Breaking
Thu. Jun 11th, 2026

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਪੰਜਾਬ ਸਰਕਾਰ ਹਰ ਵਰਗ ਦੇ ਵਿਕਾਸ ਲਈ ਵਚਨਬੱਧ : ਡਾ. ਰਵਜੋਤ ਸਿੰਘ

ਡਾ. ਰਵਜੋਤ ਸਿੰਘ

• ਹਰਪ੍ਰੀਤ ਸਿੰਘ ਕੌਂਸਲ, ਅਮਨਦੀਪ ਸਿੰਘ ਸਰਪੰਚ ਅਤੇ ਰਚਨਾ ਅੱਤਰੀ ਨੂੰ ਮਿਲੀਆਂ ਅਹਿਮ ਜ਼ਿੰਮੇਵਾਰੀਆਂ

ਹੁਸ਼ਿਆਰਪੁਰ, 11 ਜੂਨ ( ਤਰਸੇਮ ਦੀਵਾਨਾ ) – ਆਮ ਆਦਮੀ ਪਾਰਟੀ (ਆਪ) ਵੱਲੋਂ ਸੰਗਠਨ ਦਾ ਵਿਸਥਾਰ ਕਰਦੇ ਹੋਏ ਪਾਰਟੀ ਲਈ ਦਿਨ-ਰਾਤ ਮਿਹਨਤ ਕਰਨ ਵਾਲੇ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਇਸੇ ਲੜੀ ਤਹਿਤ ਹਰਪ੍ਰੀਤ ਸਿੰਘ ਕੌਂਸਲ ਨੂੰ ਜ਼ਿਲ੍ਹਾ ਚੇਅਰਮੈਨ ਰਾਮਗੜ੍ਹੀਆ ਭਲਾਈ ਬੋਰਡ, ਅਮਨਦੀਪ ਸਿੰਘ ਸਰਪੰਚ ਨੂੰ ਸੂਬਾ ਸਪੋਰਟਸ ਕਮੇਟੀ ਮੈਂਬਰ ਅਤੇ ਰਚਨਾ ਅੱਤਰੀ ਨੂੰ ਜ਼ਿਲ੍ਹਾ ਮੀਤ ਪ੍ਰਧਾਨ ਜ਼ਿਲ੍ਹਾ ਮਹਿਲਾ ਵਿੰਗ ਨਿਯੁਕਤ ਕੀਤੇ ਜਾਣ ‘ਤੇ ਪੰਜਾਬ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਹਰਦੇਵ ਸਿੰਘ ਕੌਂਸਲ ਸਟੇਟ ਚੇਅਰਮੈਨ ਸਿਵਲ ਪ੍ਰੋਡਕਸ਼ਨ ਲੀਗਲ ਸਰਵਿਸ, ਇੰਦਰਜੀਤ ਕੌਰ ਕੌਂਸਲ ਮੈਂਬਰ ਜ਼ਿਲ੍ਹਾ ਪਰਿਸ਼ਦ ਅਤੇ ਸਰਪੰਚ ਪਰਵਿੰਦਰ ਸਿੰਘ ਸੱਜਣ ਦੀ ਹਾਜ਼ਰੀ ਵਿੱਚ ਨਵ-ਨਿਯੁਕਤ ਅਹੁਦੇਦਾਰਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕਰਦਿਆਂ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਇੱਕ ਅਜਿਹੀ ਪਾਰਟੀ ਹੈ ਜਿੱਥੇ ਆਮ ਘਰਾਂ ਦੇ ਮਿਹਨਤੀ ਵਰਕਰਾਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਂਦਾ ਹੈ।

ਉਨ੍ਹਾਂ ਉਮੀਦ ਜਤਾਈ ਕਿ ਇਹ ਸਾਰੇ ਆਗੂ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣਗੇ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਇਤਿਹਾਸਕ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਵੱਲ ਵੱਡੇ ਕਦਮ ਪੁੱਟੇ ਹਨ। ਉਨ੍ਹਾਂ ਮੁੱਖ ਪ੍ਰਾਪਤੀਆਂ ਗਿਣਾਉਂਦਿਆਂ ਕਿਹਾ ਕਿ ਪੰਜਾਬ ਦੇ ਲਗਭਗ 90 ਫੀਸਦੀ ਤੋਂ ਵੱਧ ਘਰਾਂ ਦਾ ਬਿਜਲੀ ਦਾ ਬਿੱਲ ‘ਜ਼ੀਰੋ’ ਆ ਰਿਹਾ ਹੈ, ਜਿਸ ਨਾਲ ਆਮ ਲੋਕਾਂ ਨੂੰ ਵੱਡੀ ਆਰਥਿਕ ਰਾਹਤ ਮਿਲੀ ਹੈ।

ਹਜ਼ਾਰਾਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ

ਸਰਕਾਰ ਵੱਲੋਂ ਬਿਨਾਂ ਕਿਸੇ ਰਿਸ਼ਵਤ ਜਾਂ ਸਿਫ਼ਾਰਿਸ਼ ਦੇ, ਨਿਰੋਲ ਮੈਰਿਟ ਦੇ ਅਧਾਰ ‘ਤੇ ਹਜ਼ਾਰਾਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਪੰਜਾਬ ਵਿੱਚ ਖੋਲ੍ਹੇ ਗਏ ‘ਆਮ ਆਦਮੀ ਕਲੀਨਿਕ’ ਲੋਕਾਂ ਨੂੰ ਮੁਫ਼ਤ ਅਤੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੇ ਹਨ। ਇਸ ਦੇ ਨਾਲ ਹੀ ਸਰਕਾਰੀ ਸਕੂਲਾਂ ਨੂੰ ‘ਸਕੂਲ ਆਫ਼ ਐਮੀਨੈਂਸ’ ਵਜੋਂ ਵਿਕਸਿਤ ਕਰਕੇ ਸਿੱਖਿਆ ਦਾ ਪੱਧਰ ਉੱਚਾ ਚੁੱਕਿਆ ਗਿਆ ਹੈ।

ਕੈਬਨਿਟ ਮੰਤਰੀ ਡਾ ਰਵਜੋਤ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ‘ਖੇਡਾਂ ਵਤਨ ਪੰਜਾਬ ਦੀਆਂ’ ਵਰਗੇ ਵੱਡੇ ਉਪਰਾਲੇ ਕੀਤੇ ਗਏ ਹਨ, ਤਾਂ ਜੋ ਪੰਜਾਬ ਦੇ ਗੱਭਰੂ ਕੌਮਾਂਤਰੀ ਪੱਧਰ ‘ਤੇ ਚਮਕ ਸਕਣ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਨੀਅਤ ਅਤੇ ਨੀਤੀ ਬਿਲਕੁਲ ਸਾਫ਼ ਹੈ। ਅਸੀਂ ਜੋ ਵਾਅਦੇ ਲੋਕਾਂ ਨਾਲ ਕੀਤੇ ਸਨ, ਉਹ ਇੱਕ-ਇੱਕ ਕਰਕੇ ਪੂਰੇ ਕੀਤੇ ਜਾ ਰਹੇ ਹਨ। ਹਰਪ੍ਰੀਤ ਸਿੰਘ, ਅਮਨਦੀਪ ਸਿੰਘ ਅਤੇ ਰਚਨਾ ਅੱਤਰੀ ਵਰਗੇ ਮਿਹਨਤੀ ਸਾਥੀ ਸਰਕਾਰ ਦੀਆਂ ਇਨ੍ਹਾਂ ਲੋਕ-ਪੱਖੀ ਨੀਤੀਆਂ ਨੂੰ ਹੇਠਲੇ ਪੱਧਰ ਤੱਕ ਲੈ ਕੇ ਜਾਣਗੇ |

ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਮੇਸ਼ਾ ਤਤਪਰ ਰਹਿਣਗੇ

ਇਸ ਮੌਕੇ ਨਵੇਂ ਬਣੇ ਚੇਅਰਮੈਨ ਹਰਪ੍ਰੀਤ ਸਿੰਘ ਕੌਂਸਲ, ਸੂਬਾ ਸਪੋਰਟਸ ਕਮੇਟੀ ਮੈਂਬਰ ਅਮਨਦੀਪ ਸਿੰਘ ਸਰਪੰਚ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਰਚਨਾ ਅੱਤਰੀ ਨੇ ਪਾਰਟੀ ਹਾਈਕਮਾਂਡ, ਮੁੱਖ ਮੰਤਰੀ ਭਗਵੰਤ ਮਾਨ ਅਤੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਉਹ ਉਨ੍ਹਾਂ ਨੂੰ ਸੌਂਪੀ ਗਈ ਇਸ ਅਹਿਮ ਜ਼ਿੰਮੇਵਾਰੀ ਨੂੰ ਪੂਰੀ ਨਿਸ਼ਠਾ ਨਾਲ ਨਿਭਾਉਣਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਮੇਸ਼ਾ ਤਤਪਰ ਰਹਿਣਗੇ।

ਇਸ ਮੌਕੇ ਹਰਦੇਵ ਸਿੰਘ ਕੌਂਸਲ ਸਟੇਟ ਚੇਅਰਮੈਨ ਸਿਵਲ ਪ੍ਰੋਡਕਸ਼ਨ ਲੀਗਲ ਸਰਵਿਸ, ਇੰਦਰਜੀਤ ਕੌਰ ਕੌਂਸਲ ਮੈਂਬਰ ਜ਼ਿਲ੍ਹਾ ਪਰਿਸ਼ਦ ਅਤੇ ਸਰਪੰਚ ਪਰਵਿੰਦਰ ਸਿੰਘ ਸੱਜਣ, ਇੰਦਰਪਾਲ ਸਿੰਘ ਹਰਿਆਣਾ, ਗੁਰਸੇਵਕ ਸਿੰਘ ਕੌਂਸਲ ਸਮੇਤ ਪਾਰਟੀ ਦੇ ਕਈ ਸੀਨੀਅਰ ਆਗੂ, ਵਰਕਰ ਅਤੇ ਇਲਾਕਾ ਨਿਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ, ਜਿਨ੍ਹਾਂ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਮੁਬਾਰਕਬਾਦ ਦਿੱਤੀ।

By admin

Related Post