Breaking
Sat. Oct 11th, 2025

ਡਿਪਟੀ ਕਮਿਸ਼ਨਰ ਵੱਲੋਂ ਸਾਬਕਾ ਸੈਨਿਕਾਂ ਲਈ ਭਲਾਈ ਸਕੀਮਾਂ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੇ ਨਿਰਦੇਸ਼

ਡਿਪਟੀ ਕਮਿਸ਼ਨਰ

ਸਾਬਕਾ ਸੈਨਿਕਾਂ ਨੂੰ ਤਰਜੀਹ ਦੇ ਆਧਾਰ ’ਤੇ ਸੇਵਾਵਾਂ ਅਤੇ ਸਨਮਾਨ ਦੇਣ ’ਤੇ ਜ਼ੋਰ

ਜਲੰਧਰ 25 ਫਰਵਰੀ (ਜਸਵਿੰਦਰ ਸਿੰਘ ਆਜ਼ਾਦ)- ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਵੱਖ-ਵੱਖ ਸਰਕਾਰੀ ਵਿਭਾਗਾਂ ਨੂੰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਭਲਾਈ ਸਕੀਮਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੀ ਹਦਾਇਤ ਕੀਤੀ।

ਜ਼ਿਲ੍ਹਾ ਸੈਨਿਕ ਬੋਰਡ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ. ਅਗਰਵਾਲ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸੂਬਾ ਸਰਕਾਰ ਦੀਆਂ ਸਕੀਮਾਂ ਦਾ ਲਾਭ ਯੋਗ ਸਾਬਕਾ ਸੈਨਿਕਾਂ ਤੱਕ ਬਿਨਾਂ ਕਿਸੇ ਦੇਰ ਤੋਂ ਪਹੁੰਚਣਾ ਚਾਹੀਦਾ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰੀ ਦਫ਼ਤਰਾਂ ਵਿੱਚ ਆਉਣ ਵਾਲੇ ਸਾਬਕਾ ਸੈਨਿਕਾਂ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਫੌਜੀ ਜਵਾਨਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ੂਰਵੀਰਾਂ ਨੇ ਸਾਡੀਆਂ ਸਰਹੱਦਾਂ ਦੀ ਰਾਖੀ ਅਤੇ ਦੇਸ਼ ਦੀ ਸੁਰੱਖਿਆ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਇਨ੍ਹਾਂ ਦਾ ਕਰਜ਼ ਕਦੇ ਨਹੀਂ ਚੁਕਾ ਸਕਦੇ, ਪਰ ਸਾਨੂੰ ਇਨ੍ਹਾਂ ਦੀਆਂ ਜ਼ਰੂਰਤਾਂ ਨੂੰ ਪਹਿਲ ਦੇਣੀ ਚਾਹੀਦੀ ਹੈ ਅਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਇਨ੍ਹਾਂ ਨੂੰ ਬਣਦਾ ਸਨਮਾਨ ਮਿਲੇ।

ਡਿਪਟੀ ਕਮਿਸ਼ਨਰ ਨੇ ਸਾਬਕਾ ਸੈਨਿਕਾਂ ਦੀ ਸਹਾਇਤਾ ਲਈ ਤਿਆਰ ਵੱਖ-ਵੱਖ ਭਲਾਈ ਪਹਿਲਕਦਮੀਆਂ ਦੀ ਸਮੀਖਿਆ ਵੀ ਕੀਤੀ। ਉਨ੍ਹਾਂ ਵਿਭਾਗਾਂ ਨੂੰ ਸਕੀਮਾਂ ਲਾਗੂ ਕਰਨ ਵਿੱਚ ਕਿਸੇ ਵੀ ਰੁਕਾਵਟ ਨੂੰ ਦੂਰ ਕਰਨ ਅਤੇ ਸਾਬਕਾ ਸੈਨਿਕਾਂ ਨੂੰ ਲਾਭਾਂ ਤੱਕ ਆਸਾਨ ਪਹੁੰਚ ਪ੍ਰਦਾਨ ਕਰਨ ਦੀ ਅਪੀਲ ਕੀਤੀ।

ਮੀਟਿੰਗ ਵਿੱਚ ਜ਼ਿਲ੍ਹਾ ਸੈਨਿਕ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਸਿੰਘ ਵਿਰਕ, ਐਸ.ਡੀ.ਐਮਜ਼ ਸ਼ੁਭੀ ਆਂਗਰਾ, ਲਾਲ ਵਿਸ਼ਵਾਸ ਬੈਂਸ, ਰਣਦੀਪ ਸਿੰਘ ਹੀਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਨੇ ਸਾਬਕਾ ਸੈਨਿਕਾਂ ਦੀਆਂ ਕੁਰਬਾਨੀਆਂ ਦੇ ਸਨਮਾਨ ਦੀ ਜਲੰਧਰ ਪ੍ਰਸ਼ਾਸਨ ਦੀ ਵਚਨਬੱਧਤਾ ਦਹੁਰਾਉਂਦਿਆਂ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਭਲਾਈ ਸੇਵਾਵਾਂ ਨੂੰ ਹੋਰ ਸੁਚਾਰੂ ਬਣਾਉਣ ਦਾ ਵਾਅਦਾ ਕੀਤਾ।

By admin

Related Post