ਕਿਹਾ, ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ’ਚ ਨਵੇਂ ਮੀਲ ਪੱਥਰ ਸਥਾਪਤ ਕੀਤੇ
ਕਰਤਾਰਪੁਰ/ਜਲੰਧਰ 19 ਅਪ੍ਰੈਲ (ਜਸਵਿੰਦਰ ਸਿੰਘ ਆਜ਼ਾਦ)- ਪੰਜਾਬ ਸਰਕਾਰ ਦੀ ਪ੍ਰਮੁੱਖ ਪਹਿਲਕਦਮੀ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਵੱਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂਰਪੁਰ ਅਤੇ ਸਰਕਾਰੀ ਹਾਈ ਸਕੂਲ ਸ਼ੇਖੇ ਪਿੰਡ ਵਿਖੇ 79.92 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜ ਸਮਰਪਿਤ ਕੀਤੇ ਗਏ।
ਇਨ੍ਹਾਂ ਵਿਕਾਸ ਕਾਰਜਾਂ ਵਿੱਚ ਨਵੀਂ ਇਮਾਰਤ, ਕਲਾਸ ਰੂਮਜ਼ ਅਤੇ ਚਾਰਦਿਵਾਰੀ ਆਦਿ ਕੰਮ ਸ਼ਾਮਲ ਹਨ।
ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂਰਪੁਰ ਵਿਖੇ ਕਰਵਾਏ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਬਲਕਾਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਆਧੁਨਿਕ ਸਿੱਖਿਆ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਇਸੇ ਵਚਨਬੱਧਤਾ ਤਹਿਤ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਨਵੇਂ ਮੀਲ ਪੱਥਰ ਸਥਾਪਤ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿਥੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਡਿਜੀਟਲ ਢੰਗ ਨਾਲ ਸਿੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ ਉਥੇ ਆਧੁਨਿਕ ਬੁਨਿਆਦੀ ਢਾਂਚਾ ਮੁਹੱਈਆ ਕਰਵਾ ਕੇ ਇਨ੍ਹਾਂ ਸਕੂਲਾਂ ਦੀ ਨੁਹਾਰ ਬਦਲ ਕੇ ਰੱਖ ਦਿੱਤੀ ਹੈ, ਜਿਸ ਸਦਕਾ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾਕੇ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਵੱਖ-ਵੱਖ ਸਹੂਲਤਾਂ ਦਾ ਲਾਭ ਉਠਾਉਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਆਉਣ ਵਾਲੇ ਦਿਨਾਂ ਦੌਰਾਨ ਹਲਕੇ ਦੇ ਹੋਰਨਾਂ ਸਕੂਲਾਂ ਵਿੱਚ ਵੀ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਜਾਵੇਗਾ।