Breaking
Thu. Mar 27th, 2025

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਪੁਰਬ ਮੌਕੇ ਜਲੰਧਰ ’ਚ ਰਾਜ ਪੱਧਰੀ ਸਮਾਗਮ

ਸ੍ਰੀ ਗੁਰੂ ਰਵਿਦਾਸ ਜੀ

ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਕੀਤੀ ਸ਼ਿਰਕਤ

ਆਦਰਸ਼ ਸਮਾਜ ਦੀ ਸਿਰਜਣਾ ਲਈ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ’ਚ ਅਪਨਾਉਣ ਦੀ ਲੋੜ ’ਤੇ ਦਿੱਤਾ ਜ਼ੋਰ

ਮੁੱਖ ਮੰਤਰੀ ਵੱਲੋਂ ਸ਼੍ਰੀ ਗੁਰੂ ਰਵਿਦਾਸ ਚੈਰੀਟੇਬਲ ਟਰੱਸਟ ਨੂੰ 25 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਜਲੰਧਰ 12 ਫਰਵਰੀ (ਜਸਵਿੰਦਰ ਸਿੰਘ ਆਜ਼ਾਦ)- ਸ੍ਰੀ ਗੁਰੂ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵੱਲੋਂ ਜਲੰਧਰ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਪੰਜਾਬ ਦੇ ਸੁਤੰਤਰਤਾ ਸੈਨਾਨੀ, ਬਾਗਬਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਆਦਰਸ਼ ਸਮਾਜ ਦੀ ਸਿਰਜਣਾ ਲਈ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਨਾਉਣ ਦੀ ਲੋੜ ’ਤੇ ਜ਼ੋਰ ਦਿੱਤਾ।

ਕੈਬਨਿਟ ਮੰਤਰੀ ਨੇ ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ ਜੀਵਨ ਅਤੇ ਫ਼ਲਸਫਾ ਸਮੁੱਚੀ ਮਨੁੱਖਤਾ ਲਈ ਰਾਹ ਦਸੇਰਾ ਹੈ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀ ਬਾਣੀ ਤੋਂ ਪ੍ਰੇਰਨਾ ਲੈ ਕੇ ਸਾਨੂੰ ਬਰਾਬਰੀ ਵਾਲੇ ਸਮਾਜ ਦੇ ਨਿਰਮਾਣ ਲਈ ਅਣਥੱਕ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਦਇਆ, ਪ੍ਰੇਮ, ਆਪਸੀ ਭਾਈਚਾਰੇ ਦੇ ਸੰਦੇਸ਼ ਰਾਹੀਂ ਸਮਾਜ ਨੂੰ ਇਕ ਨਵੀਂ ਸੇਧ ਦਿੱਤੀ, ਜਿਸ ’ਤੇ ਚੱਲਦਿਆਂ ਸਾਨੂੰ ਸਭ ਨੂੰ ਲੋਕ ਭਲਾਈ ਦੇ ਕਾਰਜਾਂ ਲਈ ਅੱਗੇ ਆਉਣਾ ਚਾਹੀਦਾ ਹੈ।

ਸ਼੍ਰੀ ਭਗਤ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼੍ਰੀ ਗੁਰੂ ਰਵਿਦਾਸ ਚੈਰੀਟੇਬਲ ਟਰੱਸਟ ਨੂੰ 25 ਲੱਖ ਰੁਪਏ ਦੇਣ ਦਾ ਐਲਾਨ ਕੀਤਾ

ਲੋਕਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਸ਼੍ਰੀ ਭਗਤ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼੍ਰੀ ਗੁਰੂ ਰਵਿਦਾਸ ਚੈਰੀਟੇਬਲ ਟਰੱਸਟ ਨੂੰ 25 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਅਤੇ ਭਵਿੱਖ ਦੇ ਪ੍ਰਾਜੈਕਟਾਂ ਲਈ ਰਾਜ ਸਰਕਾਰ ਵੱਲੋਂ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ। ਉਨ੍ਹਾਂ ਪ੍ਰਬੰਧਕਾਂ ਨੂੰ ਭਵਿੱਖ ਦੇ ਪ੍ਰਾਜੈਕਟਾਂ ਸਬੰਧੀ ਤਜਵੀਜ਼ ਬਣਾ ਕੇ ਭੇਜਣ ਲਈ ਵੀ ਕਿਹਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਰਸਾਏ ਮਾਰਗ ’ਤੇ ਚੱਲਦੇ ਹੋਏ ਹਰ ਵਰਗ ਦੀ ਭਲਾਈ ਲਈ ਨਿਰੰਤਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਤੇ ਡਾ. ਬੀ.ਆਰ.ਅੰਬੇਡਕਰ ਦੇ ਆਦਰਸ਼ ਅਗਾਂਹਵਧੂ ਅਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਹਮੇਸ਼ਾ ਸਾਡੀ ਅਗਵਾਈ ਕਰਦੇ ਰਹਿਣਗੇ।

ਉਨ੍ਹਾਂ ਇਸ ਮੌਕੇ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦਾ ਵੱਡੇ ਪੱਧਰ ’ਤੇ ਪ੍ਰਚਾਰ ਤੇ ਪਸਾਰ ਕਰਨ ਦਾ ਸੱਦਾ ਵੀ ਦਿੱਤਾ।

ਉਪਰੰਤ ਸ਼੍ਰੀ ਗੁਰੂ ਰਵਿਦਾਸ ਚੈਰੀਟੇਬਲ ਟਰੱਸਟ ਦੇ ਅਹੁਦੇਦਾਰਾਂ ਵੱਲੋਂ ਕੈਬਨਿਟ ਮੰਤਰੀ ਮਹਿੰਦਰ ਭਗਤ ਦਾ ਸਨਮਾਨ ਵੀ ਕੀਤਾ ਗਿਆ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਮੇਅਰ ਵਿਨੀਤ ਧੀਰ, ਸੀਨੀਅਰ ਆਪ ਆਗੂ ਦੀਪਕ ਬਾਲੀ, ਰਾਜਵਿੰਦਰ ਕੌਰ ਥਿਆੜਾ, ਜ਼ਿਲ੍ਹਾ ਪ੍ਰਧਾਨ ਜਲੰਧਰ ਦਿਹਾਤੀ ਸਟੀਫਨ ਕਲੇਰ, ਕਮਿਸ਼ਨਰ ਨਗਰ ਨਿਗਮ ਗੌਤਮ ਜੈਨ, ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਐਸ.ਡੀ.ਐਮ. ਬਲਬੀਰ ਰਾਜ ਸਿੰਘ, ਐਸ.ਪੀ. ਸਰਬਜੀਤ ਰਾਏ, ਚੇਅਰਮੈਨ ਸ਼੍ਰੀ ਗੁਰੂ ਰਵਿਦਾਸ ਚੈਰੀਟੇਬਲ ਟਰੱਸਟ ਸੱਤਪਾਲ ਸੇਠ ਮੱਲ, ਜਨਰਲ ਸਕੱਤਰ ਵਿਨੋਦ ਕੌਲ ਸਮੇਤ ਪ੍ਰਬੰਧਕ ਅਤੇ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ।

By admin

Related Post