ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਪੀ.ਸੀ.ਐਸ.ਤੇ ਡੀ.ਐਸ.ਪੀ. ਦੀਆਂ ਨੌਕਰੀਆਂ ਨਾਲ ਕੀਤਾ ਜਾ ਰਿਹੈ ਸਨਮਾਨਿਤ- ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ

ਪੰਜਾਬ ਸਰਕਾਰ

ਪਿੰਡ ਘੁੜਿਆਲ ਵਿਖੇ 9ਵੇਂ ਸਲਾਨਾ ਓਪਨ ਪਿੰਡ ਪੱਧਰੀ ਫੁੱਟਬਾਲ ਟੂਰਨਾਮੈਂਟ ’ਚ ਬਤੌਰ ਮੁੱਖ ਮਹਿਮਾਨ ਹੋਏ ਸ਼ਾਮਿਲ

ਖੇਡਾਂ ਦੇ ਖੇਤਰ ’ਚ ਵੱਡਮੁੱਲਾ ਯੋਗਦਾਨ ਪਾਉਣ ਲਈ ਸ਼ਹੀਦ ਬੱਬਰ ਨੰਦ ਸਿੰਘ ਸਪੋਰਟਸ ਕਲੱਬ ਦੀ ਕੀਤੀ ਭਰਪੂਰ ਸ਼ਲਾਘਾ

ਖਿਡਾਰੀਆਂ ਨੂੰ ਖੇਡਾਂ ਦੇ ਖੇਤਰ ’ਚ ਸ਼ਾਨਦਾਰ ਪ੍ਰਦਰਸ਼ਨ ਲਈ ਕੀਤਾ ਪ੍ਰੇਰਿਤ

ਜਲੰਧਰ 31 ਜਨਵਰੀ (ਜਸਵਿੰਦਰ ਸਿੰਘ ਆਜ਼ਾਦ)- ਪੰਜਾਬ ਸਰਕਾਰ ਵਲੋਂ ਖੇਡਾਂ ਦੇ ਖੇਤਰ ਵਿੱਚ ਦੇਸ਼ ਅਤੇ ਸੂਬੇ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਪੀ.ਸੀ.ਐਸ. ਤੇ ਡੀ.ਐਸ.ਪੀ. ਦੀਆਂ ਨੌਕਰਦੀਆਂ ਨਾਲ ਸਨਮਾਨਿਆ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਰਾਜ ਸਭਾ ਮੈਂਬਰ ਅਤੇ ਪ੍ਰਸਿੱਧ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਵਲੋਂ ਅੱਜ ਸ਼ਹੀਦ ਬੱਬਰ ਨੰਦ ਸਿੰਘ ਸਪੋਰਟਸ ਕਲੱਬ ਪਿੰਡ ਘੁੜਿਆਲ ਅਤੇ ਐਨ.ਆਰ.ਆਈਜ਼ ਦੇ ਸਹਿਯੋਗ ਨਾਲ 28 ਜਨਵਰੀ ਤੋਂ 2 ਫਰਵਰੀ 2025 ਤੱਕ ਕਰਵਾਏ ਜਾ ਰਹੇ 9ਵੇਂ ਸਲਾਨਾ ਓਪਨ ਪਿੰਡ ਪੱਧਰੀ ਫੁੱਟਬਾਲ ਟੂਰਨਾਮੈਂਟ ਦੌਰਾਨ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੁੰਦਿਆਂ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਸੰਬੋਧਨ ਕਰਦਿਆਂ ਕੀਤਾ।

ਸੰਤ ਬਲਬੀਰ ਸਿੰਘ ਸੀਚੇਵਾਲ ਨੇ ਖਿਡਾਰੀਆਂ ਨੂੰ ਖੇਡਾਂ ਦੇ ਖੇਤਰ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸੂਬੇ ਵਿੱਚ ਖੇਡ ਸਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਹਰ ਸਾਲ ‘ਖੇਡਾਂ ਵਤਨ ਪੰਜਾਬ ਦੀਆਂ’ ਪ੍ਰੋਗਰਾਮ ਤਹਿਤ ਖੇਡਾਂ ਕਰਵਾਈਆਂ ਜਾ ਰਹੀਆਂ ਹਨ, ਜਿਸ ਨੂੰ ਸੂਬੇ ਦੇ ਖਿਡਾਰੀਆ ਵਲੋਂ ਵੱਡਾ ਹੁੰਗਾਰਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰ ਕਰਵਾਈਆਂ ਗਈਆਂ ਖੇਡਾਂ ਦੌਰਾਨ ਸੂਬੇ ਭਰ ਤੋਂ ਹਰ ਉਮਰ ਵਰਗ ਦੇ ਕਰੀਬ 5 ਲੱਖ ਤੋਂ ਵੱਧ ਖਿਡਾਰੀਆਂ ਵਲੋਂ ਸ਼ਿਰਕਤ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਖਿਡਾਰੀਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਪੰਜਾਬ ਸਰਕਾਰ ਵਲੋਂ 11 ਨਾਮੀ ਖਿਡਾਰੀਆਂ ਨੂੰ ਪੀ.ਸੀ.ਐਸ.ਤੇ ਡੀ.ਐਸ.ਪੀਜ਼ ਦੀਆਂ ਨੌਕਰੀਆਂ ਨਾਲ ਨਵਾਜਿਆ ਗਿਆ ਹੈ।

ਸੰਤ ਬਲਬੀਰ ਸਿੰਘ ਸੀਚੇਵਾਲ ਨੇ ਖਿਡਾਰੀਆਂ ਨੂੰ ਕਿਹਾ ਕਿ ਖੇਡਾਂ ਖੇਡ ਭਾਵਨਾ ਨਾਲ ਖੇਡਣੀਆਂ ਚਾਹੀਦੀਆਂ ਹਨ

ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਖਿਡਾਰੀਆਂ ਨੂੰ ਕਿਹਾ ਕਿ ਖੇਡਾਂ ਖੇਡ ਭਾਵਨਾ ਨਾਲ ਖੇਡਣੀਆਂ ਚਾਹੀਦੀਆਂ ਹਨ। ਉਨ੍ਹਾਂ ਦੱਸਿਆ ਕਿ ਖੇਡਾਂ ਨਾਲ ਜਿਥੇ ਖਿਡਾਰੀਆਂ ਦਾ ਸਰਵਪੱਖੀ ਵਿਕਾਸ ਹੁੰਦਾ ਹੈ, ਉਥੇ ਹੀ ਆਪਸੀ ਭਾਈਚਾਰਕ ਸਾਂਝ ਵੀ ਮਜ਼ਬੂਤ ਹੁੰਦੀ ਹੈ। ਉਨ੍ਹਾਂ ਖਿਡਾਰੀਆਂ ਨੂੰ ਕਿਹਾ ਕਿ ਦੇਸ਼ ਅਤੇ ਸੂਬੇ ਦਾ ਨਾਮ ਰੌਸ਼ਨ ਕਰਨ ਲਈ ਪੂਰੀ ਲਗਨ ਤੇ ਮਿਹਨਤ ਨਾਲ ਖੇਡਾਂ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ। ਇਸ ਮੌਕੇ ਉਨ੍ਹਾਂ ਸ਼ਹੀਦ ਬੱਬਰ ਨੰਦ ਸਿੰਘ ਸਪੋਰਟਸ ਕਲੱਬ ਵਲੋਂ ਖੇਡਾਂ ਦੇ ਖੇਤਰ ਵਿੱਚ ਵੱਡਮੁੱਲਾ ਯੋਗਦਾਨ ਪਾਉਣ ਅਤੇ ਹਰ ਸਾਲ ਪਿੰਡ ਪੱਧਰ ਦਾ ਓਪਨ ਫੁੱਟਬਾਲ ਟੂਰਨਾਮੈਂਟ ਕਰਵਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕੀਤੀ ਗਈ।

ਇਸ ਮੌਕੇ ਸ਼ਹੀਦ ਬੱਬਰ ਨੰਦ ਸਿੰਘ ਸਪੋਰਟਸ ਕਲੱਬ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਪਿੰਡ ਪੱਧਰ ਦੇ ਓਪਨ ਟੂਰਨਾਮੈਂਟ ਦੌਰਾਨ ਪਹਿਲਾ ਇਨਾਮ 41000 ਰੁਪਏ ਤੇ ਕੱਪ, ਦੂਜਾ ਇਨਾਮ 31000 ਰੁਪਏ ਤੇ ਕੱਪ, ਤੀਜਾ ਇਨਾਮ 7100 ਰੁਪਏ ਤੇ ਕੱਪ ਅਤੇ ਚੌਥਾ ਇਨਾਮ 5100 ਰੁਪਏ ਤੇ ਕੱਪ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ 28 ਜਨਵਰੀ ਤੋਂ 2 ਫਰਵਰੀ ਤੱਕ ਕਰਵਾਏ ਜਾ ਰਹੇ 9ਵੇਂ ਸਲਾਨਾ ਓਪਨ ਪਿੰਡ ਪੱਧਰ ਫੁੱਟਬਾਲ ਟੂਰਨਾਮੈਂਟ ਦੌਰਾਨ ਖਿਡਾਰੀਆਂ ਦੀ ਸਹੂਲਤ ਲਈ ਸੁਚੱਜੇ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਗਿਆ ਹੈ।

By admin

Related Post