ਪੰਜਾਬ ਸਰਕਾਰ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਨੂੰ ਪੂਰੀ ਸ਼ਰਧਾ ਨਾਲ ਮਨਾਉਣ ਲਈ ਵਚਨਬੱਧ : ਮੋਹਿੰਦਰ ਭਗਤ

ਸਤਿਗੁਰੂ ਰਵਿਦਾਸ ਮਹਾਰਾਜ

ਕੈਬਨਿਟ ਮੰਤਰੀ ਨੇ ਪ੍ਰਕਾਸ਼ ਉਤਸਵ ਸਮਾਗਮਾਂ ਤੇ ਸ਼ੋਭਾ ਯਾਤਰਾ ਦੀਆਂ ਤਿਆਰੀਆਂ ਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਜਲੰਧਰ 21 ਜਨਵਰੀ (ਜਸਵਿੰਦਰ ਸਿੰਘ ਆਜ਼ਾਦ)- ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਵੱਖ-ਵੱਖ ਧਾਰਮਿਕ ਸੰਗਠਨਾਂ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਅਤੇ ਸ਼ੋਭਾ ਯਾਤਰਾ ਸਬੰਧੀ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਅੱਜ ਇਥੇ ਸਤਿਗੁਰੂ ਰਵਿਦਾਸ ਧਾਮ ਵਿਖੇ ਮੇਅਰ ਵਨੀਤ ਧੀਰ, ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ, ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ, ਕਮਿਸ਼ਨਰ ਨਗਰ ਨਿਗਮ ਸੰਦੀਪ ਰਿਸ਼ੀ ਸਮੇਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ, ਪੰਜਾਬ ਸ੍ਰ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਪੂਰੀ ਸ਼ਰਧਾ ਤੇ ਉੱਚ ਮਿਆਰਾਂ ਨਾਲ ਮਨਾਉਣ ਲਈ ਦ੍ਰਿੜ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 1 ਫਰਵਰੀ ਨੂੰ ਪ੍ਰਕਾਸ਼ ਦਿਹਾੜੇ ਅਤੇ 31 ਜਨਵਰੀ ਨੂੰ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੌਰਾਨ ਸਮੁੱਚੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣਗੇ।

ਉਨ੍ਹਾਂ ਅਧਿਕਾਰੀਆਂ ਨੂੰ ਸੌਂਪੇ ਗਏ ਕੰਮਾਂ ਨੂੰ ਪੂਰੀ ਤਨਦੇਹੀ ਨਾਲ ਸਮੇਂ ਸਿਰ ਨੇਪਰੇ ਚਾੜ੍ਹਨ ਦੀਆਂ ਹਦਾਇਤਾਂ ਕੀਤੀਆਂ ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ੋਭਾ ਯਾਤਰਾ ਦੌਰਾਨ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਜਾਰੀ ਰੱਖਣ ਲਈ ਸੁਚੱਜੇ ਪ੍ਰਬੰਧਾਂ ਤੋਂ ਇਲਾਵਾ ਸ਼ੋਭਾ ਯਾਤਰਾ ਦੌਰਾਨ ਮਹਿਲਾ ਪੁਲਿਸ ਦੀ ਤਾਇਨਾਤੀ ਅਤੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਜਾਣ ਕੀਤੇ ਜਾਣ।

ਸ੍ਰੀ ਭਗਤ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸ਼ੋਭਾ ਯਾਤਰਾ ਦੇ ਰਸਤਿਆਂ ’ਤੇ ਸਾਫ਼-ਸਫ਼ਾਈ, ਪਾਣੀ ਦਾ ਛਿੜਕਾਅ , ਚੌਕਾਂ ਦੀ ਸਜਾਵਟ ਅਤੇ ਆਰਜੀ ਪਖਾਨਿਆਂ ਅਤੇ ਪੀਣ ਵਾਲੇ ਸਾਫ਼ ਪਾਣੀ ਤੋਂ ਇਲਾਵਾ ਫਾਇਰ ਟੈਂਡਰ ਦੇ ਪੁਖ਼ਤਾ ਪ੍ਰਬੰਧਾਂ ਪਹਿਲਾਂ ਹੀ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਇਸ ਤੋਂ ਇਲਾਵਾ ਸਮਾਗਮ ਵਾਲੇ ਸਥਾਨਾਂ ’ਤੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ।

ਸਾਰੇ ਲੋੜੀਂਦੇ ਇੰਤਜ਼ਾਮ ਸਮੇਂ ਸਿਰ ਮੁਕੰਮਲ ਕੀਤੇ ਜਾਣਗੇ

ਇਸ ਮੌਕੇ ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਨੇ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਸਮਾਗਮਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰਬੰਧਾਂ ਪੱਖੋਂ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਰੇ ਲੋੜੀਂਦੇ ਇੰਤਜ਼ਾਮ ਸਮੇਂ ਸਿਰ ਮੁਕੰਮਲ ਕੀਤੇ ਜਾਣਗੇ, ਜਿਸ ਦੇ ਲਈ ਵੱਖ-ਵੱਖ ਅਧਿਕਾਰੀਆਂ ਦੀਆਂ ਡਿਊਟੀਆਂ ਪਹਿਲਾਂ ਹੀ ਲਗਾਈਆਂ ਜਾ ਚੁੱਕੀਆਂ ਹਨ।

ਇਸ ਉਪਰੰਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਵਲੋਂ ਸ੍ਰੀ ਗੁਰੂ ਰਵਿਦਾਸ ਮੰਦਿਰ ਮੈਮੋਰੀਅਲ ਟਰੱਸਟ, ਸਿਧਾਰਥ ਨਗਰ ਵਿਖੇ ਮੀਟਿੰਗ ਦੌਰਾਨ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਸਬੰਧੀ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਸਰਧਾਲੂਆਂ ਨੂੰ ਸੱਦਾ ਦਿੱਤਾ ਕਿ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਸਬੰਧੀ ਕਰਵਾਏ ਜਾ ਰਹੇ ਸਮਾਗਮਾਂ ਤੇ ਸ਼ੋਭਾ ਯਾਤਰਾ ਵਿੱਚ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਵੱਡੀ ਗਿਣਤੀ ਵਿੱਚ ਸ਼ਿਰਕਤ ਕਰਨ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਉਪ ਮੰਡਲ ਮੈਜਿਸਟ੍ਰੇਟ ਰਣਦੀਪ ਸਿੰਘ ਹੀਰ, ਸੀਨੀਅਰ ਡਿਪਟੀ ਮੇਅਰ ਬਲਬੀਰ ਸਿੰਘ ਬਿੱਟੂ, ਸਤਿਗੁਰੂ ਰਵਿਦਾਸ ਧਾਮ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸੇਠ ਸੱਤਪਾਲ ਮੱਲ ਤੇ ਜਨਰਲ ਸਕੱਤਰ ਵਿਨੋਦ ਕੋਲ, ਸ੍ਰੀ ਗੁਰੂ ਰਵਿਦਾਸ ਮੈਮੋਰੀਅਲ ਟਰੱਸਟ ਸਿਧਾਰਥ ਨਗਰ ਦੇ ਪ੍ਰਧਾਨ ਸਟੀਫਨ ਕਲੇਰ, ਸੀਨੀਅਰ ਆਪ ਆਗੂ ਰਾਜਵਿੰਦਰ ਕੌਰ ਥਿਆੜਾ ਤੋਂ ਇਲਾਵਾ ਧਾਰਮਿਕ ਸੰਗਠਨਾਂ ਦੇ ਅਹੁਦੇਦਾਰ ਵੀ ਮੌਜੂਦ ਸਨ।

By admin

Related Post