– 1.10 ਕਰੋੜ ਦੀ ਲਾਗਤ ਨਾਲ ਵੱਖ-ਵੱਖ ਸਕੂਲਾਂ ਦੇ ਕੰਮਾਂ ਦਾ ਕੀਤਾ ਉਦਘਾਟਨ
ਜਲੰਧਰ 11 ਅਪ੍ਰੈਲ (ਜਸਵਿੰਦਰ ਸਿੰਘ ਆਜ਼ਾਦ)- ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਲਈ ਸ਼ੁਰੂ ਕੀਤੀ ਗਈ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਅੱਜ ਵਿਧਾਨ ਸਭਾ ਹਲਕਾ ਜਲੰਧਰ ਕੇਂਦਰੀ ਤੋਂ ਵਿਧਾਇਕ ਰਮਨ ਅਰੋੜਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਕੋਹਾ, ਸਰਕਾਰੀ ਹਾਈ ਸਕੂਲ ਨੰਗਲ ਸ਼ਾਮਾ, ਸਰਕਾਰੀ ਹਾਈ ਸਕੂਲ ਕੋਟ ਰਾਮਦਾਸ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਡੋਵਾਲੀ ਰੋਡ, ਸਕੂਲ ਆਫ਼ ਐਮੀਨੈਂਸ ਲਾਡੋਵਾਲੀ ਰੋਡ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਡੋਵਾਲੀ ਰੋਡ (ਲੜਕੀਆਂ) ਅਤੇ ਸਰਕਾਰੀ ਪ੍ਰਾਇਮਰੀ ਸਕੂਲ ਪਰਾਗਪੁਰ ਵਿਖੇ 1.10 ਕਰੋੜ ਰੁਪਏ ਦੇ ਵੱਖ-ਵੱਖ ਕੰਮਾਂ ਦੇ ਉਦਘਾਟਨ ਕੀਤੇ ਗਏ।
ਸੂਬਾ ਸਰਕਾਰ ਵਲੋਂ ਸਾਰੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਆਰੀ ਤੇ ਗੁਣਵੱਤਾ ਭਰਪੂਰ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ
ਇਸ ਮੌਕੇ ਮਾਪਿਆਂ ਤੇ ਵਿਦਿਆਰਥੀਆਂ ਨਾਲ ਰੂਬਰੂ ਹੁੰਦਿਆਂ ਵਿਧਾਇਕ ਰਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸਾਰੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਆਰੀ ਤੇ ਗੁਣਵੱਤਾ ਭਰਪੂਰ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਜ਼ ਸਿੱਖਿਆ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਸ਼ੁਰੂ ਕੀਤੀ ਮੁਹਿੰਮ ‘ਪੰਜਾਬ ਸਿੱਖਿਆ ਕ੍ਰਾਂਤੀ’ ਮੀਲ ਦਾ ਪੱਥਰ ਸਾਬਿਤ ਹੋਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਵਾਧੂ ਕਲਾਸ ਰੂਮਾਂ, ਇੰਟੀਗ੍ਰੇਟਿਡ ਸਾਇੰਸ ਲੈਬਾਂ, ਚਾਰਦੀਵਾਰੀਆਂ, ਫਰਨੀਚਰ, ਪਖ਼ਾਨਿਆਂ ਦੀ ਉਸਾਰੀ ਆਦਿ ਦੇ ਕੰਮ ਪਹਿਲ ਦੇ ਅਧਾਰ ’ਤੇ ਮੁਕੰਮਲ ਕੀਤੇ ਗਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਸਰਕਾਰੀ ਸਕੂਲਾਂ ਵਿੱਚ ਇੰਟਰਨੈਟ ਦੀ ਸੁਵਿਧਾ ਵੀ ਮੁਹੱਈਆ ਕਰਵਾਈ ਜਾ ਰਹੀ ਹੈ।
ਇਸ ਮੌਕੇ ਵਿਦਿਆਰਥੀਆਂ ਦੇ ਮਾਪਿਆਂ ਵਲੋਂ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਕੀਤੇ ਜਾ ਰਹੇ ਸੁਹਿਰਦ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਹ ਸੂਬੇ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਦੇ ਕਾਬਿਲ ਬਣਾਉਣ ਲਈ ਸਕੂਲਾਂ ਵਿੱਚ ਗੁਣਵੱਤਾ ਭਰਪੂਰ ਸਿੱਖਿਆ ਪ੍ਰਦਾਨ ਕਰਵਾਉਣ ਵੱਲ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ।