Breaking
Thu. Nov 19th, 2026

ਦਿੱਲੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਅਤਿ ਨਿੰਦਣਯੋਗ, ਦੋਸ਼ੀਆਂ ਅਤੇ ਲਾਪਰਵਾਹ ਪ੍ਰਬੰਧਕਾਂ ਖ਼ਿਲਾਫ਼ ਹੋਵੇ ਸਖ਼ਤ ਕਾਰਵਾਈ : ਡਾ. ਸੋਨੀਆ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਗੁਰੂ ਘਰ ਦੀ ਸੁਰੱਖਿਆ ਅਤੇ ਸਿੱਖ ਧਾਰਮਿਕ ਮਰਿਆਦਾ ਨਾਲ ਕੋਈ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ

ਹੁਸ਼ਿਆਰਪੁਰ, 19 ਨਵੰਬਰ (ਤਰਸੇਮ ਦੀਵਾਨਾ) – ਉੱਘੀ ਸਮਾਜ ਸੇਵਿਕਾ ਅਤੇ ਕਾਂਗਰਸ ਯੂਰਪ ਦੀ ਪ੍ਰਧਾਨ ਡਾ. ਸੋਨੀਆ ਨੇ ਪੱਛਮੀ ਦਿੱਲੀ ਦੇ ਤਿਲਕ ਨਗਰ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਹਿਬਪੁਰਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗਾਂ ਦੀ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ ਇਹ ਘਟਨਾ ਸਮੁੱਚੀ ਸਿੱਖ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਉਣ ਵਾਲੀ ਹੈ। ਅਜਿਹੀਆਂ ਘਟਨਾਵਾਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਡਾ. ਸੋਨੀਆ ਨੇ ਕਿਹਾ ਕਿ ਇਸ ਮਾਮਲੇ ਵਿੱਚ ਦੋਸ਼ੀ ਵਿਅਕਤੀ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਕੇ ਮਿਸਾਲੀ ਸਜ਼ਾ ਦਿਵਾਈ ਜਾਣੀ ਚਾਹੀਦੀ ਹੈ। ਇਸ ਦੇ ਨਾਲ ਹੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਥਿਤ ਲਾਪਰਵਾਹੀ ਦੀ ਵੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ, ਕਿਉਂਕਿ ਗੁਰੂ ਘਰਾਂ ਦੀ ਸੁਰੱਖਿਆ ਅਤੇ ਮਰਿਆਦਾ ਕਾਇਮ ਰੱਖਣਾ ਪ੍ਰਬੰਧਕਾਂ ਦੀ ਮੁੱਢਲੀ ਜ਼ਿੰਮੇਵਾਰੀ ਹੈ।

ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪ੍ਰਬੰਧਕਾਂ ਨੂੰ ਸਪੱਸ਼ਟੀਕਰਨ ਲਈ ਤਲਬ ਕਰਨਾ ਇੱਕ ਜ਼ਰੂਰੀ ਕਦਮ ਹੈ। ਬੇਅਦਬੀ ਵਰਗੀ ਸੰਵੇਦਨਸ਼ੀਲ ਘਟਨਾ ਨੂੰ ਦਬਾਉਣ ਜਾਂ ਸੰਗਤ ਤੋਂ ਜਾਣਕਾਰੀ ਲੁਕਾਉਣ ਦੇ ਦੋਸ਼ਾਂ ਦੀ ਵੀ ਗੰਭੀਰਤਾ ਨਾਲ ਜਾਂਚ ਹੋਣੀ ਚਾਹੀਦੀ ਹੈ।

ਡਾ. ਸੋਨੀਆ ਨੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਸਮੇਤ ਜੇਕਰ ਕੋਈ ਵੀ ਜ਼ਿੰਮੇਵਾਰ ਵਿਅਕਤੀ ਲਾਪਰਵਾਹੀ ਦਾ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਧਾਰਮਿਕ ਸਥਾਨਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ ਅਤੇ ਸਿੱਖ ਸੰਗਤ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ।

By admin

Related Post