– ਭੋਗਪੁਰ ਦੇ ਸਰਵਪੱਖੀ ਵਿਕਾਸ ਲਈ ਗਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਡਾ. ਰਵਜੋਤ ਸਿੰਘ
– ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹਰ ਵਰਗ ਦਾ ਮਿਲ ਰਿਹੈ ਭਰਪੂਰ ਸਹਿਯੋਗ
ਜਲੰਧਰ/ਭੋਗਪੁਰ, 19 ਮਾਰਚ (ਜਸਵਿੰਦਰ ਸਿੰਘ ਆਜ਼ਾਦ)- ਨਗਰ ਕੌਂਸਲ ਭੋਗਪੁਰ ਦੇ ਨਵ ਨਿਯੁਕਤ ਪ੍ਰਧਾਨ ਰਾਜ ਕੁਮਾਰ ਰਾਜਾ ਅਤੇ ਸੀਨੀਅਰ ਮੀਤ ਪ੍ਰਧਾਨ ਰਾਕੇਸ਼ ਬੱਗਾ ਵਲੋਂ ਅੱਜ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ, ਵਿਧਾਇਕ ਬਲਕਾਰ ਸਿੰਘ ਅਤੇ ਰਮਨ ਅਰੋੜਾ ਦੀ ਮੌਜੂਦਗੀ ਵਿੱਚ ਆਪਣਾ ਅਹੁਦਾ ਸੰਭਾਲ ਲਿਆ ਗਿਆ। ਇਸ ਮੌਕੇ ਨਗਰ ਕੌਂਸਲ ਭੋਗਪੁਰ ਦੇ ਨਵ ਨਿਯੁਕਤ ਪ੍ਰਧਾਨ ਰਾਜ ਕੁਮਾਰ ਰਾਜਾ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਭੋਗਪੁਰ ਦੇ ਸਰਵਪੱਖੀ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸ਼ਹਿਰਾਂ ਦੇ ਵਿਕਾਸ ਵੱਲ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਅੰਦਰ ਨਸ਼ਿਆ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਪੰਜਾਬ ਸਰਕਾਰ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਇਸ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਨਸ਼ਿਆਂ ਖਿਲਾਫ਼ ਛੇੜੀ ਗਈ ਮੁਹਿੰਮ ਨੂੰ ਹਰ ਵਰਗ ਦਾ ਭਰਪੂੂਰ ਸਹਿਯੋਗ ਮਿਲ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਇਸ ਮੌਕੇ ਪ੍ਰਧਾਨ ਨਗਰ ਕੌਂਸਲ, ਭੋਗਪੁਰ ਰਾਜ ਕੁਮਾਰ ਰਾਜਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਉਹਨਾਂ ਨੂੰ ਜੋ ਜਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਪੂਰੀ ਲਗਨ ਤੇ ਮਿਹਨਤ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਭੋਗਪੁਰ ਸ਼ਹਿਰ ਦੇ ਵਿਕਾਸ ਲਈ ਹਮੇਸ਼ਾਂ ਯਤਨਸ਼ੀਲ ਰਹਿਣਗੇ।
ਇਸ ਮੌਕੇ ਹਲਕਾ ਇੰਚਾਰਜ ਜੀਤ ਲਾਲ ਭੱਟੀ ਅਤੇ ਹੋਰ ਸਖਸ਼ੀਅਤਾਂ ਵੀ ਹਾਜ਼ਰ ਸਨ।