Breaking
Mon. Jul 14th, 2025

ਪੀ.ਐਸ.ਪੀ.ਸੀ.ਐਲ. ਦਾ ਡਿਪਟੀ ਚੀਫ਼ ਇੰਜੀਨੀਅਰ ਅਤੇ ਲਾਈਨਮੈਨ 50,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਡਿਪਟੀ ਚੀਫ਼ ਇੰਜੀਨੀਅਰ

ਚੰਡੀਗੜ੍ਹ 1 ਫਰਵਰੀ (ਜਸਵਿੰਦਰ ਸਿੰਘ ਆਜ਼ਾਦ)- ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਹੁਸ਼ਿਆਰਪੁਰ ਦੇ ਡਿਵੀਜ਼ਨ ਰੇਂਜ ਦਫ਼ਤਰ ਵਿਖੇ ਤਾਇਨਾਤ ਡਿਪਟੀ ਚੀਫ਼ ਇੰਜੀਨੀਅਰ ਹਰਮਿੰਦਰ ਸਿੰਘ ਅਤੇ ਲਾਈਨਮੈਨ ਕੇਵਲ ਸ਼ਰਮਾ ਨੂੰ 50,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਪੀ.ਐਸ.ਪੀ.ਸੀ.ਐਲ. ਡਿਵੀਜ਼ਨ ਦਫ਼ਤਰ, ਮੁਕੇਰੀਆਂ ਵਿਖੇ ਤਾਇਨਾਤ ਸੀਨੀਅਰ ਕਾਰਜਕਾਰੀ ਇੰਜੀਨੀਅਰ ਲਖਵੀਰ ਸਿੰਘ ਵਾਸੀ ਜਗਤ ਐਵੇਨਿਊ, ਪਿੰਡ ਹਰਦੋਥਲਾ, ਹੁਸ਼ਿਆਰਪੁਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਮੁਲਜ਼ਮ ਡਿਪਟੀ ਚੀਫ ਇੰਜੀਨੀਅਰ ਨੇ ਉਸਨੂੰ ਆਪਣੇ ਦਫ਼ਤਰ ਬੁਲਾਇਆ ਅਤੇ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਇਹ ਰਕਮ ਮੁਲਜ਼ਮ ਲਾਈਨਮੈਨ ਕੇਵਲ ਸ਼ਰਮਾ ਨੂੰ ਸੌਂਪਣ ਲਈ ਕਿਹਾ।

ਬੁਲਾਰੇ ਨੇ ਅੱਗੇ ਦੱਸਿਆ ਕਿ ਉਸਦੀ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਹੁਸ਼ਿਆਰਪੁਰ ਯੂਨਿਟ ਦੀ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾ ਕੇ ਦੋਵਾਂ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਦੋਵਾਂ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

By admin

Related Post