ਬਿਜਲੀ, ਨੌਕਰੀਆਂ, ਸਿਹਤ, ਸਿੱਖਿਆ ਤੇ ਸੜਕਾਂ ਸਮੇਤ ਹਰ ਖੇਤਰ ਵਿੱਚ ਆਮ ਆਦਮੀ ਪਾਰਟੀ ਨੇ ਕੀਤਾ ਵੱਡਾ ਕੰਮ : ਕੁਲਜੀਤ ਸਿੰਘ ਬਜਵਾੜਾ

ਆਮ ਆਦਮੀ ਪਾਰਟੀ

ਸੂਬੇ ਦੇ ਵਿਕਾਸ ਨਾਲ ਲੋਕ-ਭਲਾਈ ਯੋਜਨਾਵਾਂ ਨੂੰ ਮਿਲੀ ਰਫ਼ਤਾਰ, ਨੌਜਵਾਨਾਂ ਨੂੰ ਰੋਜ਼ਗਾਰ ਤੇ ਕਿਸਾਨਾਂ ਨੂੰ ਸਹੂਲਤਾਂ ਦੇਣ ’ਤੇ ਸਰਕਾਰ ਦਾ ਵਿਸ਼ੇਸ਼ ਜ਼ੋਰ

ਹੁਸ਼ਿਆਰਪੁਰ (ਤਰਸੇਮ ਦੀਵਾਨਾ) – ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਦੀ ਜਨਤਾ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੇ ਨਾਲ-ਨਾਲ ਸੂਬੇ ਦੇ ਵਿਕਾਸ ਅਤੇ ਲੋਕ-ਭਲਾਈ ਲਈ ਕਈ ਅਹਿਮ ਕਦਮ ਚੁੱਕੇ ਗਏ ਹਨ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪਰਿਸ਼ਦ ਮੈਂਬਰ ਕੁਲਜੀਤ ਸਿੰਘ ਬਜਵਾੜਾ ਨੇ ਸਾਡੇ ਪੱਤਰਕਾਰ ਨਾਲ ਸੰਖੇਪ ਮੁਲਾਕਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਬਿਜਲੀ, ਸਿੱਖਿਆ, ਸਿਹਤ, ਰੋਜ਼ਗਾਰ, ਸੜਕਾਂ, ਖੇਤੀਬਾੜੀ ਅਤੇ ਲੋਕ-ਭਲਾਈ ਦੇ ਖੇਤਰਾਂ ਨੂੰ ਤਰਜੀਹ ਦਿੱਤੀ ਹੈ।

ਕੁਲਜੀਤ ਸਿੰਘ ਬਜਵਾੜਾ ਨੇ ਕਿਹਾ ਕਿ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਤੱਕ ਮੁਫ਼ਤ ਬਿਜਲੀ ਦੇਣ ਦੇ ਨਾਲ ਕਿਸਾਨਾਂ ਨੂੰ ਖੇਤੀ ਲਈ ਦਿਨ ਸਮੇਂ ਬਿਜਲੀ ਮੁਹੱਈਆ ਕਰਵਾਉਣ ਅਤੇ ਨਹਿਰੀ ਸਿੰਚਾਈ ਨੂੰ ਮਜ਼ਬੂਤ ਕਰਨ ਵੱਲ ਵੀ ਕਦਮ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ 18 ਹਜ਼ਾਰ ਤੋਂ ਵੱਧ ਨਹਿਰਾਂ ਨੂੰ ਮੁੜ ਸੁਰਜੀਤ ਕਰਕੇ ਸਿੰਚਾਈ ਦਾ ਪਾਣੀ ਖੇਤਾਂ ਤੱਕ ਪਹੁੰਚਾਉਣ ਦਾ ਕੰਮ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਵੱਡੇ ਪੱਧਰ ’ਤੇ ਸਰਕਾਰੀ ਭਰਤੀਆਂ ਕੀਤੀਆਂ ਗਈਆਂ ਹਨ। ਮੁੱਖ ਮੰਤਰੀ ਵੱਲੋਂ ਦੱਸੇ ਅੰਕੜਿਆਂ ਅਨੁਸਾਰ ਸੂਬੇ ਵਿੱਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਮੈਰਿਟ ਅਤੇ ਪਾਰਦਰਸ਼ੀ ਭਰਤੀ ਪ੍ਰਕਿਰਿਆ ਰਾਹੀਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮਿਲੇ ਹਨ।

ਸਿਹਤ ਸਹੂਲਤਾਂ ਦਾ ਜ਼ਿਕਰ ਕਰਦਿਆਂ ਬਜਵਾੜਾ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਨੇੜੇ ਮੁੱਢਲੀਆਂ ਸਿਹਤ ਸੇਵਾਵਾਂ ਮਿਲ ਰਹੀਆਂ ਹਨ। ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਸ਼ਲੈੱਸ ਇਲਾਜ ਅਤੇ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਦੀ ਭਰਤੀ ਵੱਲ ਵੀ ਕਦਮ ਚੁੱਕੇ ਗਏ ਹਨ। ਹੁਸ਼ਿਆਰਪੁਰ ਸਮੇਤ ਸੂਬੇ ਵਿੱਚ ਨਵੇਂ ਮੈਡੀਕਲ ਕਾਲਜ ਸਥਾਪਤ ਕਰਨ ਦੀ ਪ੍ਰਕਿਰਿਆ ਵੀ ਅੱਗੇ ਵਧਾਈ ਗਈ ਹੈ।

ਸਿੱਖਿਆ ਦੇ ਖੇਤਰ ਵਿੱਚ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਸਮਾਰਟ ਕਲਾਸਰੂਮ ਅਤੇ ਕੰਪਿਊਟਰ ਲੈਬਾਂ ਸਥਾਪਤ ਕਰਨ ਵੱਲ ਸਰਕਾਰ ਵੱਲੋਂ ਧਿਆਨ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ 9 ਹਜ਼ਾਰ ਤੋਂ ਵੱਧ ਸਮਾਰਟ ਕਲਾਸਰੂਮ ਅਤੇ 5 ਹਜ਼ਾਰ ਕੰਪਿਊਟਰ ਲੈਬਾਂ ਸਥਾਪਤ ਕੀਤੀਆਂ ਗਈਆਂ ਹਨ।

ਸੜਕਾਂ ਸਬੰਧੀ ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਵਿੱਚ ਆਵਾਜਾਈ ਨੂੰ ਬਿਹਤਰ ਬਣਾਉਣ ਲਈ ਸੜਕਾਂ ਦੀ ਮੁਰੰਮਤ ਤੇ ਨਵੀਨੀਕਰਨ ਦਾ ਵੱਡਾ ਕੰਮ ਕੀਤਾ ਗਿਆ ਹੈ। ਸਰਕਾਰ ਦੇ ਹਵਾਲੇ ਨਾਲ ਉਨ੍ਹਾਂ ਕਿਹਾ ਕਿ 40 ਹਜ਼ਾਰ ਕਿਲੋਮੀਟਰ ਤੋਂ ਵੱਧ ਪੇਂਡੂ ਲਿੰਕ ਸੜਕਾਂ ਦੀ ਮੁਰੰਮਤ ਦਾ ਕੰਮ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਸੜਕ ਸੁਰੱਖਿਆ ਫੋਰਸ ਰਾਹੀਂ ਹਾਦਸਿਆਂ ਵਿੱਚ ਤੁਰੰਤ ਮਦਦ ਅਤੇ ਐਮਰਜੈਂਸੀ ਸੇਵਾਵਾਂ ਨੂੰ ਮਜ਼ਬੂਤ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀ ਆਰਥਿਕ ਸੁਰੱਖਿਆ ਲਈ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਯੋਗ ਮਹਿਲਾਵਾਂ ਨੂੰ 1000 ਰੁਪਏ ਅਤੇ ਐਸ.ਸੀ. ਵਰਗ ਨਾਲ ਸਬੰਧਤ ਮਹਿਲਾਵਾਂ ਨੂੰ 1500 ਰੁਪਏ ਮਹੀਨਾਵਾਰ ਸਹਾਇਤਾ ਦਿੱਤੀ ਜਾ ਰਹੀ ਹੈ। ਕਿਸਾਨਾਂ ਲਈ ਸਿੰਚਾਈ ਸਹੂਲਤਾਂ, ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਅਤੇ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਮੁਹੱਈਆ ਕਰਵਾਉਣ ਵਰਗੇ ਕਦਮ ਵੀ ਚੁੱਕੇ ਗਏ ਹਨ।

ਬਜਵਾੜਾ ਨੇ ਕਿਹਾ ਕਿ ਸਰਕਾਰ ਵੱਲੋਂ ਮੁਫ਼ਤ ਬੱਸ ਸਫ਼ਰ, ਸਮਾਜਿਕ ਸੁਰੱਖਿਆ ਪੈਨਸ਼ਨਾਂ ਅਤੇ ਹੋਰ ਲੋਕ-ਭਲਾਈ ਸਕੀਮਾਂ ਰਾਹੀਂ ਲੋਕਾਂ ਨੂੰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਨਸ਼ਿਆਂ ਅਤੇ ਗੈਂਗਸਟਰਵਾਦ ਵਿਰੁੱਧ ਕਾਰਵਾਈ, ਪੁਲਿਸ ਦੇ ਆਧੁਨਿਕੀਕਰਨ ਅਤੇ ਐਮਰਜੈਂਸੀ ਸੇਵਾਵਾਂ ਨੂੰ ਮਜ਼ਬੂਤ ਕਰਨ ਵੱਲ ਵੀ ਕਦਮ ਚੁੱਕੇ ਗਏ ਹਨ।

ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਸੋਚ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਆਮ ਲੋਕਾਂ, ਕਿਸਾਨਾਂ, ਨੌਜਵਾਨਾਂ, ਮਹਿਲਾਵਾਂ, ਵਿਦਿਆਰਥੀਆਂ ਅਤੇ ਮਜ਼ਦੂਰਾਂ ਦੀਆਂ ਲੋੜਾਂ ਨੂੰ ਕੇਂਦਰ ਵਿੱਚ ਰੱਖ ਕੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਾਰਦਰਸ਼ਤਾ, ਮੈਰਿਟ ਅਤੇ ਲੋਕ-ਸੇਵਾ ਦੇ ਸਿਧਾਂਤਾਂ ’ਤੇ ਕੰਮ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਦੇ ਵਿਕਾਸ ਕਾਰਜ ਅੱਗੇ ਵੀ ਜਾਰੀ ਰਹਿਣਗੇ।

By admin

Related Post