ਸਕੂਲ ਸਿੱਖਿਆ ਵਿਭਾਗ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਨੁਮਾਇੰਦਿਆਂ ਨੂੰ ਦਿੱਤੀ ਸਿਖ਼ਲਾਈ
ਜਲੰਧਰ 10 ਜੁਲਾਈ (ਨਤਾਸ਼ਾ)– ਸਾਰੇ ਆਂਗਣਵਾੜੀ ਕੇਂਦਰਾਂ ਅਤੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਨੂੰ ਫੂਡ ਸੇਫ਼ਟੀ ਅਤੇ ਸਟੈਂਡਰਡ ਐਕਟ ਅਧੀਨ ਰਜਿਸਟਰ ਕਰਨ ਦੇ ਮੰਤਵ ਨਾਲ ਸਹਾਇਕ ਕਮਿਸ਼ਨਰ ਫੂਡ ਡਾ. ਹਰਜੋਤਪਾਲ ਸਿੰਘ ਅਤੇ ਫੂਡ ਸੇਫ਼ਟੀ ਅਫ਼ਸਰ ਰਾਸ਼ੂ ਮਹਾਜਨ ਵੱਲੋਂ ਸਕੂਲ ਸਿੱਖਿਆ ਵਿਭਾਗ ਅਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਨੁਮਾਇੰਦਿਆਂ ਲਈ ਇੱਕ ਸਿਖ਼ਲਾਈ ਸੈਸ਼ਨ ਕਰਵਾਇਆ ਗਿਆ।
ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨੀਸਟ੍ਰੇਸ਼ਨ ਪੰਜਾਬ ਦਿਲਰਾਜ ਸਿੰਘ ਦੇ ਨਿਰਦੇਸ਼ਾਂ ’ਤੇ ਕਰਵਾਏ ਗਏ ਇਸ ਟ੍ਰੇਨਿੰਗ ਸੈਸ਼ਨ ਦੌਰਾਨ ਫੂਡ ਵਿੰਗ ਦੇ ਅਧਿਕਾਰੀਆਂ ਨੇ ਜਾਣੂ ਕਰਵਾਇਆ ਕਿ ਸਾਰੇ ਆਂਗਣਵਾੜੀ ਸੈਂਟਰਾਂ ਅਤੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੀ ਫੂਡ ਸੇਫ਼ਟੀ ਅਤੇ ਸਟੈਂਡਰਡ ਐਕਟ ਅਧੀਨ ਰਜਿਸਟ੍ਰੇਸ਼ਨ ਜ਼ਰੂਰੀ ਹੈ। ਉਨ੍ਹਾਂ ਦੋਵੇਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਂਗਣਵਾੜੀ ਕੇਂਦਰਾਂ ਅਤੇ ਸਕੂਲਾਂ ਨੂੰ ਇਸ ਸਬੰਧੀ ਜਾਗਰੂਕ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਇਸ ਕਦਮ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਜ਼ਿਲ੍ਹੇ ਦੇ ਸਾਰੇ ਆਂਗਣਵਾੜੀ ਕੇਂਦਰਾਂ ਅਤੇ ਮਿਡ-ਡੇ ਮੀਲ ਰਸੋਈਆਂ ਵੱਲੋਂ ਸਾਰੇ ਲਾਭਪਾਤਰੀਆਂ ਨੂੰ ਸੁਰੱਖਿਅਤ ਅਤੇ ਪੌਸ਼ਟਿਕ ਖਾਣਾ ਮੁਹੱਈਆ ਕਰਵਾਇਆ ਜਾਵੇ।
ਇਸ ਦੌਰਾਨ ਫੂਡ ਸੇਫ਼ਟੀ ਅਤੇ ਸਟੈਂਡਰਡ ਐਕਟ ਅਧੀਨ ਅਪਣਾਈਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।