ਹੁਸ਼ਿਆਰਪੁਰ, 22 ਜੁਲਾਈ ( ਤਰਸੇਮ ਦੀਵਾਨਾ ) – ਦਿੱਲੀ ਦੇ ਜੰਤਰ-ਮੰਤਰ ਵਿਖੇ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਇੱਥੋਂ ਤੱਕ ਕਿ ਡਾਕਟਰਾਂ ‘ਤੇ ਪੁਲਿਸ ਵੱਲੋਂ ਕੀਤੇ ਗਏ ਬੇਰਹਿਮ ਲਾਠੀਚਾਰਜ ਅਤੇ ਹੰਝੂ ਗੈਸ ਦੇ ਗੋਲੇ ਛੱਡਣ ਦੀ ਘਟਨਾ ਦੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਆਰ.ਟੀ.ਆਈ. ਸੈੱਲ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਸੂਰਜ ਸਿੰਘ ਵੱਲੋਂ ਤਿੱਖੇ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ ਹੈ। ਪੱਤਰਕਾਰਾ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਸੂਰਜ ਸਿੰਘ ਨੇ ਆਖਿਆ ਕਿ ਕੇਂਦਰ ਸਰਕਾਰ ਦੇ ਇਸ਼ਾਰੇ ‘ਤੇ ਦਿੱਲੀ ਪੁਲਿਸ ਵੱਲੋਂ ਕੀਤਾ ਗਿਆ ਇਹ ਜਬਰ ਅੰਗਰੇਜ਼ਾਂ ਦੇ ‘ਈਸਟ ਇੰਡੀਆ ਕੰਪਨੀ’ ਦੇ ਕਾਲੇ ਰਾਜ ਦੀ ਯਾਦ ਤਾਜ਼ਾ ਕਰਵਾਉਂਦਾ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਹਰ ਨਾਗਰਿਕ ਨੂੰ ਆਪਣੀ ਆਵਾਜ਼ ਬੁਲੰਦ ਕਰਨ ਦਾ ਸੰਵਿਧਾਨਕ ਹੱਕ ਹੈ, ਪਰ ਕੇਂਦਰ ਸਰਕਾਰ ਧੱਕੇਸ਼ਾਹੀ ਅਤੇ ਦਮਨਕਾਰੀ ਨੀਤੀਆਂ ਅਪਣਾ ਕੇ ਨੌਜਵਾਨਾਂ ਦੀ ਆਵਾਜ਼ ਨੂੰ ਕੁਚਲਣਾ ਚਾਹੁੰਦੀ ਹੈ।
ਐਡਵੋਕੇਟ ਸੂਰਜ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚਿਤਾਵਨੀ ਦੰਦਿਆਂ ਕਿਹਾ ਕਿ ਦੇਸ਼ ਵਿੱਚ ਹਾਲਾਤ ਖਰਾਬ ਹੋਣ ਤੋਂ ਪਹਿਲਾਂ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੂੰ ਤੁਰੰਤ ਮੰਤਰੀ ਮੰਡਲ ਤੋਂ ਬਾਹਰ ਕੀਤਾ ਜਾਵੇ। ਉਨ੍ਹਾਂ ਤਾੜਨਾ ਕਰਦਿਆਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਆਪਣੀਆਂ ਅੱਖਾਂ ਨਾ ਖੋਲ੍ਹੀਆਂ ਅਤੇ ਨੌਜਵਾਨਾਂ ‘ਤੇ ਅੱਤਿਆਚਾਰ ਬੰਦ ਨਾ ਕੀਤਾ, ਤਾਂ ਇਸ ਤਾਨਾਸ਼ਾਹੀ ਸਰਕਾਰ ਦੇ ਨਤੀਜੇ ਵੀ ਬਹੁਤ ਗੰਭੀਰ ਹੋ ਸਕਦੇ ਹਨ।
ਨੌਜਵਾਨਾਂ ਅਤੇ ਵਿਦਿਆਰਥੀਆਂ ਦਾ ਉਭਾਰ ਅਜਿਹੀਆਂ ਧੱਕੇਸ਼ਾਹੀਆਂ ਨਾਲ ਨਹੀਂ ਦਬਾਇਆ ਜਾ ਸਕਦਾ
ਉਨ੍ਹਾਂ ਅਖੀਰ ਵਿੱਚ ਕਿਹਾ ਕਿ ਨੌਜਵਾਨਾਂ ਅਤੇ ਵਿਦਿਆਰਥੀਆਂ ਦਾ ਉਭਾਰ ਅਜਿਹੀਆਂ ਧੱਕੇਸ਼ਾਹੀਆਂ ਨਾਲ ਨਹੀਂ ਦਬਾਇਆ ਜਾ ਸਕਦਾ। ਸ਼੍ਰੋਮਣੀ ਅਕਾਲੀ ਦਲ ਬਾਦਲ ਨੌਜਵਾਨਾਂ ਅਤੇ ਵਿਦਿਆਰਥੀਆਂ ਦੇ ਹੱਕਾਂ ਲਈ ਡਟ ਕੇ ਖੜ੍ਹਾ ਹੈ ਅਤੇ ਇਸ ਜਬਰ ਦਾ ਹਰ ਮੰਚ ‘ਤੇ ਪੁਰਜ਼ੋਰ ਵਿਰੋਧ ਕੀਤਾ ਜਾਵੇਗਾ। ਐਡਵੋਕੇਟ ਸੂਰਜ ਸਿੰਘ ਨੇ ਆਖਿਆ ਕਿ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰ ਰਹੇ ਦੇਸ਼ ਦੇ ਭਵਿੱਖ ਨੌਜਵਾਨਾਂ ਅਤੇ ਵਿਦਿਆਰਥੀਆਂ ‘ਤੇ ਅਜਿਹੀ ਬੇਰਹਿਮੀ ਨਾਲ ਲਾਠੀਚਾਰਜ ਕਰਨਾ ਸਰਕਾਰ ਦੀਆਂ ਜਬਰ ਅਤੇ ਦਮਨਕਾਰੀ ਨੀਤੀਆਂ ਨੂੰ ਸਾਫ਼ ਦਰਸਾਉਂਦਾ ਹੈ। ਉਹਨਾਂ ਕਿਹਾ, “ਨੌਜਵਾਨਾਂ ਅਤੇ ਵਿਦਿਆਰਥੀਆਂ ਦਾ ਉਤਸ਼ਾਹ ਅਜਿਹੀਆਂ ਜਬਰ ਦੀਆਂ ਕਾਰਵਾਈਆਂ ਨਾਲ ਨਾ ਤਾਂ ਦਬਾਇਆ ਜਾ ਸਕਦਾ ਹੈ ਅਤੇ ਨਾ ਹੀ ਕੁਚਲਿਆ ਜਾ ਸਕਦਾ ਹੈ।”
ਐਡਵੋਕੇਟ ਸੂਰਜ ਸਿੰਘ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਨੌਜਵਾਨਾਂ ਦੀ ਆਵਾਜ਼ ਨੂੰ ਦਬਾਉਣ ਵਾਲੀਆਂ ਅਜਿਹੀਆਂ ਧੱਕੇਸ਼ਾਹੀਆਂ ਅਤੇ ਦਮਨਕਾਰੀ ਨੀਤੀਆਂ ਨੂੰ ਤੁਰੰਤ ਬੰਦ ਕੀਤਾ ਜਾਵੇ ਅਤੇ ਵਿਦਿਆਰਥੀਆਂ ਦੀਆਂ ਜਾਇਜ਼ ਮੰਗਾਂ ਵੱਲ ਧਿਆਨ ਦਿੱਤਾ ਜਾਵੇ।

