Breaking
Fri. Jul 17th, 2026

ਸਿੱਟ (SIT) ਦੀ ਕਾਰਵਾਈ ਆਮ ਆਦਮੀ ਪਾਰਟੀ ਦੇ ਸਿਆਸੀ ਹਿੱਤਾਂ ਤੋਂ ਪ੍ਰੇਰਿਤ, ਸ਼੍ਰੋਮਣੀ ਅਕਾਲੀ ਦਲ ਦੇਵੇਗਾ ਢੁਕਵਾਂ ਜਵਾਬ : ਸੰਜੀਵ ਤਲਵਾੜ

ਆਮ ਆਦਮੀ ਪਾਰਟੀ

ਸੁਖਬੀਰ ਬਾਦਲ ਨੂੰ ਸੰਮਨ ਮਿਲਣ ਤੋਂ ਪਹਿਲਾਂ ਹੀ ‘ਆਪ’ ਦੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣਾ ਸਿੱਟ ਦੀ ਨਿਰਪੱਖਤਾ ‘ਤੇ ਵੱਡਾ ਸਵਾਲ

ਚੰਡੀਗੜ੍ਹ ਪੇਸ਼ੀ ਦੌਰਾਨ ਸੁਖਬੀਰ ਬਾਦਲ ਦੇ ਹੱਕ ਵਿੱਚ ਹੁਸ਼ਿਆਰਪੁਰ ਤੋਂ ਵੀ ਸੈਂਕੜੇ ਵਰਕਰ ਹੋਣਗੇ ਸ਼ਾਮਲ

ਹੁਸ਼ਿਆਰਪੁਰ 17 ਜੁਲਾਈ (ਤਰਸੇਮ ਦੀਵਾਨਾ)- ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸੰਜੀਵ ਤਲਵਾੜ ਨੇ ਮੌਜੂਦਾ ਸਿਆਸੀ ਹਾਲਾਤਾਂ ਸਬੰਧੀ ਵਰਕਰਾਂ ਨਾਲ ਇੱਕ ਅਹਿਮ ਬੈਠਕ ਕੀਤੀ। ਬੈਠਕ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਤਿੱਖੇ ਸਿਆਸੀ ਨਿਸ਼ਾਨੇ ਸਾਧੇ। ਸੰਜੀਵ ਤਲਵਾੜ ਨੇ ਕਿਹਾ ਕਿ ਸੁਖਬੀਰ ਬਾਦਲ ਨੂੰ ਸਿੱਟ (SIT) ਵੱਲੋਂ ਜਾਰੀ ਕੀਤਾ ਗਿਆ ਸੰਮਨ ਅਜੇ ਉਨ੍ਹਾਂ ਤੱਕ ਪਹੁੰਚਿਆ ਵੀ ਨਹੀਂ ਸੀ, ਪਰ ਉਸ ਤੋਂ ਪਹਿਲਾਂ ਹੀ ਉਸ ਦੀ ਕਾਪੀ ਆਮ ਆਦਮੀ ਪਾਰਟੀ ਦੇ ਅਧਿਕਾਰਤ ਸੋਸ਼ਲ ਮੀਡੀਆ ਪੇਜਾਂ ‘ਤੇ ਪੋਸਟ ਕਰ ਦਿੱਤੀ ਗਈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਘਟਨਾ ਨਾਲ ਸਿੱਟ ਦੀ ਨਿਰਪੱਖਤਾ ‘ਤੇ ਗੰਭੀਰ ਸਵਾਲ ਖੜ੍ਹੇ ਹੁੰਦੇ ਹਨ ਅਤੇ ਇਹ ਕਾਰਵਾਈ ਸਿਆਸੀ ਮਕਸਦਾਂ ਤੋਂ ਪ੍ਰੇਰਿਤ ਦਿਖਾਈ ਦਿੰਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਸ ਸਿਆਸੀ ਬਦਲਾਖੋਰੀ ਦਾ ਲੋਕਤਾਂਤਰਿਕ ਢੰਗ ਨਾਲ ਢੁਕਵਾਂ ਜਵਾਬ ਦੇਵੇਗਾ।

ਉਨ੍ਹਾਂ ਕਿਹਾ ਕਿ ਪਿਛਲੇ ਦਸ ਸਾਲਾਂ ਤੋਂ ਵੱਖ-ਵੱਖ ਸਰਕਾਰਾਂ ਬੇਅਦਬੀ ਦੇ ਮਾਮਲੇ ਨੂੰ ਲੈ ਕੇ ਸਿਆਸਤ ਕਰਦੀਆਂ ਆ ਰਹੀਆਂ ਹਨ, ਪਰ ਅਸਲ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਦੀ ਬਜਾਏ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਵਿਰੋਧੀ ਧਿਰਾਂ ਨੂੰ ਡਰ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਸਿਆਸੀ ਵਿਕਲਪ ਸਿਰਫ਼ ਸ਼੍ਰੋਮਣੀ ਅਕਾਲੀ ਦਲ ਹੀ ਬਣ ਸਕਦਾ ਹੈ, ਜਿਸ ਕਾਰਨ ਅਜਿਹੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪਹਿਲਾਂ ਬਣੀਆਂ ਸਾਰੀਆਂ ਜਾਂਚ ਟੀਮਾਂ (SIT) ਨੂੰ ਪੂਰਾ ਸਹਿਯੋਗ ਦਿੱਤਾ ਹੈ

ਤਲਵਾੜ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪਹਿਲਾਂ ਬਣੀਆਂ ਸਾਰੀਆਂ ਜਾਂਚ ਟੀਮਾਂ (SIT) ਨੂੰ ਪੂਰਾ ਸਹਿਯੋਗ ਦਿੱਤਾ ਹੈ ਅਤੇ ਇਸ ਵਾਰ ਵੀ ਉਹ ਜਾਂਚ ਵਿੱਚ ਪੂਰਾ ਸਹਿਯੋਗ ਕਰਨਗੇ। ਪਰ ਉਨ੍ਹਾਂ ਕਿਹਾ ਕਿ ਸੰਮਨ ਦੀ ਕਾਪੀ ਪਹਿਲਾਂ ਹੀ ਸੋਸ਼ਲ ਮੀਡੀਆ ‘ਤੇ ਜਨਤਕ ਕਰਨਾ ਗੰਦੀ ਸਿਆਸਤ ਦਾ ਹਿੱਸਾ ਹੈ।

ਉਨ੍ਹਾਂ ਐਲਾਨ ਕੀਤਾ ਕਿ 20 ਜੁਲਾਈ ਨੂੰ ਚੰਡੀਗੜ੍ਹ ਵਿੱਚ ਹੋਣ ਵਾਲੀ ਪੇਸ਼ੀ ਦੌਰਾਨ ਸੁਖਬੀਰ ਬਾਦਲ ਦੇ ਸਮਰਥਨ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਹਜ਼ਾਰਾਂ ਵਰਕਰ ਮੌਜੂਦ ਰਹਿਣਗੇ ਅਤੇ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਤੋਂ ਵੀ ਸੈਂਕੜੇ ਵਰਕਰ ਇਸ ਮੌਕੇ ‘ਤੇ ਸ਼ਮੂਲੀਅਤ ਕਰਨਗੇ। ਤਲਵਾੜ ਨੇ ਕਿਹਾ ਕਿ ਪੰਜਾਬ ਵਿੱਚ ਚੱਲ ਰਹੀ ਤਾਨਾਸ਼ਾਹੀ ਦਾ ਅੰਤ ਲੋਕਤੰਤਰਿਕ ਤਰੀਕੇ ਨਾਲ ਜਲਦ ਹੋਵੇਗਾ ਅਤੇ ਲੋਕ ਇਸ ਦਾ ਜਵਾਬ ਦੇਣਗੇ। ਇਸ ਮੌਕੇ ਹੋਰਨਾਂ ਤੋ ਇਲਾਵਾ ਸੰਤੋਖ ਸਿੰਘ ਔਜਲਾ (ਜ਼ਿਲ੍ਹਾ ਪ੍ਰਧਾਨ, ਵਪਾਰ ਸੈੱਲ), ਨਰਿੰਦਰ ਸਿੰਘ ਅਤੇ ਸੰਜੀਵ ਥਾਪਰ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਸੁਖਵੀਰ ਸਿੰਘ,ਬਲਦੇਵ ਸਿੰਘ, ਦਵਿੰਦਰ ਸਿੰਘ, ਵਿਸ਼ਾਲ, ਅਨਮੋਲ, ਜੋਧ ਸਿੰਘ, ਰਿਸ਼ਵ ਮੱਟੂ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਹੋਰ ਸੀਨੀਅਰ ਆਗੂ ਅਤੇ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ।

By admin

Related Post