Breaking
Fri. Nov 13th, 2026

ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਰਯਾਤ ਬਾਹਰਾ ਯੂਨੀਵਰਸਿਟੀ ਵੱਲੋਂ ਪਿੰਡ ਬਹਾਦਰਪੁਰ ਬਾਹੀਆਂ ਵਿੱਚ ਰੈਲੀ

ਨਸ਼ਿਆਂ

ਵਿਦਿਆਰਥੀਆਂ ਨੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਂਦਿਆਂ ਨਸ਼ਾ ਮੁਕਤ ਸਮਾਜ ਸਿਰਜਣ ਦਾ ਦਿੱਤਾ ਸੰਦੇਸ਼

ਹੁਸ਼ਿਆਰਪੁਰ, 13 ਨਵੰਬਰ (ਤਰਸੇਮ ਦੀਵਾਨਾ) – ਸਮਾਜ ਵਿੱਚ ਦਿਨੋਂ-ਦਿਨ ਵਧ ਰਹੀ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖ਼ਤਮ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ਇਸ ਗੰਭੀਰ ਸਮਾਜਿਕ ਬੁਰਾਈ ਤੋਂ ਬਚਾਉਣ ਲਈ ਰਯਾਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਵੱਲੋਂ ਪਿੰਡ ਬਹਾਦਰਪੁਰ ਬਾਹੀਆਂ ਵਿਖੇ ਨਸ਼ਾ ਮੁਕਤੀ ਜਾਗਰੂਕਤਾ ਰੈਲੀ ਕੱਢੀ ਗਈ। ਯੂਨੀਵਰਸਿਟੀ ਦੇ ਕਾਨੂੰਨ ਵਿਭਾਗ ਵੱਲੋਂ ਕਰਵਾਈ ਗਈ ਇਸ ਰੈਲੀ ਦਾ ਮੁੱਖ ਉਦੇਸ਼ ਲੋਕਾਂ ਨੂੰ ਨਸ਼ਿਆਂ ਦੇ ਖ਼ਤਰਨਾਕ ਨਤੀਜਿਆਂ ਤੋਂ ਜਾਣੂ ਕਰਵਾਉਣਾ ਅਤੇ ਨੌਜਵਾਨਾਂ ਨੂੰ ਸਿਹਤਮੰਦ ਤੇ ਅਨੁਸ਼ਾਸਿਤ ਜੀਵਨ ਜਿਊਣ ਲਈ ਪ੍ਰੇਰਿਤ ਕਰਨਾ ਸੀ।

ਰੈਲੀ ਦੌਰਾਨ ਵਿਦਿਆਰਥੀਆਂ ਨੇ ਪਿੰਡ ਦੇ ਵੱਖ-ਵੱਖ ਇਲਾਕਿਆਂ ਵਿੱਚ ਪਹੁੰਚ ਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ। ਇਸ ਮੌਕੇ 47 ਵਿਦਿਆਰਥੀਆਂ ਅਤੇ ਇੱਕ ਅਧਿਆਪਕ ਨੇ ਭਾਗ ਲੈਂਦਿਆਂ ਲੋਕਾਂ ਨੂੰ ਸਮਝਾਇਆ ਕਿ ਨਸ਼ਿਆਂ ਦੀ ਲਤ ਨਾ ਸਿਰਫ਼ ਮਨੁੱਖੀ ਸਿਹਤ ਨੂੰ ਤਬਾਹ ਕਰਦੀ ਹੈ, ਸਗੋਂ ਪਰਿਵਾਰਕ ਖੁਸ਼ਹਾਲੀ, ਸਮਾਜਿਕ ਰਿਸ਼ਤਿਆਂ ਅਤੇ ਨੌਜਵਾਨਾਂ ਦੇ ਭਵਿੱਖ ਉੱਤੇ ਵੀ ਬਹੁਤ ਮਾੜਾ ਅਸਰ ਪਾਉਂਦੀ ਹੈ। ਵਿਦਿਆਰਥੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੀਆਂ ਗਤੀਵਿਧੀਆਂ ਪ੍ਰਤੀ ਸੁਚੇਤ ਰਹਿਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਨੌਜਵਾਨਾਂ ਨੂੰ ਸਹੀ ਦਿਸ਼ਾ ਦਿਖਾਉਣ।

ਇਸ ਮੌਕੇ ਵਿਦਿਆਰਥੀਆਂ ਨੇ ਇਹ ਸੰਦੇਸ਼ ਵੀ ਦਿੱਤਾ ਕਿ ਨਸ਼ਿਆਂ ਵਿਰੁੱਧ ਲੜਾਈ ਕੇਵਲ ਸਰਕਾਰ ਜਾਂ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਨਹੀਂ, ਬਲਕਿ ਸਮਾਜ ਦੇ ਹਰੇਕ ਵਰਗ ਨੂੰ ਇਸ ਮੁਹਿੰਮ ਵਿੱਚ ਆਪਣੀ ਭੂਮਿਕਾ ਨਿਭਾਉਣੀ ਚਾਹੀਦੀ ਹੈ। ਲੋਕਾਂ ਦੇ ਸਹਿਯੋਗ ਅਤੇ ਸਮੂਹਿਕ ਯਤਨਾਂ ਨਾਲ ਹੀ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਸੰਭਵ ਹੈ।

ਇਹ ਜਾਗਰੂਕਤਾ ਮੁਹਿੰਮ ਯੂਨੀਵਰਸਿਟੀ ਦੀਆਂ ਰਾਸ਼ਟਰੀ ਸੇਵਾ ਯੋਜਨਾ ਅਤੇ ਸਮਾਜਿਕ ਜ਼ਿੰਮੇਵਾਰੀ ਨਾਲ ਸਬੰਧਤ ਗਤੀਵਿਧੀਆਂ ਅਧੀਨ ਕਰਵਾਈ ਗਈ। ਰੈਲੀ ਦਾ ਆਯੋਜਨ ਵਾਈਸ ਚਾਂਸਲਰ ਡਾ. ਚੰਦਰ ਮੋਹਨ ਅਤੇ ਵਿਭਾਗ ਮੁਖੀ ਡਾ. ਪ੍ਰਿਯੰਕਾ ਪੁਰੀ ਦੀ ਅਗਵਾਈ ਹੇਠ ਕੀਤਾ ਗਿਆ, ਜਦਕਿ ਇਸ ਦੀ ਜ਼ਿੰਮੇਵਾਰੀ ਇਤਿਹਾਸ ਵਿਭਾਗ ਦੇ ਸਹਾਇਕ ਪ੍ਰੋਫੈਸਰ ਜਤਿੰਦਰ ਕੁਮਾਰ ਨੇ ਨਿਭਾਈ।

ਵਾਈਸ ਚਾਂਸਲਰ ਡਾ. ਚੰਦਰ ਮੋਹਨ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿੱਦਿਅਕ ਸੰਸਥਾਵਾਂ ਦਾ ਫਰਜ਼ ਸਿਰਫ਼ ਵਿਦਿਆਰਥੀਆਂ ਨੂੰ ਪੜ੍ਹਾਈ ਤੱਕ ਸੀਮਤ ਰੱਖਣਾ ਨਹੀਂ, ਸਗੋਂ ਉਨ੍ਹਾਂ ਨੂੰ ਸਮਾਜ ਪ੍ਰਤੀ ਜ਼ਿੰਮੇਵਾਰ ਨਾਗਰਿਕ ਬਣਾਉਣਾ ਵੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਜਾਗਰੂਕਤਾ ਮੁਹਿੰਮਾਂ ਨੌਜਵਾਨਾਂ ਵਿੱਚ ਸਮਾਜਿਕ ਚੇਤਨਾ ਪੈਦਾ ਕਰਨ ਅਤੇ ਉਨ੍ਹਾਂ ਨੂੰ ਨਸ਼ਿਆਂ ਵਰਗੀਆਂ ਬੁਰਾਈਆਂ ਤੋਂ ਦੂਰ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।

By admin

Related Post