ਹੁਸ਼ਿਆਰਪੁਰ 20 ਜੁਲਾਈ ( ਤਰਸੇਮ ਦੀਵਾਨਾ ) – ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਕੌਮੀ ਮੀਤ ਪ੍ਰਧਾਨ ਅਤੇ ਸੱਭਿਆਚਾਰ ਸੰਭਾਲ ਸੁਸਾਇਟੀ ਰਜਿ. ਪੰਜਾਬ ਦੇ ਪ੍ਰਧਾਨ ਮਾਸਟਰ ਕੁਲਵਿੰਦਰ ਸਿੰਘ ਜੰਡਾ ਨੇ ਇੱਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਕੇਂਦਰ ਦੀ ਭਾਜਪਾ ਸਰਕਾਰ ਦੇ ਰਵੱਈਏ ‘ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਦੇਸ਼ ਦਾ ਸੰਵਿਧਾਨ ਹਰ ਨਾਗਰਿਕ ਨੂੰ ਸ਼ਾਂਤਮਈ ਢੰਗ ਨਾਲ ਆਪਣੀਆਂ ਮੰਗਾਂ ਲਈ ਆਵਾਜ਼ ਉਠਾਉਣ ਦਾ ਮੌਲਿਕ ਅਧਿਕਾਰ ਦਿੰਦਾ ਹੈ, ਪਰ ਮੌਜੂਦਾ ਸਰਕਾਰ ਵੱਲੋਂ ਲੋਕਤੰਤਰ ਦੀਆਂ ਧੱਜੀਆਂ ਉਡਾਉਂਦਿਆਂ ਵਿਰੋਧੀ ਆਵਾਜ਼ਾਂ ਨੂੰ ਜ਼ਬਰਦਸਤੀ ਕੁਚਲਿਆ ਜਾ ਰਿਹਾ ਹੈ। ਪ੍ਰਧਾਨ ਕੁਲਵਿੰਦਰ ਸਿੰਘ ਜੰਡਾ ਨੇ ਦਿੱਲੀ ਦੇ ਜੰਤਰ-ਮੰਤਰ ਵਿਖੇ ਆਪਣੀਆਂ ਜਾਇਜ਼ ਮੰਗਾਂ ਲਈ ਸ਼ਾਂਤਮਈ ਤਰੀਕੇ ਨਾਲ ਧਰਨੇ ‘ਤੇ ਬੈਠੇ ਸਮਾਜ ਸੇਵੀ ਸੋਨਮ ਵਾਂਗਚੁਕ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਪੁਲਿਸ ਬਲ ਦੀ ਵਰਤੋਂ ਕਰਕੇ ਧਰਨਾ ਸਥਾਨ ਤੋਂ ਜਬਰਦਸਤੀ ਚੁੱਕਣ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ।
ਉਨ੍ਹਾਂ ਦੱਸਿਆ ਕਿ ਸੋਨਮ ਵਾਂਗਚੁਕ ਵੱਲੋਂ ਦੇਸ਼ ਦੇ ਨੌਜਵਾਨਾਂ ਦੇ ਭਵਿੱਖ, ਨਿਰਪੱਖ ਪ੍ਰੀਖਿਆ ਪ੍ਰਣਾਲੀ ਅਤੇ ਪੇਪਰ ਲੀਕ ਵਰਗੇ ਗੰਭੀਰ ਮੁੱਦਿਆਂ ਨੂੰ ਲੈ ਕੇ ਪਿਛਲੇ 20 ਦਿਨਾਂ ਤੋਂ ਮਰਨ ਵਰਤ ਰੱਖਿਆ ਗਿਆ ਸੀ। ਪਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਅੰਦੋਲਨ ਨੂੰ ਜ਼ਬਰਦਸਤੀ ਖ਼ਤਮ ਕਰਨ ਦਾ ਤਾਨਾਸ਼ਾਹੀ ਰਾਹ ਚੁਣਿਆ।
ਸੋਨਮ ਵਾਂਗਚੁਕ ਦੇ ਇਸ ਸ਼ਾਂਤਮਈ ਪ੍ਰਦਰਸ਼ਨ ਨੂੰ ਪੂਰੇ ਦੇਸ਼ ਭਰ ਵਿੱਚੋਂ ਅਥਾਹ ਸਮਰਥਨ ਮਿਲ ਰਿਹਾ ਹੈ
ਉਨ੍ਹਾਂ ਅੱਗੇ ਆਖਿਆ ਕਿ ਸੋਨਮ ਵਾਂਗਚੁਕ ਦੇ ਇਸ ਸ਼ਾਂਤਮਈ ਪ੍ਰਦਰਸ਼ਨ ਨੂੰ ਪੂਰੇ ਦੇਸ਼ ਭਰ ਵਿੱਚੋਂ ਅਥਾਹ ਸਮਰਥਨ ਮਿਲ ਰਿਹਾ ਹੈ, ਜਿਸ ਤੋਂ ਘਬਰਾ ਕੇ ਕੇਂਦਰ ਸਰਕਾਰ ਨੇ ਇਹ ਨਿੰਦਣਯੋਗ ਕਦਮ ਚੁੱਕਿਆ ਹੈ। ਸ਼ਾਂਤਮਈ ਅੰਦੋਲਨਕਾਰੀਆਂ ‘ਤੇ ਇਸ ਤਰ੍ਹਾਂ ਦੇ ਹਮਲੇ ਅਤੇ ਅਣਦੇਖੀ ਪਹਿਲਾਂ ਵੀ ਦੇਖਣ ਨੂੰ ਮਿਲੀ ਹੈ, ਚਾਹੇ ਉਹ ਲਖੀਮਪੁਰ ਖੀਰੀ ਵਿਖੇ ਸ਼ਾਂਤਮਈ ਧਰਨੇ ਤੋਂ ਵਾਪਸ ਜਾ ਰਹੇ ਕਿਸਾਨਾਂ ‘ਤੇ ਗੱਡੀ ਚੜ੍ਹਾਉਣ ਦੀ ਘਟਨਾ ਹੋਵੇ। ਇਹ ਸਭ ਦਰਸਾਉਂਦਾ ਹੈ ਕਿ ਸਰਕਾਰ ਲੋਕਤੰਤਰੀ ਮੁੱਲਾਂ ਦੀ ਬਿਲਕੁਲ ਪਰਵਾਹ ਨਹੀਂ ਕਰ ਰਹੀ।
ਕੁਲਵਿੰਦਰ ਸਿੰਘ ਜੰਡਾ ਨੇ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਦੇਸ਼ ਵਿੱਚ ਲਗਾਤਾਰ ਹੋ ਰਹੇ ਪੇਪਰ ਲੀਕ ਦੇ ਮਾਮਲਿਆਂ ਕਾਰਨ ਲੱਖਾਂ ਨੌਜਵਾਨਾਂ ਦਾ ਭਵਿੱਖ ਦਾਅ ‘ਤੇ ਲੱਗਿਆ ਹੋਇਆ ਹੈ ਅਤੇ ਉਹ ਮਾਨਸਿਕ ਤਣਾਅ ਦਾ ਸ਼ਿਕਾਰ ਹੋ ਰਹੇ ਹਨ। ਇੱਕ ਪਾਸੇ ਪ੍ਰਧਾਨ ਮੰਤਰੀ ਜੀ ਦੁਨੀਆ ਭਰ ਵਿੱਚ ਭਾਰਤ ਨੂੰ ਸਭ ਤੋਂ ਵੱਡਾ ਲੋਕਤੰਤਰ ਦੱਸਦੇ ਹਨ, ਪਰ ਦੂਜੇ ਪਾਸੇ ਦੇਸ਼ ਦੇ ਅੰਦਰ ਹੀ ਸ਼ਾਂਤਮਈ ਹੱਕ ਮੰਗ ਰਹੇ ਲੋਕਾਂ ਨਾਲ ਅੰਗਰੇਜ਼ਾਂ ਦੇ ਜ਼ਮਾਨੇ ਵਰਗਾ ਵਰਤਾਓ ਕੀਤਾ ਜਾ ਰਿਹਾ ਹੈ। ਸੱਭਿਆਚਾਰ ਸੰਭਾਲ ਸੁਸਾਇਟੀ ਪੰਜਾਬ ਵੱਲੋਂ ਸਰਕਾਰ ਤੋਂ ਮੰਗ ਕੀਤੀ ਗਈ ਹੈ ਕਿ ਅਜਿਹੇ ਰਵੱਈਏ ਨੂੰ ਛੱਡ ਕੇ ਨੌਜਵਾਨਾਂ ਅਤੇ ਸਮਾਜ ਸੇਵੀਆਂ ਦੀਆਂ ਹੱਕੀ ਮੰਗਾਂ ਨੂੰ ਤੁਰੰਤ ਮੰਨਿਆ ਜਾਵੇ।

