Breaking
Sat. Apr 26th, 2025

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਾਲ ਜੁੜਨ ਲੱਗੀਆਂ ਸਮਾਜ ਸੇਵੀ ਸੰਸਥਾਵਾਂ

ਯੁੱਧ ਨਸ਼ਿਆਂ ਵਿਰੁੱਧ

• ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਨਸ਼ਿਆਂ ਖਿਲਾਫ਼ ਕੀਤਾ ਜਾਗਰੂਕ

• ਵਿਦਿਆਰਥੀਆਂ ਨੇ ਨਸ਼ਾ ਵਿਰੋਧੀ ਮੁਹਿੰਮ ’ਚ ਭਰਪੂਰ ਯੋਗਦਾਨ ਪਾਉਣ ਦਾ ਲਿਆ ਪ੍ਰਣ

ਜਲੰਧਰ 17 ਮਾਰਚ (ਜਸਵਿੰਦਰ ਸਿੰਘ ਆਜ਼ਾਦ)- ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਜ਼ਿਲ੍ਹੇ ਵਿੱਚ ਸਮਾਜ ਸੇਵੀ ਸੰਸਥਾਵਾਂ ਵੱਲੋਂ ਵੀ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ।

ਇਸ ਮੁਹਿੰਮ ਤਹਿਤ ਸਮਾਜ ਸੇਵੀ ਸੰਸਥਾ ਦਿਸ਼ਾਦੀਪ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਅੱਜ ਸੀ.ਟੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼, ਸ਼ਾਹਪੁਰ ਵਿਖੇ ਨਸ਼ਿਆਂ ਖਿਲਾਫ਼ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੌਰਾਨ ਸਥਾਨਕ ਸਿਵਲ ਹਸਪਤਾਲ ਸਥਿਤ ਨਸ਼ਾ ਛੁਡਾਊ ਕੇਂਦਰ ਤੋਂ ਕਾਊਂਸਲਰ ਡਾ. ਤਾਨੀਆ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ, ਜਿਨ੍ਹਾਂ ਵਿਦਿਆਰਥੀਆਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ, ਇਸ ਤੋਂ ਬਚਾਅ ਅਤੇ ਇਲਾਜ ਬਾਰੇ ਜਾਗਰੂਕ ਕੀਤਾ। ਉਨ੍ਹਾਂ ਦੱਸਿਆ ਕਿ ਨਸ਼ਾ ਛੁਡਾਊ ਕੇਂਦਰ ਵਿਖੇ ਨਸ਼ੇ ’ਤੇ ਨਿਰਭਰ ਵਿਅਕਤੀਆਂ ਦਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਅਜਿਹੇ ਨੌਜਵਾਨਾਂ ਨੂੰ ਮੁੜ ਸਮਾਜ ਨਾਲ ਜੋੜਨ ਲਈ ਕਿੱਤਾਮੁਖੀ ਸਿਖ਼ਲਾਈ ਵੀ ਪ੍ਰਦਾਨ ਕੀਤੀ ਜਾਂਦੀ ਹੈ ਤਾਂ ਜੋ ਇਲਾਜ ਉਪਰੰਤ ਸਿਖ਼ਲਾਈ ਦਾ ਲਾਭ ਲੈ ਕੇ ਉਹ ਆਪਣੀ ਰੋਜ਼ੀ ਰੋਟੀ ਦਾ ਪ੍ਰਬੰਧ ਕਰ ਸਕਣ।

ਐਨ.ਜੀ.ਓ. ਦਿਸ਼ਾਦੀਪ ਦੇ ਸੰਸਥਾਪਕ ਅਤੇ ਚੀਫ਼ ਲਾਇਨ ਐਸ. ਐਮ. ਸਿੰਘ ਨੇ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਲੜਾਈ ਵਿੱਚ ਲੋਕਾਂ ਨੂੰ ਸਰਗਰਮ ਭਾਗੀਦਾਰੀ ਨਿਭਾਉਣੀ ਚਾਹੀਦੀ ਹੈ।

ਇਸ ਮੌਕੇ ਕਾਲਜ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਨਸ਼ਾ ਮੁਕਤ ਸਮਾਜ ਅਤੇ ਪੰਜਾਬ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਆਪਣਾ ਭਰਪੂਰ ਯੋਗਦਾਨ ਦੇਣ ਦਾ ਪ੍ਰਣ ਵੀ ਲਿਆ।

ਕਾਲਜ ਵੱਲੋਂ ਡਾ. ਤਾਨੀਆ, ਟੀਮ ਦਿਸ਼ਾਦੀਪ ਦੇ ਚੇਅਰਮੈਨ ਕੈਪਟਨ ਜਸਵਿੰਦਰ ਸਿੰਘ, ਉਪ ਚੇਅਰਮੈਨ ਰਮੇਸ਼ ਲਖਨਪਾਲ ਤੇ ਤਰਸੇਮ ਜਲੰਧਰੀ, ਜਨਰਲ ਸਕੱਤਰ ਸੁਰਿੰਦਰ ਭਾਰਤੀ ਦਾ ਸਨਮਾਨ ਕੀਤਾ ਗਿਆ। ਰਮੇਸ਼ ਲਖਨਪਾਲ ਨੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕਰਦਿਆਂ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਐਨ.ਜੀ.ਓ. ਵੱਲੋਂ ਹਰ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ।

By admin

Related Post