗਸਤ ਨੂੰ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਧ ਮੁੱਖ ਮਹਿਮਾਨ ਵਜੋਂ ਤਿਰੰਗਾ ਲਹਿਰਾਉਣਗੇ। ਉਨ੍ਹਾਂ ਸੁਰੱਖਿਆ, ਟ੍ਰੈਫਿਕ ਅਤੇ ਪਾਰਕਿੰਗ ਸਮੇਤ ਸਾਰੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ।

ਡਾ. ਅਗਰਵਾਲ ਨੇ ਇਹ ਵੀ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਆਜ਼ਾਦੀ ਘੁਲਾਟੀਆਂ, ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵਿਲੱਖਣ ਪ੍ਰਾਪਤੀਆਂ ਵਾਲੀਆਂ ਸ਼ਖਸੀਅਤਾਂ ਅਤੇ ਵੱਖ-ਵੱਖ ਵਿਭਾਗਾਂ ਦੇ ਵਧੀਆ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ।

ਸਰਵ-ਉੱਤਮ ਝਾਕੀ ਅਤੇ ਸੱਭਿਆਚਾਰਕ ਪੇਸ਼ਕਾਰੀ ਨੂੰ ਇਨਾਮ ਲਈ ਚੁਣਿਆ

ਉਨ੍ਹਾਂ ਦੱਸਿਆ ਕਿ ਸਰਵ-ਉੱਤਮ ਝਾਕੀ ਅਤੇ ਸੱਭਿਆਚਾਰਕ ਪੇਸ਼ਕਾਰੀ ਨੂੰ ਇਨਾਮ ਲਈ ਚੁਣਿਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਇਸ ਮਹੱਤਵਪੂਰਣ ਦਿਹਾੜੇ ਨੂੰ ਪੂਰੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ।

ਇਸ ਮੌਕੇ ਜੁਆਇੰਟ ਪੁਲਿਸ ਕਮਿਸ਼ਨਰ ਸੰਦੀਪ ਸ਼ਰਮਾ, ਡੀ.ਸੀ.ਪੀ. ਨਰੇਸ਼ ਡੋਗਰਾ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ ਬਰਾੜ, ਸਹਾਇਕ ਕਮਿਸ਼ਨਰ (ਯੂ.ਟੀ.) ਮੁਕਿਲਨ ਆਰ, ਐਸ.ਡੀ.ਐਮ. ਰਣਦੀਪ ਸਿੰਘ ਹੀਰ, ਐਸ.ਡੀ.ਐਮ. ਸ਼ਾਇਰੀ ਮਲਹੋਤਰਾ, ਜੁਆਇੰਟ ਕਮਿਸ਼ਨਰ ਨਗਰ ਨਿਗਮ ਸੁਮਨਦੀਪ ਕੌਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

By admin

Related Post