Breaking
Fri. Nov 20th, 2026

ਬੱਬਰ ਅਕਾਲੀ ਲਹਿਰ ਅਤੇ ਆਦਿ ਧਰਮ ਲਹਿਰ ਨੇ ਪੰਜਾਬ ਦੇ ਇਤਿਹਾਸ ਵਿੱਚ ਸਿਰਜਿਆ ਨਵਾਂ ਅਧਿਆਇ : ਚਰਨਜੀਤ ਸਿੰਘ ਚੰਨੀ

ਬੱਬਰ ਅਕਾਲੀ ਲਹਿਰ

ਭਾਸ਼ਾ ਵਿਭਾਗ ਵੱਲੋਂ ਦੋਵਾਂ ਇਤਿਹਾਸਕ ਲਹਿਰਾਂ ਦੀ ਸ਼ਤਾਬਦੀ ਨੂੰ ਸਮਰਪਿਤ ਸਰਕਾਰੀ ਸਕੂਲ ਪੱਦੀ ਸੂਰਾ ਸਿੰਘ ਵਿਖੇ ਵਿਸ਼ੇਸ਼ ਸੈਮੀਨਾਰ ਕਰਵਾਇਆ

ਹੁਸ਼ਿਆਰਪੁਰ, 20 ਨਵੰਬਰ ( ਤਰਸੇਮ ਦੀਵਾਨਾ ) – ਪੰਜਾਬ ਦੇ ਆਜ਼ਾਦੀ ਸੰਗਰਾਮ ਅਤੇ ਸਮਾਜਿਕ ਚੇਤਨਾ ਦੇ ਇਤਿਹਾਸ ਵਿੱਚ ਬੱਬਰ ਅਕਾਲੀ ਲਹਿਰ ਅਤੇ ਆਦਿ ਧਰਮ ਲਹਿਰ ਦਾ ਬਹੁਤ ਹੀ ਮਹੱਤਵਪੂਰਨ ਸਥਾਨ ਹੈ। ਇਨ੍ਹਾਂ ਲਹਿਰਾਂ ਦੇ ਯੋਗਦਾਨ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣਾ ਸਮੇਂ ਦੀ ਅਹਿਮ ਲੋੜ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਦੇ ਓ.ਐੱਸ.ਡੀ. ਸ. ਚਰਨਜੀਤ ਸਿੰਘ ਚੰਨੀ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਦੀ ਸੂਰਾ ਸਿੰਘ ਵਿਖੇ ਕਰਵਾਏ ਗਏ ਵਿਸ਼ੇਸ਼ ਸੈਮੀਨਾਰ ਦੌਰਾਨ ਕੀਤਾ।

ਪੰਜਾਬ ਸਰਕਾਰ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਭਾਸ਼ਾ ਦਫ਼ਤਰ ਹੁਸ਼ਿਆਰਪੁਰ ਵੱਲੋਂ ਇਹ ਸੈਮੀਨਾਰ ਬੱਬਰ ਅਕਾਲੀ ਲਹਿਰ ਅਤੇ ਆਦਿ ਧਰਮ ਲਹਿਰ ਦੀ ਸ਼ਤਾਬਦੀ ਨੂੰ ਸਮਰਪਿਤ ਕੀਤਾ ਗਿਆ। ਸਮਾਗਮ ਦਾ ਉਦੇਸ਼ ਇਨ੍ਹਾਂ ਇਤਿਹਾਸਕ ਲਹਿਰਾਂ ਦੇ ਸੰਘਰਸ਼, ਕੁਰਬਾਨੀਆਂ ਅਤੇ ਸਮਾਜਿਕ ਯੋਗਦਾਨ ਬਾਰੇ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਜਾਣੂ ਕਰਵਾਉਣਾ ਸੀ।

ਸਮਾਗਮ ਦੀ ਸ਼ੁਰੂਆਤ ਮੌਕੇ ਡਾ. ਜਸਵੰਤ ਰਾਏ, ਖੋਜ ਅਫ਼ਸਰ ਭਾਸ਼ਾ ਵਿਭਾਗ ਨੇ ਮਹਿਮਾਨਾਂ ਅਤੇ ਸਾਹਿਤਕਾਰਾਂ ਦਾ ਸਵਾਗਤ ਕਰਦਿਆਂ ਪੰਜਾਬੀ ਮਾਹ ਦੌਰਾਨ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਭਾਸ਼ਾ ਵਿਭਾਗ ਵੱਲੋਂ ਪੰਜਾਬ ਦੇ ਇਤਿਹਾਸ, ਸਾਹਿਤ ਅਤੇ ਵਿਰਾਸਤ ਨਾਲ ਸਬੰਧਤ ਮਹੱਤਵਪੂਰਨ ਵਿਸ਼ਿਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਇਸ ਮੌਕੇ ਆਦਿ ਧਰਮ ਲਹਿਰ ਬਾਰੇ ਖੋਜ ਪੱਤਰ ਪੇਸ਼ ਕਰਦਿਆਂ ਡਾ. ਹਰਪ੍ਰੀਤ ਸਿੰਘ, ਸਹਾਇਕ ਪ੍ਰੋਫੈਸਰ ਸਰਕਾਰੀ ਕਾਲਜ ਛਛਰੌਲੀ, ਯਮੁਨਾਨਗਰ ਨੇ ਕਿਹਾ ਕਿ ਆਦਿ ਧਰਮ ਲਹਿਰ ਨੇ ਸਮਾਜ ਦੇ ਦੱਬੇ-ਕੁਚਲੇ ਅਤੇ ਹਾਸ਼ੀਏ ’ਤੇ ਰਹਿ ਰਹੇ ਵਰਗਾਂ ਵਿੱਚ ਆਪਣੇ ਹੱਕਾਂ, ਸਵੈਮਾਣ ਅਤੇ ਵੱਖਰੀ ਸਮਾਜਿਕ ਪਛਾਣ ਪ੍ਰਤੀ ਵੱਡੀ ਚੇਤਨਾ ਪੈਦਾ ਕੀਤੀ। ਉਨ੍ਹਾਂ ਕਿਹਾ ਕਿ ਇਸ ਲਹਿਰ ਦੇ ਮੋਢੀ ਬਾਬੂ ਮੰਗੂ ਰਾਮ ਮੰਗੋਵਾਲੀਆ ਨੇ ਸਮਾਜਿਕ ਬਰਾਬਰੀ ਅਤੇ ਮਾਨਵੀ ਸਨਮਾਨ ਲਈ ਇਤਿਹਾਸਕ ਯੋਗਦਾਨ ਪਾਇਆ, ਜਿਸ ਕਾਰਨ ਉਨ੍ਹਾਂ ਨੂੰ ਪੰਜਾਬ ਦਾ ਅੰਬੇਡਕਰ ਵੀ ਕਿਹਾ ਜਾਂਦਾ ਹੈ।

ਇਸੇ ਤਰ੍ਹਾਂ ਬੱਬਰ ਅਕਾਲੀ ਲਹਿਰ ਬਾਰੇ ਆਪਣਾ ਖੋਜ ਪੱਤਰ ਪੇਸ਼ ਕਰਦਿਆਂ ਸੀਤਾ ਰਾਮ ਬਾਂਸਲ ਨੇ ਕਿਹਾ ਕਿ ਬੱਬਰ ਅਕਾਲੀਆਂ ਨੇ ਬ੍ਰਿਟਿਸ਼ ਸਾਮਰਾਜ ਦੀਆਂ ਜ਼ੁਲਮ ਭਰੀਆਂ ਨੀਤੀਆਂ ਵਿਰੁੱਧ ਨਿਡਰ ਹੋ ਕੇ ਸੰਘਰਸ਼ ਕੀਤਾ। ਉਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਤੱਕ ਕੁਰਬਾਨ ਕਰ ਦਿੱਤੀਆਂ। ਅੰਗਰੇਜ਼ ਹਕੂਮਤ ਵਿਰੁੱਧ ਉਨ੍ਹਾਂ ਦੇ ਸੰਘਰਸ਼ ਕਾਰਨ ਅਨੇਕਾਂ ਬੱਬਰਾਂ ਨੂੰ ਗ੍ਰਿਫ਼ਤਾਰੀਆਂ, ਤਸ਼ੱਦਦ ਅਤੇ ਫਾਂਸੀਆਂ ਦਾ ਸਾਹਮਣਾ ਕਰਨਾ ਪਿਆ, ਪਰ ਉਨ੍ਹਾਂ ਨੇ ਆਪਣੇ ਦੇਸ਼ ਪ੍ਰੇਮ ਅਤੇ ਇਨਕਲਾਬੀ ਜਜ਼ਬੇ ਨਾਲ ਕੋਈ ਸਮਝੌਤਾ ਨਹੀਂ ਕੀਤਾ।

ਦੋਵਾਂ ਖੋਜ ਪੱਤਰਾਂ ਦੀ ਸ਼ਲਾਘਾ ਕਰਦਿਆਂ ਸ. ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਦੋਆਬੇ ਦੀ ਧਰਤੀ ਨੇ ਦੇਸ਼ ਦੀ ਆਜ਼ਾਦੀ ਅਤੇ ਸਮਾਜਿਕ ਬਰਾਬਰੀ ਲਈ ਅਨੇਕਾਂ ਮਹਾਨ ਯੋਧੇ ਅਤੇ ਸਮਾਜ ਸੁਧਾਰਕ ਪੈਦਾ ਕੀਤੇ ਹਨ। ਬੱਬਰ ਅਕਾਲੀਆਂ ਅਤੇ ਆਦਿ ਧਰਮ ਲਹਿਰ ਦੇ ਬਾਨੀ ਬਾਬੂ ਮੰਗੂ ਰਾਮ ਮੰਗੋਵਾਲੀਆ ਦਾ ਯੋਗਦਾਨ ਇਤਿਹਾਸ ਵਿੱਚ ਸਦਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਭਾਸ਼ਾ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਨੂੰ ਆਪਣੇ ਇਤਿਹਾਸ ਅਤੇ ਵਿਰਸੇ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।

ਸਮਾਗਮ ਦੌਰਾਨ ਭਾਸ਼ਾ ਵਿਭਾਗ ਵੱਲੋਂ ਸ. ਚਰਨਜੀਤ ਸਿੰਘ ਚੰਨੀ, ਡਾ. ਹਰਪ੍ਰੀਤ ਸਿੰਘ, ਸੀਤਾ ਰਾਮ ਬਾਂਸਲ, ਸਕੂਲ ਦੇ ਪ੍ਰਿੰਸੀਪਲ ਹਰਬਲਾਸ ਬੰਗਾ, ਬਾਬੂ ਮੰਗੂ ਰਾਮ ਮੰਗੋਵਾਲੀਆ ਦੇ ਪੜਪੋਤੇ ਸੁਭਾਸ਼ ਗੰਗੜ, ਮਾਸਟਰ ਅਰਵਿੰਦਰ ਸਿੰਘ ਹਵੇਲੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਪਰਮਜੀਤ ਕੌਰ, ਸੁਖਦੇਵ ਸਿੰਘ ਕਾਜਲ ਅਤੇ ਬਲਜਿੰਦਰ ਮਾਨ ਨੂੰ ਵਿਭਾਗ ਦੀਆਂ ਪੁਸਤਕਾਂ ਅਤੇ ਲੋਈਆਂ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਸਕੂਲ ਦੇ ਸਾਹਿਤਕ ਰੁਚੀਆਂ ਰੱਖਣ ਵਾਲੇ ਵਿਦਿਆਰਥੀਆਂ ਨੂੰ ਵੀ ਉਤਸ਼ਾਹਿਤ ਕਰਦਿਆਂ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਭਾਸ਼ਾ ਵਿਭਾਗ ਵੱਲੋਂ ਪ੍ਰਕਾਸ਼ਿਤ ਪੁਸਤਕਾਂ ਦੀ ਵਿਸ਼ੇਸ਼ ਪ੍ਰਦਰਸ਼ਨੀ ਵੀ ਲਗਾਈ ਗਈ, ਜਿਸ ਨੇ ਹਾਜ਼ਰ ਲੋਕਾਂ ਨੂੰ ਪੰਜਾਬੀ ਸਾਹਿਤ ਅਤੇ ਇਤਿਹਾਸ ਨਾਲ ਸਬੰਧਤ ਪੁਸਤਕਾਂ ਬਾਰੇ ਜਾਣਕਾਰੀ ਹਾਸਲ ਕਰਨ ਦਾ ਮੌਕਾ ਦਿੱਤਾ। ਸਮਾਗਮ ਦੇ ਅੰਤ ਵਿੱਚ ਪ੍ਰਿੰਸੀਪਲ ਹਰਬਲਾਸ ਬੰਗਾ ਨੇ ਮਹਿਮਾਨਾਂ ਅਤੇ ਭਾਸ਼ਾ ਵਿਭਾਗ ਦੇ ਅਧਿਕਾਰੀਆਂ ਦਾ ਧੰਨਵਾਦ ਕੀਤਾ। ਮੰਚ ਸੰਚਾਲਨ ਲੈਕਚਰਾਰ ਪਰਮਜੀਤ ਕੌਰ ਨੇ ਸੁਚੱਜੇ ਢੰਗ ਨਾਲ ਕੀਤਾ।

ਇਸ ਮੌਕੇ ਭਾਸ਼ਾ ਵਿਭਾਗ ਤੋਂ ਰਾਹੁਲ, ਲਾਲ ਸਿੰਘ, ਲੇਖਕ ਸੋਹਣ ਸਿੰਘ ਸੁੰਨੀ, ਸ਼ਾਮ ਸੁੰਦਰ ਪੋਸੀ, ਸਤਨਾਮ ਸਾਜਨ, ਗੁਰਿੰਦਰ ਸਿੰਘ, ਮਨੋਜ ਕੁਮਾਰ ਬੰਗਾ, ਰਾਜ ਕੁਮਾਰ, ਗੁਰਵਿੰਦਰ ਕੌਰ, ਮੀਨਾ, ਸੰਦੀਪ ਕੌਰ, ਨੀਨਾ ਕੁਮਾਰੀ, ਰੁਪਿੰਦਰ ਕੌਰ ਸਮੇਤ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

By admin

Related Post