ਹੁਣ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੂੰ ਸੱਤਾ ਵਿੱਚ ਲਿਆਉਣ ਲਈ ਪੰਜਾਬ ਦੇ ਲੋਕ ਪੂਰੀ ਤਰ੍ਹਾਂ ਤਿਆਰ ਨਜ਼ਰ ਆ ਰਹੇ ਹਨ
ਹੁਸ਼ਿਆਰਪੁਰ 19 ਜੁਲਾਈ ( ਤਰਸੇਮ ਦੀਵਾਨਾ ) – ਪੰਜਾਬ ਵਿੱਚ ਲੰਬੇ ਸਮੇਂ ਤੋਂ ਲੱਗ ਰਹੇ ਬਿਜਲੀ ਦੇ ਕੱਟਾਂ ਨੇ ਆਮ ਲੋਕਾਂ ਦਾ ਜੀਣਾ ਮੁਹਾਲ ਕਰ ਦਿੱਤਾ ਹੈ ਅਤੇ ਲੋਕਾਂ ਦੀ ਨੀਂਦ ਹਰਾਮ ਕਰ ਕੇ ਰੱਖ ਦਿੱਤੀ ਹੈ। ਇੱਕ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਡੇ-ਵੱਡੇ ਬਿਆਨ ਦੇ ਰਹੇ ਹਨ ਕਿ ਉਨ੍ਹਾਂ ਨੇ ਲੋਕਾਂ ਨੂੰ 600 ਯੂਨਿਟ ਬਿਜਲੀ ਮੁਫ਼ਤ ਦਿੱਤੀ ਹੈ ਅਤੇ ਇਸ ਦੇ ਬਾਵਜੂਦ ਪੰਜਾਬ ਰਾਜ ਬਿਜਲੀ ਬੋਰਡ ਘਾਟੇ ਦੀ ਬਜਾਏ ਮੁਨਾਫ਼ੇ ਵਿੱਚ ਚੱਲ ਰਿਹਾ ਹੈ। ਮੁੱਖ ਮੰਤਰੀ ਜਨਤਕ ਤੌਰ ‘ਤੇ ਦਾਅਵੇ ਕਰ ਰਹੇ ਹਨ ਕਿ ਸਰਕਾਰ ਵੱਲੋਂ ਵੱਖ-ਵੱਖ ਥਾਵਾਂ ‘ਤੇ ਨਵੇਂ ਬਿਜਲੀ ਪਲਾਂਟ ਖਰੀਦੇ ਗਏ ਹਨ ਅਤੇ ਸੂਬੇ ਕੋਲ ਕੋਲੇ ਦੇ ਵੀ ਭਰਪੂਰ ਭੰਡਾਰ ਮੌਜੂਦ ਹਨ, ਜਿਸ ਕਾਰਨ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਪ੍ਰੰਤੂ ਜ਼ਮੀਨੀ ਹਕੀਕਤ ਇਸ ਦੇ ਬਿਲਕੁਲ ਉਲਟ ਹੈ ਅਤੇ ਸੂਬੇ ਵਿੱਚ ਲੱਗ ਰਹੇ ਪੰਜ-ਪੰਜ, ਛੇ-ਛੇ ਅਤੇ ਸੱਤ-ਸੱਤ ਘੰਟਿਆਂ ਦੇ ਲੰਬੇ ਬਿਜਲੀ ਕੱਟ ਮੁੱਖ ਮੰਤਰੀ ਦੇ ਇਨ੍ਹਾਂ ਦਾਅਵਿਆਂ ਨੂੰ ਸਰਾਸਰ ਝੂਠਾ ਸਾਬਤ ਕਰ ਰਹੇ ਹਨ।
ਇਸ ਵੇਲੇ ਪੰਜਾਬ ਬਹੁਤ ਹੀ ਮਾੜੇ ਅਤੇ ਨਾਜ਼ੁਕ ਦੌਰ ਵਿੱਚੋਂ ਗੁਜ਼ਰ ਰਿਹਾ ਹੈ, ਜਿੱਥੇ ਚਿੱਟੇ ਦੇ ਘਾਤਕ ਨਸ਼ੇ ਕਾਰਨ ਰੋਜ਼ਾਨਾ ਨੌਜਵਾਨ ਪੁੱਤ ਮੌਤ ਦੇ ਮੂੰਹ ਵਿੱਚ ਜਾ ਰਹੇ ਹਨ। ਚਿੰਤਾ ਦੀ ਗੱਲ ਇਹ ਹੈ ਕਿ ਹੁਣ ਨੌਜਵਾਨ ਕੁੜੀਆਂ ਵੀ ਇਸ ਨਸ਼ੇ ਦੀ ਲਪੇਟ ਵਿੱਚ ਆ ਚੁੱਕੀਆਂ ਹਨ ਅਤੇ ਨਸ਼ੇ ਦੀ ਪੂਰਤੀ ਲਈ ਉਹ ਆਪਣੇ ਸਰੀਰ ਤੱਕ ਦੀ ਨਿਲਾਮੀ ਕਰਨ ਲਈ ਮਜਬੂਰ ਹੋ ਰਹੀਆਂ ਹਨ। ਇਹਨਾ ਗੱਲਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਸਕੱਤਰ ਜਨਰਲ ਬਰਿੰਦਰ ਸਿੰਘ ਪਰਮਾਰ ਨੇ ਕੁਝ ਚੋਣਵੇ ਪੱਤਰਕਾਰਾਂ ਨਾਲ ਇੱਕ ਪ੍ਰੈਸ ਵਾਰਤਾ ਦੌਰਾਨ ਕੀਤਾ । ਉਹਨਾਂ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ, ਗੈਂਗਸਟਰਵਾਦ ਸਿਰ ਚੜ੍ਹ ਕੇ ਬੋਲ ਰਿਹਾ ਹੈ ਅਤੇ ਸ਼ਰੇਆਮ ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ।
ਪੰਜਾਬ ਦੇ ਵੱਡੇ-ਵੱਡੇ ਵਪਾਰੀ ਅਤੇ ਕਾਰੋਬਾਰੀ ਆਪਣੇ ਕੰਮ-ਧੰਦੇ ਬੰਦ ਕਰਕੇ ਵਿਦੇਸ਼ਾਂ ਵੱਲ ਭੱਜਣ ਦੀ ਤਿਆਰੀ ਕਰ ਰਹੇ ਹਨ
ਇਸੇ ਡਰ ਕਾਰਨ ਪੰਜਾਬ ਦੇ ਵੱਡੇ-ਵੱਡੇ ਵਪਾਰੀ ਅਤੇ ਕਾਰੋਬਾਰੀ ਆਪਣੇ ਕੰਮ-ਧੰਦੇ ਬੰਦ ਕਰਕੇ ਵਿਦੇਸ਼ਾਂ ਵੱਲ ਭੱਜਣ ਦੀ ਤਿਆਰੀ ਕਰ ਰਹੇ ਹਨ। ਦੂਜੇ ਪਾਸੇ, ਜਿਨ੍ਹਾਂ ਦੇ ਸਿਰ ‘ਤੇ ਕਾਨੂੰਨ ਵਿਵਸਥਾ ਕਾਇਮ ਰੱਖਣ ਦੀ ਜ਼ਿੰਮੇਵਾਰੀ ਹੈ, ਉਹ ਪੰਜਾਬ ਪੁਲਿਸ ਦੇ ਉੱਚ ਅਧਿਕਾਰੀ ਹੀ ਵਿਦੇਸ਼ਾਂ ਵਿੱਚ ਬੈਠੇ ਲੋਕਾਂ ਤੋਂ ਚਾਰ-ਚਾਰ ਕਰੋੜ ਰੁਪਏ ਦੀਆਂ ਰਿਸ਼ਵਤਾਂ ਮੰਗ ਰਹੇ ਹਨ। ਇੱਥੋਂ ਤੱਕ ਕਿ ਡੀਐਸਪੀ ਵਰਗੇ ਜ਼ਿੰਮੇਵਾਰ ਅਹੁਦਿਆਂ ‘ਤੇ ਬੈਠੇ ਵਿਅਕਤੀ ਆਮ ਨਿਰਦੋਸ਼ ਲੋਕਾਂ ਦੀਆਂ ਗੱਡੀਆਂ ਵਿੱਚ ਖੁਦ ਨਸ਼ਾ ਰਖਵਾ ਕੇ ਉਨ੍ਹਾਂ ਨੂੰ ਬਲੈਕਮੇਲ ਕਰ ਰਹੇ ਹਨ ਅਤੇ ਮੋਟੀਆਂ ਰਕਮਾਂ ਬਟੋਰਨ ਦਾ ਧੰਦਾ ਚਲਾ ਰਹੇ ਹਨ। ਜੇਕਰ ਸੂਬੇ ਦੇ ਵਿਕਾਸ ਦੀ ਗੱਲ ਕੀਤੀ ਜਾਵੇ ਤਾਂ ਸੜਕਾਂ ਬੁਰੀ ਤਰ੍ਹਾਂ ਟੁੱਟੀਆਂ-ਭੱਜੀਆਂ ਪਈਆਂ ਹਨ ਅਤੇ ਬੁਨਿਆਦੀ ਢਾਂਚਾ ਪੂਰੀ ਤਰ੍ਹਾਂ ਤਬਾਹ ਹੋ ਚੁੱਕਾ ਹੈ।
ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਦੇ ਵਿਕਾਸ ਲਈ ਕੁਝ ਵੀ ਨਹੀਂ ਕੀਤਾ ਅਤੇ ਹਰ ਫਰੰਟ ‘ਤੇ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਸਿਆਸੀ ਗਲਿਆਰਿਆਂ ਅਤੇ ਆਮ ਲੋਕਾਂ ਵਿੱਚ ਇਸ ਵੇਲੇ ਸ਼੍ਰੋਮਣੀ ਅਕਾਲੀ ਦਲ ਦੀ ਦੁਬਾਰਾ ਸਰਕਾਰ ਬਣਾਉਣ ਨੂੰ ਲੈ ਕੇ ਵੱਡੀ ਚਰਚਾ ਚੱਲ ਰਹੀ ਹੈ। ਪੰਜਾਬ ਦੇ ਲੋਕ ਪਾਰਟੀ ਦੇ ਸਿਰਮੌਰ ਆਗੂ ਰਾਜਨੀਤੀ ਦੇ ‘ਬਾਬਾ ਬੋਹੜ’ ਸਵ. ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਹੋਏ ਬੇਮਿਸਾਲ ਵਿਕਾਸ ਕਾਰਜਾਂ ਨੂੰ ਯਾਦ ਕਰਦਿਆਂ ਅਕਾਲੀ ਦਲ ਦੀ ਵਾਪਸੀ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।
ਉਹਨਾਂ ਕਿਹਾ ਕਿ ਲੋਕਾਂ ਦਾ ਮੰਨਣਾ ਹੈ ਕਿ ਪੰਜਾਬ ਦਾ ਕੋਈ ਵੀ ਪਿੰਡ, ਸ਼ਹਿਰ, ਕਸਬਾ ਜਾਂ ਜ਼ਿਲ੍ਹਾ ਅਜਿਹਾ ਨਹੀਂ ਹੈ, ਜਿੱਥੇ ਅਕਾਲੀ ਦਲ ਦੀ ਸਰਕਾਰ ਵੇਲੇ ਸੜਕਾਂ, ਪੀਣ ਵਾਲੇ ਸਾਫ਼ ਪਾਣੀ, ਬਿਜਲੀ ਅਤੇ ਹੋਰ ਬੁਨਿਆਦੀ ਸਹੂਲਤਾਂ ਨਾ ਪਹੁੰਚਾਈਆਂ ਗਈਆਂ ਹੋਣ। ਸੂਬੇ ਦੇ ਚੌਤਰਫ਼ਾ ਵਿਕਾਸ ਅਤੇ ਲੋਕ-ਪੱਖੀ ਨੀਤੀਆਂ ਦੇ ਆਧਾਰ ‘ਤੇ ਹੁਣ ਪੰਜਾਬ ਵਾਸੀ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੂੰ ਸੱਤਾ ਵਿੱਚ ਲਿਆਉਣ ਲਈ ਪੂਰੀ ਤਰ੍ਹਾਂ ਤਿਆਰ ਨਜ਼ਰ ਆ ਰਹੇ ਹਨ।

