Breaking
Sat. Mar 28th, 2026

ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਨਿਭਾਇਆ : ਮੋਹਿੰਦਰ ਭਗਤ

ਪੰਜਾਬ ਸਰਕਾਰ

‘ਚਾਰ ਸਾਲ ਭਗਵੰਤ ਮਾਨ ਦੇ ਨਾਲ’ ਤਹਿਤ ਲੋਕਾਂ ਨਾਲ ਸਿੱਧਾ ਸੰਵਾਦ

ਕੈਬਨਿਟ ਮੰਤਰੀ ਨੇ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਚਾਰ ਸਾਲਾਂ ਦੀਆਂ ਪ੍ਰਾਪਤੀਆਂ ਤੋਂ ਕਰਵਾਇਆ ਜਾਣੂ

ਜਲੰਧਰ 27 ਮਾਰਚ (ਜਸਵਿੰਦਰ ਸਿੰਘ ਆਜ਼ਾਦ)- ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ‘ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ’ ਮੁਹਿੰਮ ਤਹਿਤ ਜਲੰਧਰ ਵਾਸੀਆਂ ਨਾਲ ਅੱਜ ਕੀਤੇ ਸਿੱਧੇ ਸੰਵਾਦ ਦੌਰਾਨ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਨਿਭਾਇਆ ਹੈ।

ਇਥੇ ਵਾਰਡ ਨੰ. 42, 44 ਅਤੇ 58 ਵਿਖੇ ਵੱਖ-ਵੱਖ ਮੀਟਿੰਗਾਂ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਚਾਰ ਸਾਲਾਂ ਦੀਆਂ ਪ੍ਰਾਪਤੀਆਂ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਪੰਜਾਬ ਸਰਕਾਰ ਦੀ ਚਾਰ ਸਾਲਾਂ ਦੀ ਕਾਰਗੁਜ਼ਾਰੀ ਤੋਂ ਬਹੁਤ ਖੁਸ਼ ਹਨ ਕਿਉਂਕਿ ਮਾਨ ਸਰਕਾਰ ਨੇ ਆਪਣੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਇਤਿਹਾਸਕ ਫੈਸਲੇ ਲੈ ਕੇ ਜਿਥੇ ਲੋਕਾਂ ਨੂੰ ਸਹੂਲਤਾਂ ਦਿੱਤੀਆਂ ਉਥੇ ਵਿਕਾਸ ਪਹਿਲਕਦਮੀਆਂ ਰਾਹੀਂ ਪ੍ਰਮੱਖ ਖੇਤਰਾਂ ਦੀ ਨੁਹਾਰ ਬਦਲ ਦਿੱਤੀ ਹੈ।

ਸ਼੍ਰੀ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਮ ਆਦਮੀ ਕਲੀਨਿਕਾਂ ਰਾਹੀਂ ਮਿਆਰੀ ਸਿਹਤ ਸੇਵਾਵਾਂ, ਸਕੂਲ ਆਫ਼ ਐਮੀਨੈਂਸ ਰਾਹੀਂ ਮਿਆਰੀ ਸਿੱਖਿਆ, ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਦੀ ਕਾਇਆ ਕਲਪ, ਖੇਡ ਬੁਨਿਆਦੀ ਢਾਂਚੇ ਨੂੰ ਹੁਲਾਰਾ, ਸੂਬੇ ਦੇ ਹਰ ਪਰਿਵਾਰ ਲਈ 10 ਲੱਖ ਰੁਪਏ ਤੱਕ ਦੇ ਕੈਸ਼ਲੈੱਸ ਇਲਾਜ ਦੀ ਸਹੂਲਤ ਵਰਗੇ ਲੋਕ ਪੱਖੀ ਉਪਰਾਲੇ ਲਾਗੂ ਕੀਤੇ ਹਨ।

ਸੂਬੇ ਦੇ 90 ਫ਼ੀਸਦੀ ਪਰਿਵਾਰਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਮਿਲ ਰਹੀ ਹੈ

ਉਨ੍ਹਾਂ ਕਿਹਾ ਕਿ ਸੂਬੇ ਦੇ 90 ਫ਼ੀਸਦੀ ਪਰਿਵਾਰਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਮਿਲ ਰਹੀ ਹੈ। ਕਿਸਾਨਾਂ ਲਈ ਪਹਿਲੀ ਵਾਰ ਦਿਨ ਵੇਲੇ ਬਿਜਲੀ ਅਤੇ ਲੱਖਾਂ ਕਿਸਾਨਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਾਰਦਰਸ਼ੀ ਢੰਗ ਨਾਲ 65,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨ ਲਈ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਾਗੂ ਕੀਤੀ ਗਈ ਹੈ, ਜਿਸ ਤਹਿਤ ਇਸ ਬਜਟ ਵਿੱਚ ਐਸ.ਸੀ. ਵਰਗ ਦੀਆਂ ਔਰਤਾਂ ਲਈ 1500 ਰੁਪਏ ਅਤੇ ਜਨਰਲ ਵਰਗ ਦੀਆਂ ਔਰਤਾਂ ਲਈ 1000 ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਰਾਖੀ ਕਰਦਿਆਂ ਸ਼ਹੀਦ ਹੋਣ ਵਾਲੇ ਫੌਜੀਆਂ ਦੇ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਸਹਾਇਤਾ ਰਾਸ਼ੀ ਵਧਾ ਕੇ 1 ਕਰੋੜ ਰੁਪਏ ਕੀਤੀ ਗਈ ਹੈ।

ਨਸ਼ਿਆਂ ਖਿਲਾਫ਼ ਚਲਾਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਵੱਡੀ ਗਿਣਤੀ ਤਸਕਰ ਗ੍ਰਿਫ਼ਤਾਰ ਕੀਤੇ ਗਏ ਹਨ। ਇਸ ਤੋਂ ਇਲਾਵਾ ਨਸ਼ੇ ਦੇ ਜੰਜਾਲ ਵਿੱਚ ਫਸ ਚੁੱਕੇ ਨੌਜਵਾਨਾਂ ਦੇ ਮੁੜ ਵਸੇਬੇ ਲਈ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ। ਬੁਨਿਆਦੀ ਢਾਂਚੇ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ।

ਸਰਕਾਰ ਦਾ ਰਿਪੋਰਟ ਕਾਰਡ ਲੈ ਕੇ ਹਰ ਪਿੰਡ, ਗਲੀ ਅਤੇ ਘਰ-ਘਰ ਪਹੁੰਚ ਰਹੇ ਹਨ

ਸ਼੍ਰੀ ਭਗਤ ਨੇ ਕਿਹਾ ਕਿ ਮਾਨ ਸਰਕਾਰ ਦੇ ਚਾਰ ਸਾਲ ਪੂਰੇ ਹੋਣ ’ਤੇ ਵਿੱਢੀ ਸੂਬਾ ਪੱਧਰੀ ਇਸ ਜਨਤਕ ਮੁਹਿੰਮ ਤਹਿਤ 16,000 ਰੈਲੀਆਂ, ਜਨ ਸਭਾਵਾਂ ਅਤੇ ਨੁੱਕੜ ਮੀਟਿੰਗਾਂ ਰਾਹੀਂ ਸਰਕਾਰ ਦਾ ਰਿਪੋਰਟ ਕਾਰਡ ਸਿੱਧਾ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਮੁਹਿੰਮ ਤਹਿਤ ਮੰਤਰੀ, ਵਿਧਾਇਕ, ਚੇਅਰਮੈਨ, ਸਰਪੰਚ, ਪੰਚ, ਐਮ.ਸੀ., ਜ਼ਿਲ੍ਹਾ ਪ੍ਰਧਾਨ ਅਤੇ ਪਾਰਟੀ ਵਲੰਟੀਅਰ ਸ਼ਾਮਲ ਹੋ ਰਹੇ ਹਨ ਅਤੇ ਸਰਕਾਰ ਦਾ ਰਿਪੋਰਟ ਕਾਰਡ ਲੈ ਕੇ ਹਰ ਪਿੰਡ, ਗਲੀ ਅਤੇ ਘਰ-ਘਰ ਪਹੁੰਚ ਰਹੇ ਹਨ।

ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ‘ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ’ ਮੁਹਿੰਮ ਤਹਿਤ ਸ਼ਹਿਰ ਦੇ ਵਾਰਡ ਨੰ. 52 ਤੇ 53 ਵਿੱਚ ਵੀ ਲੋਕਾਂ ਨਾਲ ਸਿੱਧਾ ਸੰਵਾਦ ਕੀਤਾ ਗਿਆ ਸੀ।

ਇਸ ਮੌਕੇ ਕੌਂਸਲਰ ਮਨੀਸ਼ ਕਲਰੂਪੀਆ, ਰੋਮੀ ਵਧਵਾ ਤੋਂ ਇਲਾਵਾ ਕਮਲ ਲੋਚ, ਅਯੂਬ ਦੁੱਗਲ ਤੇ ਓਂਕਾਰ ਰਾਜੀਵ ਟਿੱਕਾ ਅਤੇ ਵੱਡੀ ਗਿਣਤੀ ਲੋਕ ਮੌਜੂਦ ਸਨ।

By admin

Related Post