ਸਰਕਾਰੀ ਸਕੂਲਾਂ ਨੂੰ ਸਭ ਤੋਂ ਉੱਤਮ ਸਕੂਲ ਬਣਾਉਣ ’ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ : ਬਲਕਾਰ ਸਿੰਘ
ਜਲੰਧਰ/ਕਰਤਾਰਪੁਰ 16 ਅਪ੍ਰੈਲ (ਜਸਵਿੰਦਰ ਸਿੰਘ ਆਜ਼ਾਦ)- ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਵਿੱਢੀ ਗਈ ‘ਪੰਜਾਬ ਸਿੱਖਿਆ ਕ੍ਰਾਂਤੀֹ’ ਮੁਹਿੰਮ ਤਹਿਤ ਅੱਜ ਜਲੰਧਰ ਜ਼ਿਲ੍ਹੇ ਦੇ 12 ਸਰਕਾਰੀ ਸਕੂਲਾਂ ਵਿੱਚ 76.44 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜ ਸਮਰਪਿਤ ਕੀਤੇ ਗਏ।
ਇਨ੍ਹਾਂ ਵਿਕਾਸ ਕਾਰਜਾਂ ਵਿੱਚ ਨਵੇਂ ਕਲਾਸ ਰੂਮ, ਚਾਰਦਿਵਾਰੀ, ਸਾਇੰਸ ਲੈਬ ਸਮੇਤ ਜ਼ਰੂਰੀ ਮੁਰੰਮਤ ਦੇ ਕੰਮ ਸ਼ਾਮਲ ਹਨ।
ਵਿਧਾਨ ਸਭਾ ਹਲਕਾ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਵੱਲੋਂ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਈਸਪੁਰ, ਕਾਲਾ ਬਾਹੀਆ, ਭਤੀਜਾ ਰੰਧਾਵਾ, ਜੱਲਾ ਸਿੰਘ ਅਤੇ ਸਰਕਾਰੀ ਹਾਈ ਸਕੂਲ ਕਾਲਾ ਬਾਹੀਆ ਵਿਖੇ ਲਗਭਗ 27.90 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ।
ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਅਤਿ ਆਧੁਨਿਕ ਦਰਜੇ ਦਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਕੇ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ
ਸਰਕਾਰੀ ਪ੍ਰਾਇਮਰੀ ਸਕੂਲ ਈਸਪੁਰ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਉਪਰੰਤ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਬਲਕਾਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਅਤਿ ਆਧੁਨਿਕ ਦਰਜੇ ਦਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਕੇ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਤੇ ਆਧੁਨਿਕ ਢੰਗ ਨਾਲ ਸਿੱਖਿਆ ਮੁਹੱਈਆ ਕਰਵਾਉਣ ਲਈ ਸੂਬੇ ਦੇ ਸਕੂਲਾਂ ਨੂੰ ਉੱਤਮ ਦਰਜੇ ਦੇ ਸਕੂਲ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਕੂਲਾਂ ਵਿੱਚ ਅਤਿ ਆਧੁਨਿਕ ਬੁਨਿਆਦੀ ਢਾਂਚਾ ਜਿਵੇਂ ਕਿ ਸਮਾਰਟ ਕਲਾਸ ਰੂਮਜ਼, ਸਾਇੰਸ ਲੈਬਜ਼, ਸਪੋਰਟਸ ਟਰੈਕਸ, ਡਿਜੀਟਲ ਲਰਨਿੰਗ ਸਿਸਟਮ, ਕਲੱਸਟਰ ਰੂਮ, ਚਾਰਦਿਵਾਰੀਆਂ ਆਦਿ ਦੇ ਵਿਕਾਸ ਕੰਮ ਕਰਵਾਏ ਜਾ ਰਹੇ ਹਨ।
ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਸਕੂਲ ਆਫ ਐਮੀਨੈਂਸ ਦੀ ਸਥਾਪਨਾ, ਅਧਿਆਪਕਾਂ ਨੂੰ ਸਿਖ਼ਲਾਈ ਲਈ ਵਿਦੇਸ਼ ਭੇਜਣਾ, ਕੈਂਪਸ ਮੈਨੇਜਰ ਤੇ ਸੁਰੱਖਿਆ ਗਾਰਡ ਨਿਯੁਕਤ ਕਰਨਾ, ਬੱਸ ਸਰਵਿਸ ਸ਼ੁਰੂ ਕਰਨਾ ਸਮੇਤ ਕਈ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾਉਣ ਅਤੇ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਜਿਵੇਂ ਕਿ ਮੁਫ਼ਤ ਕਿਤਾਬਾਂ, ਵਰਦੀਆਂ ਆਦਿ ਦਾ ਵੱਧ ਤੋਂ ਵੱਧ ਲਾਭ ਉਠਾਉਣ।
ਇਸ ਮੌਕੇ ਵਿਦਿਆਰਥੀਆਂ ਦੇ ਮਾਪਿਆਂ ਨੇ ਸਰਕਾਰੀ ਸਕੂਲਾਂ ਵਿੱਚ ਪ੍ਰਾਈਵੇਟ ਸਕੂਲਾਂ ਦੀ ਤਰਜ਼ ’ਤੇ ਪ੍ਰਦਾਨ ਕੀਤੀਆਂ ਜਾ ਰਹੀਆਂ ਸਹੂਲਤਾਂ ਲਈ ਪੰਜਾਬ ਸਰਕਾਰ ਦੀ ਸ਼ਲ਼ਾਘਾ ਵੀ ਕੀਤੀ।
ਇਸ ਤੋਂ ਇਲਾਵਾ ਜ਼ਿਲ੍ਹੇ ਦੇ ਹੋਰਨਾਂ ਸਕੂਲਾਂ ਵਿੱਚ ਵੀ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ।