Breaking
Wed. Jun 3rd, 2026

ਗੰਨਾ ਕਾਸ਼ਤਕਾਰਾਂ ਨੂੰ ਖਾਦਾਂ ਦੀ ਸੰਤੁਲਿਤ ਵਰਤੋਂ ਸਬੰਧੀ ਕੀਤਾ ਜਾਗਰੂਕ

ਗੰਨਾ ਕਾਸ਼ਤਕਾਰਾਂ

ਭੋਗਪੁਰ (ਜਲੰਧਰ), 13 ਮਈ (ਜਸਵਿੰਦਰ ਸਿੰਘ ਆਜ਼ਾਦ)- ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਗੰਨਾ ਸੈਕਸ਼ਨ ਵੱਲੋਂ ਗੰਨਾ ਕਮਿਸ਼ਨਰ ਡਾ. ਅਮਰੀਕ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪ੍ਰਾਜੈਕਟ ਅਫ਼ਸਰ ਗੰਨਾ ਜਲੰਧਰ ਡਾ. ਮਨਧੀਰ ਸਿੰਘ ਦੀ ਅਗਵਾਈ ਹੇਠ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਸਹਿਕਾਰੀ ਮਿੱਲ ਭੋਗਪੁਰ ਦੇ ਗੰਨਾ ਏਰੀਏ ਦੇ ਪਿੰਡਾਂ ਵਿੱਚ ਗੰਨਾ ਕਾਸ਼ਤਕਾਰਾਂ ਨੂੰ ਗੰਨੇ ਦੀ ਫ਼ਸਲ ਵਿਚ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਜਾਗਰੂਕ ਕੀਤਾ ਗਿਆ।

ਇਸ ਮੁਹਿੰਮ ਤਹਿਤ ਡਾ. ਗੁਰਚਰਨ ਸਿੰਘ ਸਹਾਇਕ ਗੰਨਾ ਵਿਕਾਸ ਅਫ਼ਸਰ ਜਲੰਧਰ ਨੇ ਪਿੰਡ ਸਗਰਾਂਵਾਲੀ ਅਤੇ ਭਟਨੂਰਾ-ਲੁਬਾਣਾਂ ਵਿਚ ਮੀਟਿੰਗਾਂ ਕਰਕੇ ਗੰਨਾ ਕਾਸ਼ਤਕਾਰਾਂ ਨੂੰ ਗੰਨੇ ਦੀ ਫ਼ਸਲ ਵਿਚ ਖਾਦਾਂ ਦੀ ਸੰਤੁਲਿਤ ਵਰਤੋਂ ਖਾਸ ਕਰ ਯੂਰੀਆ ਖਾਦ ਦੀ ਵਰਤੋਂ ਸਿਫਾਰਸ਼ਾਂ ਅਨੁਸਾਰ ਕਰਨ ਲਈ ਜਾਗਰੂਕ ਕੀਤਾ। ਇਸ ਤੋਂ ਇਲਾਵਾ ਕੀੜੇ-ਮਕੌੜਿਆਂ ਦੇ ਕੰਟਰੋਲ ਬਾਰੇ ਵੀ ਜਾਣਕਾਰੀ ਦਿੱਤੀ। ਇਸ ਮੌਕੇ ਸਹਿਕਾਰੀ ਖੰਡ ਮਿੱਲ ਭੋਗਪੁਰ ਦੇ ਸਰਵੇਅਰ ਮਨਪ੍ਰੀਤ ਸਿੰਘ ਅਤੇ ਅਮਨਪ੍ਰੀਤ ਸਿੰਘ ਵੀ ਮੌਜੂਦ ਸਨ।

ਸਹਾਇਕ ਗੰਨਾ ਵਿਕਾਸ ਅਫ਼ਸਰ ਨੇ ਦੱਸਿਆ ਕਿ ਵੱਧ ਯੂਰੀਆ ਖਾਦ ਦੀ ਵਰਤੋਂ ਨਾਲ ਗੰਨੇ ਦੀ ਫਸਲ ਵਧੇਰੇ ਡਿੱਗਦੀ ਹੈ, ਕੀੜੇ ਮਕੌੜਿਆਂ ਦਾ ਹਮਲਾ ਵਧੇਰੇ ਹੁੰਦਾ ਹੈ ਅਤੇ ਖੰਡ ਦੀ ਰਿਕਵਰੀ ’ਤੇ ਵੀ ਬੁਰਾ ਪ੍ਰਭਾਵ ਪੈਂਦਾ ਹੈ, ਇਸ ਲਈ ਖਾਦਾਂ ਦੀ ਸੰਤੁਲਿਤ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਬਹਾਰ ਰੁੱਤ ਦੇ ਗੰਨੇ ਦੀ ਬੀਜੜ ਫਸਲ ਲਈ 130 ਕਿਲੋ ਅਤੇ ਮੂਢੀ ਫ਼ਸਲ ਲਈ 195 ਕਿਲੋ ਯੂਰੀਆ ਖਾਦ ਦੀ ਵਰਤੋਂ ਕਰਨ ਦੀ ਸਿਫਾਰਸ਼ ਕੀਤੀ ਜਾਂਦੀ ਹੈ । ਇਸ ਤੋਂ ਇਲਾਵਾ ਫਾਸਫੇਟਿਕ ਅਤੇ ਪੋਟਾਸ਼ ਖਾਦ ਦੀ ਵਰਤੋਂ ਮਿੱਟੀ ਪਰਖ ਦੇ ਆਧਾਰ ’ਤੇ ਕਰਨੀ ਚਾਹੀਦੀ ਹੈ। ਮੌਕੇ ’ਤੇ ਗੰਨਾ ਕਾਸ਼ਤਕਾਰਾਂ ਦੇ ਖੇਤਾਂ ਵਿੱਚ ਜਾ ਕੇ ਆ ਰਹੀਆਂ ਵੱਖ-ਵੱਖ ਸਮੱਸਿਆਵਾਂ ਦੇ ਹੱਲ ਬਾਰੇ ਵੀ ਦੱਸਿਆ ਗਿਆ। ਉਨ੍ਹਾਂ ਕਿਸਾਨਾਂ ਨੂੰ ਕਣਕ ਅਤੇ ਹੋਰ ਫ਼ਸਲਾਂ ਦੀ ਰਹਿੰਦ-ਖੂਹੰਦ ਦੀ ਖੇਤਾਂ ਵਿਚ ਹੀ ਸੰਭਾਲ ਕਰਨ ਦੀ ਅਪੀਲ ਵੀ ਕੀਤੀ ਤਾਂ ਜੋ ਜ਼ਮੀਨ ਦੀ ਸਿਹਤ ਬਰਕਰਾਰ ਰੱਖੀ ਜਾ ਸਕੇ।

By admin

Related Post