ਸੈਨੀਟੇਸ਼ਨ ਉਪਰਾਲਿਆਂ ਦਾ ਕੀਤਾ ਨਿਰੀਖਣ, ਵਿਕਾਸ ਪ੍ਰਾਜੈਕਟਾਂ ਦੀ ਸਮੀਖਿਆ ਅਤੇ ਲੋਕਾਂ ਨੂੰ ਸਹਿਯੋਗ ਦੇਣ ਦਿੱਤਾ ਸੱਦਾ
ਕਰਤਾਰਪੁਰ ਵਿਖੇ ਨਿਰਮਾਣ ਅਧੀਨ ਗਊਸ਼ਾਲਾ ਦਾ ਵੀ ਕੀਤਾ ਦੌਰਾ, ਪ੍ਰਾਜੈਕਟ ’ਚ ਤੇਜ਼ੀ ਲਿਆਉਣ ਲਈ ਕਿਹਾ
ਕਰਤਾਰਪੁਰ/ਜਲੰਧਰ 20 ਮਈ (ਜਸਵਿੰਦਰ ਸਿੰਘ ਆਜ਼ਾਦ)- ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵਲੋਂ ਅੱਜ ਨਗਰ ਕੌਂਸਲ ਕਰਤਾਰਪੁਰ ਵਲੋਂ ਕਰਤਾਰਪੁਰ ਸ਼ਹਿਰ ਵਿਖੇ ਸਾਫ਼-ਸਫ਼ਾਈ ਨੂੰ ਯਕੀਨੀ ਬਣਾਉਣ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਬਲਕਾਰ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ ਵੀ ਮੌਜੂਦ ਸਨ।
ਨਿਰੀਖਣ ਦੌਰਾਨ ਡਾ.ਰਵਜੋਤ ਸਿੰਘ ਨੇ ਸ਼ਹਿਰ ਦੀਆਂ ਕਈ ਥਾਵਾਂ ਦਾ ਦੌਰਾ ਕੀਤਾ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰੋਜ਼ਾਨਾ ਸਮੇਂ ਸਿਰ ਕੂੜੇ ਖਾਸ ਕਰਕੇ ਜਿਥੇ ਵੱਡੀ ਮਾਤਰਾ ਵਿੱਚ ਕੂੜਾ ਇਕੱਠਾ ਹੁੰਦਾ ਹੈ, ਨੂੰ ਚੁੱਕਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਜ਼ੋਰ ਦਿੱਤਾ ਕਿ ਸ਼ਹਿਰੀ ਵਾਤਾਵਰਣ ਨੂੰ ਸਿਹਤਮੰਦ ਬਣਾਉਣ ਲਈ ਸੈਨੀਟੇਸ਼ਨ ਦੇ ਕੰਮ ਵਿੱਚ ਕੋਈ ਦੇਰੀ ਨਹੀਂ ਹੋਣੀ ਚਾਹੀਦੀ।
ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਨਗਰ ਨਿਗਮ, ਜਲੰਧਰ ਵਲੋਂ ਨਿਰਮਾਣ ਅਧੀਨ ਗਊਸ਼ਾਲਾ ਦਾ ਵੀ ਦੌਰਾ ਕੀਤਾ ਗਿਆ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪ੍ਰਾਜੈਕਟ ਨੂੰ ਨਿਰਧਾਰਿਤ ਸਮਾਂ ਸੀਮਾਂ ਦੇ ਅੰਦਰ-ਅੰਦਰ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਗਊਸ਼ਾਲਾ ਦੇ ਬਣਨ ਨਾਲ ਅਵਾਰਾ ਪਸ਼ੂਆਂ ਦੇ ਮਸਲੇ ਨੂੰ ਹੱਲ ਕਰਨ ਵਿੱਚ ਮਦਦ ਮਿਲੇਗੀ ।
ਵਿਧਾਇਕ ਬਲਕਾਰ ਸਿੰਘ ਵਲੋਂ ਨਵੇਂ ਵਿਕਾਸ ਕਾਰਜਾਂ ਨੂੰ ਸ਼ੁਰੂ ਕਰਨ ਦਾ ਪ੍ਰਸਤਾਵ ਰੱਖਿਆ
ਸ਼ਹਿਰ ਵਿਖੇ ਵੱਖ-ਵੱਖ ਚੱਲ ਰਹੇ ਅਤੇ ਮੁਕੰਮਲ ਹੋਏ ਵਿਕਾਸ ਕਾਰਜ, ਜਿਨ੍ਹਾਂ ਵਿੱਚ ਗੁਰਦੁਆਰਾ ਸ੍ਰੀ ਗੰਗਸਰ ਸਾਹਿਬ ਨੇੜੇ ਦੇ ਵਿਕਾਸ ਕਾਰਜ ਵੀ ਸ਼ਾਮਿਲ ਹਨ, ਦਾ ਜਾਇਜ਼ਾ ਲੈਂਦਿਆਂ ਡਾ.ਰਵਜੋਤ ਸਿੰਘ ਨੇ ਅਧਿਕਾਰੀਆਂ ਨੂੰ ਇਨ੍ਹਾਂ ਵਿਕਾਸ ਪ੍ਰਾਜੈਕਟਾਂ ਨੂੰ ਮੁਕੰਮਲ ਕਰਨ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਵਿਧਾਇਕ ਬਲਕਾਰ ਸਿੰਘ ਵਲੋਂ ਨਵੇਂ ਵਿਕਾਸ ਕਾਰਜਾਂ ਨੂੰ ਸ਼ੁਰੂ ਕਰਨ ਦਾ ਪ੍ਰਸਤਾਵ ਰੱਖਿਆ, ਜਿਸ ’ਤੇ ਕੈਬਨਿਟ ਮੰਤਰੀ ਵਲੋਂ ਇਨ੍ਹਾਂ ਨੂੰ ਜਲਦ ਸ਼ੁਰੂ ਕਰਨ ਦੀ ਪ੍ਰਵਾਨਗੀ ਦਿੱਤੀ ਗਈ। ਉਨ੍ਹਾਂ ਨੇ ਨਗਰ ਕੌਂਸਲ ਕਰਤਾਰਪੁਰ ਵਲੋਂ ਸ਼ਹਿਰ ਦੇ ਵਿਕਾਸ ਲਈ ਸ਼ੁਰੂ ਕੀਤੇ ਗਏ ਵੱਖ-ਵੱਖ ਉਪਰਾਲਿਆਂ ’ਤੇ ਚਾਨਣਾ ਪਾਉਂਦਿਆਂ ਪੰਜਾਬ ਸਰਕਾਰ ਦੀ ਸ਼ਹਿਰੀ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸਾਰੀਆਂ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਦਾ ਵੀ ਪ੍ਰਗਟਾਵਾ ਕੀਤਾ।
ਕੈਬਨਿਟ ਮੰਤਰੀ ਨੇ ਬਿਹਤਰ ਅਤੇ ਸਾਫ-ਸੁਥਰੇ ਸ਼ਹਿਰਾਂ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਦਹੁਰਾਉਂਦਿਆਂ ਕਿਹਾ ਕਿ ਅਜਿਹੇ ਨਿਰੀਖਣ ਸੂਬੇ ਦੇ ਹੋਰ ਸ਼ਹਿਰਾਂ ਵਿੱਚ ਵੀ ਕੀਤੇ ਜਾਣਗੇ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਕੂੜਾ ਇੱਧਰ-ਉੱਧਰ ਨਾ ਸੁੱਟ ਕੇ ਨਿਰਧਾਰਿਤ ਥਾਵਾਂ ’ਤੇ ਸੁੱਟ ਕੇ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਵਿੱਚ ਸਹਿਯੋਗ ਦਿੱਤਾ ਜਾਵੇ।
ਇਸ ਉਪਰੰਤ ਉਨ੍ਹਾਂ ਨਗਰ ਕੌਂਸਲ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਵਿਕਾਸ ਕਾਰਜਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ ਵਲੋਂ ਕੈਬਨਿਟ ਮੰਤਰੀ ਨੂੰ ਕਰਤਾਰ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਨਗਰ ਕੌਂਸਲ ਵਲੋਂ ਸ਼ੁਰੂ ਕੀਤੇ ਗਏ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਤੋਂ ਜਾਣੂ ਕਰਵਾਇਆ ਗਿਆ।