ਹੁਸ਼ਿਆਰਪੁਰ 20 ਅਗਸਤ (ਤਰਸੇਮ ਦੀਵਾਨਾ ) – ਲੰਮੇ ਸਮੇਂ ਤੋਂ ਭਾਰਤ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀਆਂ ਨੂੰ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਰਿਹਾਅ ਨਾ ਕਰਨ ਅਤੇ ਪੈਰੋਲ ਤੋਂ ਵਾਂਝੇ ਰੱਖਣ ਦਾ ਮੁੱਦਾ ਮੁੜ ਭਖ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਮੈਂਬਰ ਪੀ.ਏ.ਸੀ. ਅਤੇ ਹਲਕਾ ਟਾਂਡਾ ਦੇ ਇੰਚਾਰਜ ਸੰਦੀਪ ਸਿੰਘ ਖ਼ਾਲਸਾ ਨੇ ਇੱਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਕੇਂਦਰ ਸਰਕਾਰ ਦੀ ਇਸ ਦੋਹਰੀ ਨੀਤੀ ‘ਤੇ ਤਿੱਖੇ ਸਵਾਲ ਖੜ੍ਹੇ ਕੀਤੇ ਹਨ ! ਖਾਲਸਾ ਨੇ ਸਖ਼ਤ ਸ਼ਬਦਾਂ ਵਿੱਚ ਆਖਿਆ ਕਿ ਜਿੱਥੇ ਇੱਕ ਪਾਸੇ ਗੰਭੀਰ ਅਪਰਾਧਾਂ ਜਿਵੇਂ ਕਿ ਕਤਲ ਅਤੇ ਬਲਾਤਕਾਰ ਵਰਗੇ ਕੇਸਾਂ ਵਿੱਚ ਸਜ਼ਾਯਾਫ਼ਤਾ ਵਿਅਕਤੀਆਂ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾ ਰਹੀ ਹੈ, ਉੱਥੇ ਹੀ ਦੂਜੇ ਪਾਸੇ ਤਿੰਨ-ਤਿੰਨ ਦਹਾਕਿਆਂ ਤੋਂ ਜੇਲ੍ਹਾਂ ਦੀ ਕੈਦ ਕੱਟ ਰਹੇ ਸਿੱਖ ਕੈਦੀਆਂ ਨੂੰ ਉਨ੍ਹਾਂ ਦੇ ਬੁਨਿਆਦੀ ਹੱਕਾਂ ਤੋਂ ਵੀ ਵਾਂਝਾ ਰੱਖਿਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਕਾਨੂੰਨ ਦੇ ਸਾਹਮਣੇ ਸਭ ਨੂੰ ਬਰਾਬਰ ਰੱਖਣ ਦਾ ਦਾਅਵਾ ਕਰਨ ਵਾਲੀ ਸਰਕਾਰ ਸਿੱਖਾਂ ਦੇ ਮਾਮਲੇ ਵਿੱਚ ਜਾਣਬੁੱਝ ਕੇ ਪੱਖਪਾਤੀ ਰਵੱਈਆ ਅਪਣਾ ਰਹੀ ਹੈ। ਸੰਦੀਪ ਸਿੰਘ ਖ਼ਾਲਸਾ ਨੇ ਖ਼ੁਲਾਸਾ ਕੀਤਾ ਕਿ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਖ਼ੁਦ ਲਿਖਤੀ ਰੂਪ ਵਿੱਚ ਭਾਰਤ ਸਰਕਾਰ ਨੂੰ ਸਿਫ਼ਾਰਸ਼ ਕੀਤੀ ਗਈ ਹੈ ਕਿ ਭਾਈ ਜਗਤਾਰ ਸਿੰਘ ਹਵਾਰਾ ਦੀ ਮਾਤਾ ਦੀ ਸਿਹਤ ਬਹੁਤ ਜ਼ਿਆਦਾ ਗੰਭੀਰ ਹੈ ਅਤੇ ਉਹ ਆਪਣੇ ਪੁੱਤਰ ਨੂੰ ਆਖ਼ਰੀ ਵਾਰ ਦੇਖਣਾ ਚਾਹੁੰਦੇ ਹਨ, ਇਸ ਲਈ ਉਨ੍ਹਾਂ ਨੂੰ ਤੁਰੰਤ ਪੈਰੋਲ ਦਿੱਤੀ ਜਾਵੇ। ਪਰ ਹੈਰਾਨੀ ਦੀ ਗੱਲ ਹੈ ਕਿ ਕੇਂਦਰ ਸਰਕਾਰ ਆਪਣੇ ਹੀ ਉੱਚ ਸੰਵਿਧਾਨਕ ਅਧਿਕਾਰੀ ਦੀ ਸਿਫ਼ਾਰਸ਼ ਨੂੰ ਵੀ ਅੱਖੋਂ ਪਰੋਖੇ ਕਰ ਰਹੀ ਹੈ।
ਭਾਈ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਤਾ ਦੇ ਦੀਦਾਰ ਕਰਨ ਤੋਂ ਕਿਉਂ ਵਾਂਝਾ ਰੱਖਿਆ ਜਾ ਰਿਹਾ ਹੈ?
ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਹਵਾਲਾ ਦਿੰਦਿਆਂ ਆਖਿਆ ਕਿ ਜਦੋਂ ਪ੍ਰਧਾਨ ਮੰਤਰੀ ਦੇ ਮਾਤਾ ਦਾ ਅਕਾਲ ਚਲਾਣਾ ਹੋਇਆ ਸੀ, ਤਾਂ ਉਨ੍ਹਾਂ ਨੇ ਦੇਸ਼ ਦੇ ਸਭ ਤੋਂ ਵੱਡੇ ਅਹੁਦੇ ‘ਤੇ ਹੋਣ ਦੇ ਬਾਵਜੂਦ ਖ਼ੁਦ ਮਾਤਾ ਦੀ ਅਰਥੀ ਨੂੰ ਮੋਢਾ ਦਿੱਤਾ ਸੀ। ਫਿਰ ਭਾਈ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਤਾ ਦੇ ਦੀਦਾਰ ਕਰਨ ਤੋਂ ਕਿਉਂ ਵਾਂਝਾ ਰੱਖਿਆ ਜਾ ਰਿਹਾ ਹੈ? ਉਹਨਾਂ ਚੇਤਾਵਨੀ ਭਰੇ ਲਹਿਜ਼ੇ ਵਿੱਚ ਆਖਿਆ ਕਿ ਜੇਕਰ ਭਾਈ ਜਗਤਾਰ ਸਿੰਘ ਹਵਾਰਾ ਦੀ ਮਾਤਾ ਨੂੰ ਕੁਝ ਵੀ ਹੁੰਦਾ ਹੈ, ਤਾਂ ਇਸ ਦੇ ਨਤੀਜੇ ਬਹੁਤ ਗੰਭੀਰ ਹੋਣਗੇ ਅਤੇ ਇਸ ਦੀ ਪੂਰੀ ਜ਼ਿੰਮੇਵਾਰੀ ਕੇਂਦਰ ਤੇ ਸੂਬਾ ਸਰਕਾਰ ਦੀ ਹੋਵੇਗੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਆਉਣ ਵਾਲੇ ਬੰਦ ਦੀ ਕਾਲ ਦਾ ਪੂਰਨ ਸਮਰਥਨ ਕਰਨ ਦਾ ਐਲਾਨ ਕੀਤਾ ਗਿਆ। ਨਾਲ ਹੀ, ਹਲਕਾ ਉੜਮੁੜ ਟਾਂਡਾ ਦੇ ਸਮੂਹ ਨਿਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਇਸ ਇਨਸਾਫ਼ ਦੀ ਲੜਾਈ ਵਿੱਚ ਵਧ-ਚੜ੍ਹ ਕੇ ਸਾਥ ਦੇਣ।

