Breaking
Tue. Jul 15th, 2025

ਜਲੰਧਰ ’ਚ ਹਰਿਆਵਲ ਵਧਾਉਣ ਲਈ ਇਸ ਮਾਨਸੂਨ ’ਚ ਲਗਾਏ ਜਾਣਗੇ 3.5 ਲੱਖ ਤੋਂ ਵੱਧ ਬੂਟੇ

ਹਰਿਆਵਲ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਦੀ ਸ਼ਤਾਬਦੀ ਨੂੰ ਸਮਰਪਿਤ ਹੋਵੇਗੀ ਬੂਟੇ ਲਗਾਉਣ ਦੀ ਮੁਹਿੰਮ

ਜਲੰਧਰ 3 ਜੁਲਾਈ (ਜਸਵਿੰਦਰ ਸਿੰਘ ਆਜ਼ਾਦ)- ਜ਼ਿਲ੍ਹੇ ਵਿੱਚ ਹਰਿਆਵਲ ਵਧਾਉਣ ਲਈ ਜਲੰਧਰ ਪ੍ਰਸ਼ਾਸਨ ਇਸ ਮਾਨਸੂਨ ਵਿੱਚ ਬੂਟੇ ਲਗਾਉਣ ਦੀ ਵਿਆਪਕ ਮੁਹਿੰਮ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਮੁਹਿੰਮ ਦਾ ਉਦੇਸ਼ ਜ਼ਿਲ੍ਹੇ ਭਰ ਵਿੱਚ 3.5 ਲੱਖ ਤੋਂ ਵੱਧ ਬੂਟੇ ਲਗਾਉਣਾ ਹੈ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਾਲ ਦੀ ਬੂਟੇ ਲਗਾਉਣ ਦੀ ਮੁਹਿੰਮ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਦੀ ਸ਼ਤਾਬਦੀ ਨੂੰ ਸਮਰਪਿਤ ਹੋਵੇਗੀ, ਜਿਸ ਵਿੱਚ ਸਰਕਾਰੀ ਵਿਭਾਗਾਂ, ਗੈਰ-ਸਰਕਾਰੀ ਸੰਗਠਨਾਂ ਦੇ ਨਾਲ-ਨਾਲ ਆਮ ਜਨਤਾ ਦੀ ਸਰਗਰਮ ਭਾਗੀਦਾਰੀ ਯਕੀਨੀ ਬਣਾਈ ਜਾਵੇਗੀ। 15 ਅਗਸਤ, 2025 ਤੱਕ ਮੁਕੰਮਲ ਹੋਣ ਵਾਲੀ ਇਹ ਮੁਹਿੰਮ ਜਲੰਧਰ ਦੇ ਸਾਰੇ ਪਿੰਡਾਂ, ਬਲਾਕਾਂ ਅਤੇ ਸ਼ਹਿਰੀ ਵਾਰਡਾਂ ਨੂੰ ਕਵਰ ਕਰੇਗੀ।

ਗਲੋਬਲ ਵਾਰਮਿੰਗ ਅਤੇ ਪ੍ਰਦੂਸ਼ਣ ਦੀਆਂ ਵਧਦੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਰੁੱਖ ਬਹੁਤ ਅਹਿਮ ਹਨ

ਡਾ. ਅਗਰਵਾਲ ਨੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਮੁਹਿੰਮ ਦੌਰਾਨ ਛਾਂਦਾਰ, ਫ਼ਲਦਾਰ ਅਤੇ ਫੁੱਲਦਾਰ ਬੂਟੇ ਲਗਾਏ ਜਾਣਗੇ, ਜੋ ਕਿ ਜ਼ਿਲ੍ਹੇ ਦੇ ਵਣ ਖੇਤਰ ਨੂੰ ਵਧਾਉਣ ਵਿੱਚ ਮਹੱਤਵਪੂਰਣ ਯੋਗਦਾਨ ਪਾਉਣਗੇ। ਨਾਗਰਿਕਾਂ ਨੂੰ ਇਸ ਮੁਹਿੰਮ ਵਿੱਚ ਵਧ-ਚੜ੍ਹ ਕੇ ਨਾਲ ਹਿੱਸਾ ਲੈਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਤਾਪਮਾਨ ਨੂੰ ਕੰਟਰੋਲ ਰੱਖਣ ਅਤੇ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਕਰਕੇ ਗਲੋਬਲ ਵਾਰਮਿੰਗ ਅਤੇ ਪ੍ਰਦੂਸ਼ਣ ਦੀਆਂ ਵਧਦੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਰੁੱਖ ਬਹੁਤ ਅਹਿਮ ਹਨ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਹਰਿਆ-ਭਰਿਆ ਜਲੰਧਰ ਸਿਰਜਣ ਦੀ ਅਪੀਲ ਕਰਦਿਆਂ ਕਿਹਾ ਕਿ ਵਾਤਾਵਰਣ ਸੰਬੰਧੀ ਚੁਣੌਤੀਆਂ ਦਾ ਹੱਲ ਸਿਰਫ਼ ਸਮੂਹਿਕ ਯਤਨਾਂ ਨਾਲ ਹੀ ਕੀਤਾ ਜਾ ਸਕਦਾ ਹੈ ਅਤੇ ਬੂਟੇ ਲਗਾਉਣ ਦੀ ਇਸ ਮੁਹਿੰਮ ਵਿੱਚ ਵੱਡੇ ਪੱਧਰ ’ਤੇ ਲੋਕ ਭਾਗੀਦਾਰੀ ਇਸ ਦੀ ਸਫ਼ਲਤਾ ਨੂੰ ਯਕੀਨੀ ਬਣਾਏਗੀ।

ਡਵੀਜ਼ਨਲ ਜੰਗਲਾਤ ਅਫ਼ਸਰ ਜਰਨੈਲ ਸਿੰਘ ਬਾਠ ਨੇ ਦੱਸਿਆ ਕਿ ਜੰਗਲਾਤ ਵਿਭਾਗ ਵੱਲੋਂ ਮਾਨਸੂਨ ਸੀਜ਼ਨ ਦੌਰਾਨ ਬੂਟਿਆਂ ਦੀ ਜ਼ਰੂਰਤ ਨੂੰ ਪੂਰਾ ਕਰਨ ਲਈ ਜ਼ਿਲ੍ਹੇ ਭਰ ਵਿੱਚ ਕਈ ਨਰਸਰੀਆਂ ਸਥਾਪਤ ਕੀਤੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰੀ ਵਿਭਾਗਾਂ ਨੂੰ ਇਸ ਮੁਹਿੰਮ ਲਈ ਜਿੱਥੇ ਬੂਟੇ ਮੁਫ਼ਤ ਮਿਲਣਗੇ, ਉੱਥੇ ਆਮ ਜਨਤਾ ਦੀ ਵੱਧ ਤੋਂ ਵੱਧ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਲਈ ਲੋਕ ਸਬਸਿਡੀ ਵਾਲੀਆਂ ਦਰਾਂ ‘ਤੇ ਬੂਟੇ ਪ੍ਰਾਪਤ ਕਰ ਸਕਦੇ ਹਨ।

ਪ੍ਰਸ਼ਾਸਨ ਦੀ ਇਸ ਪਹਿਲ ਦਾ ਉਦੇਸ਼ ਜਲੰਧਰ ਨੂੰ ਹਰਿਆ-ਭਰਿਆ ਬਣਾਉਣਾ ਅਤੇ ਵਾਤਾਵਰਣ ਸੰਭਾਲ ਪ੍ਰਤੀ ਸਮੂਹਿਕ ਜ਼ਿੰਮੇਵਾਰੀ ਨੂੰ ਉਤਸ਼ਾਹਿਤ ਕਰਨਾ ਹੈ।

By admin

Related Post