Breaking
Tue. Sep 29th, 2026

ਪੰਜਾਬ ਪੁਲਿਸ ਵੱਲੋਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ‘ਚ ਵਾਪਰੀ ਹਿੰਸਾ ਦੀ ਵਿਗਿਆਨਕ ਅਤੇ ਤਕਨੀਕੀ ਢੰਗ ਨਾਲ ਕੀਤੀ ਜਾ ਰਹੀ ਜਾਂਚ : ਡੀ.ਜੀ.ਪੀ. ਗੌਰਵ ਯਾਦਵ

ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ

ਜ਼ਿੰਮੇਵਾਰਾਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ, ਪੁਲਿਸ ਨੇ ਵਿਦਿਆਰਥੀਆਂ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਵਿਚਕਾਰ ਕਰਵਾਈ ਗੱਲਬਾਤ

ਡੀ.ਜੀ.ਪੀ. ਨੇ ਸੋਸ਼ਲ ਮੀਡੀਆ ‘ਤੇ ਅਫਵਾਹਾਂ ਫੈਲਾਉਣ ਵਿਰੁੱਧ ਦਿੱਤੀ ਚੇਤਾਵਨੀ, ਲੋਕਾਂ ਨੂੰ ਸਿਰਫ਼ ਸਹੀ-ਸੱਚੀ ਜਾਣਕਾਰੀ ਸਾਂਝੀ ਕਰਨ ਦੀ ਅਪੀਲ

ਫਗਵਾੜਾ, 28 ਸਤੰਬਰ (ਜਸਵਿੰਦਰ ਸਿੰਘ ਆਜ਼ਾਦ)- ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ ਗੌਰਵ ਯਾਦਵ ਨੇ ਅੱਜ ਇੱਥੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲਪੀਯੂ) ਵਿਖੇ ਮੌਜੂਦਾ ਹਾਲਾਤ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਯੂਨੀਵਰਸਿਟੀ ਦੇ ਬਾਹਰ ਅਣਪਛਾਤੇ ਸ਼ਰਾਰਤੀ ਅਨਸਰਾਂ ਵੱਲੋਂ ਕੀਤੀਆਂ ਗਈਆਂ ਹਿੰਸਕ ਘਟਨਾਵਾਂ ਦੀ ਵਿਆਪਕ ਵਿਗਿਆਨਕ ਅਤੇ ਤਕਨੀਕੀ ਜਾਂਚ ਕੀਤੀ ਜਾ ਰਹੀ ਹੈ ਅਤੇ ਨਾਲ ਹੀ ਵਿਦਿਆਰਥੀਆਂ ਤੇ ਯੂਨੀਵਰਸਿਟੀ ਪ੍ਰਸ਼ਾਸਨ ਦਰਮਿਆਨ ਗੱਲਬਾਤ ਰਾਹੀਂ ਮਸਲਿਆਂ ਦੇ ਸੁਖਾਵੇਂ ਹੱਲ ਲਈ ਲਗਾਤਾਰ ਯਤਨ ਵੀ ਜਾਰੀ ਹਨ।

ਲਵਲੀ ਪ੍ਰੋਫ਼ੈਸ਼ਨਲ ਯੂਨੀਵਰਸਿਟੀ ਪਹੁੰਚੇ ਡੀ.ਜੀ.ਪੀ. ਗੌਰਵ ਯਾਦਵ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੁਲਿਸ ਵੱਲੋਂ ਸ਼ਾਂਤੀ ਬਣਾਈ ਰੱਖਣ ਅਤੇ ਵਿਦਿਆਰਥੀਆਂ ਦੇ ਮਸਲਿਆਂ ਦੇ ਢੁਕਵੇਂ ਹੱਲ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਬਲ ਨੂੰ ਸਪੱਸ਼ਟ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਉਹ ਵੱਧ ਤੋਂ ਵੱਧ ਸੰਜਮ ਵਰਤਣ ਅਤੇ ਵਿਦਿਆਰਥੀਆਂ ਵਿਰੁੱਧ ਬਲ ਦੀ ਵਰਤੋਂ ਨਾ ਕਰਨ। ਉਨ੍ਹਾਂ ਕਿਹਾ, “ਵਿਦਿਆਰਥੀ ਸਾਡੇ ਬੱਚੇ ਹਨ ਅਤੇ ਸਾਡੀ ਪਹਿਲ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ। ਅਸੀਂ ਵਿਦਿਆਰਥੀਆਂ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਵਿਚਕਾਰ ਗੱਲਬਾਤ ਰਾਹੀਂ ਮਸਲਿਆਂ ਨੂੰ ਹੱਲ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਹੈ।”

ਡੀ.ਜੀ.ਪੀ. ਨੇ ਦੱਸਿਆ ਕਿ ਪੁਲਿਸ ਨੇ ਵਿਦਿਆਰਥੀਆਂ ਦੇ ਨੁਮਾਇੰਦਿਆਂ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਵਿਚਕਾਰ ਕਈ ਮੀਟਿੰਗਾਂ ਕਰਵਾਈਆਂ ਤਾਂ ਜੋ ਗੱਲਬਾਤ ਰਾਹੀਂ ਸਾਰੇ ਮਾਮਲਿਆਂ ਦਾ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪੁਲਿਸ ਸ਼ਾਂਤਮਈ ਮਾਹੌਲ ਬਣਾਈ ਰੱਖਣ ਅਤੇ ਸਾਰੇ ਵਿਦਿਆਰਥੀਆਂ, ਵਸਨੀਕਾਂ ਅਤੇ ਹੋਰ ਸਬੰਧਤ ਧਿਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਐਤਵਾਰ ਰਾਤ ਵਾਪਰੀਆਂ ਹਿੰਸਕ ਘਟਨਾਵਾਂ ਬਾਰੇ ਗੱਲ ਕਰਦਿਆਂ ਡੀ.ਜੀ.ਪੀ. ਨੇ ਕਿਹਾ ਕਿ ਪੁਲਿਸ ਵੱਲੋਂ ਜ਼ਿੰਮੇਵਾਰ ਵਿਅਕਤੀਆਂ ਦੀ ਪਛਾਣ ਕਰਨ ਲਈ ਉਪਲਬਧ ਸਾਰੀ ਵੀਡੀਓ ਫੁਟੇਜ, ਸੀ.ਸੀ.ਟੀ.ਵੀ. ਰਿਕਾਰਡਿੰਗਾਂ ਅਤੇ ਹੋਰ ਤਕਨੀਕੀ ਸਬੂਤਾਂ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਵਿਆਪਕ ਜਾਂਚ ਲਈ ਪਹਿਲਾਂ ਹੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ ਜਾ ਚੁੱਕਾ ਹੈ ਅਤੇ ਹਿੰਸਕ ਗਤੀਵਿਧੀਆਂ ਵਿੱਚ ਸ਼ਾਮਲ ਪਾਏ ਜਾਣ ਵਾਲੇ ਲੋਕਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਾਂਚ ਤੋਂ ਬਾਅਦ ਜੋ ਵੀ ਜ਼ਿੰਮੇਵਾਰ ਪਾਇਆ ਜਾਵੇਗਾ, ਉਸ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

ਡੀ.ਜੀ.ਪੀ. ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸੋਸ਼ਲ ਮੀਡੀਆ ‘ਤੇ ਗੈਰ-ਪ੍ਰਮਾਣਿਤ ਆਡੀਓ/ਵੀਡੀਓਜ ਕਲਿੱਪ ਜਾਂ ਹੋਰ ਗੁੰਮਰਾਹਕੁੰਨ ਸਮੱਗਰੀ ਫੈਲਾਉਣ ਤੋਂ ਗੁਰੇਜ਼ ਕਰਨ। ਉਨ੍ਹਾਂ ਲੋਕਾਂ ਨੂੰ ਸਿਰਫ਼ ਅਧਿਕਾਰਤ ਅਤੇ ਪ੍ਰਮਾਣਿਤ ਸਰੋਤਾਂ ਰਾਹੀਂ ਜਾਰੀ ਕੀਤੀ ਗਈ ਜਾਣਕਾਰੀ ‘ਤੇ ਹੀ ਭਰੋਸਾ ਕਰਨ ਲਈ ਕਿਹਾ ਅਤੇ ਚਿਤਾਵਨੀ ਦਿੱਤੀ ਕਿ ਜਾਣ-ਬੁੱਝ ਕੇ ਬੇਬੁਨਿਆਦ ਜਾਂ ਗੁੰਮਰਾਹਕੁੰਨ ਸਮੱਗਰੀ ਫੈਲਾਉਣ ਵਾਲਿਆਂ ਵਿਰੁੱਧ ਢੁਕਵੀਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਯੂਨੀਵਰਸਿਟੀ ਅਤੇ ਇਸ ਦੇ ਆਲੇ-ਦੁਆਲੇ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ ਅਤੇ ਅਮਨ-ਕਾਨੂੰਨ ਬਣਾਈ ਰੱਖਣ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੁਲਿਸ ਵੱਲੋਂ ਢੁਕਵੇਂ ਪ੍ਰਬੰਧ ਕੀਤੇ ਗਏ ਹਨ।

ਗੌਰਵ ਯਾਦਵ ਨੇ ਦੱਸਿਆ ਕਿ ਐਤਵਾਰ ਅਤੇ ਸੋਮਵਾਰ ਦੀ ਦਰਮਿਆਨੀ ਰਾਤ ਨੂੰ ਘਟਨਾ ਬਾਰੇ ਜਾਣਕਾਰੀ ਮਿਲਦਿਆਂ ਹੀ, ਜਲੰਧਰ ਰੇਂਜ ਦੇ ਡੀਆਈਜੀ ਨਵੀਨ ਸਿੰਗਲਾ ਅਤੇ ਕਪੂਰਥਲਾ ਦੇ ਐਸਐਸਪੀ ਗੌਰਵ ਤੂਰਾ, ਪੁਲਿਸ ਦੇ ਲੋੜੀਂਦੇ ਅਮਲੇ ਸਮੇਤ ਮੌਕੇ ‘ਤੇ ਪਹੁੰਚੇ ਅਤੇ ਸਥਿਤੀ ਨੂੰ ਕਾਬੂ ਹੇਠ ਲਿਆਉਣ ਲਈ ਤੁਰੰਤ ਕਾਰਵਾਈ ਕੀਤੀ। ਡੀਜੀਪੀ ਨੇ ਕਿਹਾ ਕਿ ਪੁਲਿਸ ਵੱਲੋਂ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ ਅਤੇ ਇਲਾਕੇ ਵਿੱਚ ਸ਼ਾਂਤੀ, ਸੁਰੱਖਿਆ ਅਤੇ ਜਨਤਕ ਵਿਵਸਥਾ ਨੂੰ ਯਕੀਨੀ ਬਣਾਉਣ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ।

By admin

Related Post