Breaking
Mon. Jul 13th, 2026

20,000 ਰੁਪਏ ਰਿਸ਼ਵਤ ਲੈਂਦੀ ਸਬ- ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ

ਵਿਜੀਲੈਂਸ ਬਿਊਰੋ

ਚੰਡੀਗੜ੍ਹ 22 ਜੂਨ (ਜਸਵਿੰਦਰ ਸਿੰਘ ਆਜ਼ਾਦ)- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੁਲਿਸ ਸਟੇਸ਼ਨ ਫਿਲੌਰ ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਸਬ-ਇੰਸਪੈਕਟਰ ਅਮਨਦੀਪ ਕੌਰ ਨੂੰ 20000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਸਾਂਝਂ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਮੁਹੱਲਾ ਚੌਧਰੀਆਂ, ਫਿਲੌਰ ਥਾਣਾ ਜ਼ਿਲ੍ਹਾ ਜਲੰਧਰ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਉਸਦੇ ਪੁੱਤਰ ਨੂੰ ਨਸ਼ੀਲੇ ਪਦਾਰਥਾਂ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਦੋਸ਼ੀ ਐਸ.ਆਈ. ਨੇ ਜ਼ਮਾਨਤ ਦਿਵਾਉਣ ਵਿੱਚ ਮਦਦ ਕਰਨ ਲਈ ਘੱਟ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਨਾਲ ਕੇਸ ਦਰਜ ਕਰਨ ਅਤੇ ਉਸਦਾ ਮੋਬਾਈਲ ਫੋਨ ਵਾਪਸ ਕਰਨ ਲਈ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਮਜਬੂਰੀ ਵਿੱਚ, ਉਸਨੇ 1000 ਰੁਪਏ ਬਤੌਰ ਰਿਸ਼ਵਤ ਪਹਿਲਾਂ ਹੀ ਅਦਾ ਕਰ ਦਿੱਤੇ ਸਨ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਸੰਬੰਧੀ ਪੂਰੀ ਗੱਲਬਾਤ ਵੀ ਰਿਕਾਰਡ ਕਰ ਲਈ ਸੀ।

ਗੈਰ-ਕਾਨੂੰਨੀ ਰਿਸ਼ਵਤ ਦੇਣ ਲਈ ਤਿਆਰ ਨਾ ਹੋਣ ਕਾਰਨ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ’ਤੇ ਕਾਰਵਾਈ ਕਰਦੇ ਹੋਏ, ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਉਸਦੇ ਕਬਜ਼ੇ ਵਿੱਚੋਂ ਦਾਗ਼ੀ ਕਰੰਸੀ ਨੋਟ ਬਰਾਮਦ ਕੀਤੇ ਗਏ।

ਇਸ ਸਬੰਧ ਵਿੱਚ, ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

By admin

Related Post