Breaking
Thu. Apr 9th, 2026

ਪੰਜਾਬ ਸਰਕਾਰ ਕਿਸਾਨਾਂ ਦੇ ਖੇਤਾਂ ਦੀ ਤੁਰੰਤ ਗਿਰਦਾਵਰੀ ਕਰਵਾਕੇ ਕਿਸਾਨਾਂ ਤੇ ਮਜ਼ਦੂਰਾਂ ਨੂੰ ਬਣਦਾ ਮੁਆਵਜ਼ਾ ਦੇਵੇ : ਬਰਿੰਦਰ ਸਿੰਘ ਪ੍ਰਮਾਰ

ਪੰਜਾਬ ਸਰਕਾਰ

ਹੁਸ਼ਿਆਰਪੁਰ 8 ਅਪ੍ਰੈਲ ( ਤਰਸੇਮ ਦੀਵਾਨਾ ) – ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸਕੱਤਰ ਜਨਰਲ ਬਰਿੰਦਰ ਸਿੰਘ ਪ੍ਰਮਾਰ ਵੱਲੋਂ ਜਾਰੀ ਇੱਕ ਬਿਆਨ ਰਾਹੀਂ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਗਈ ਕਿ ਪਿਛਲੇ ਕੁਝ ਦਿਨਾਂ ਤੋਂ ਸੂਬੇ ਭਰ ਵਿੱਚ ਹੋਈ ਭਾਰੀ ਬਾਰਿਸ਼ ਅਤੇ ਗੜੇਮਾਰੀ ਕਾਰਨ ਕਿਸਾਨਾਂ ਦੀਆਂ ਪੱਕਣ ‘ਤੇ ਆਈਆਂ ਫਸਲਾਂ ਦਾ ਜੋ ਭਾਰੀ ਨੁਕਸਾਨ ਹੋਇਆ ਹੈ, ਉਸ ਦੀ ਤੁਰੰਤ ਗਿਰਦਾਵਰੀ ਕਰਵਾ ਕੇ ਬਣਦਾ ਮੁਆਵਜ਼ਾ ਦਿੱਤਾ ਜਾਵੇ। ਉਹਨਾਂ ਕਿਹਾ ਕਿ ਪਿਛਲੇ ਦਿਨੀਂ ਹੋਈ ਬੇਮੌਸਮੀ ਬਾਰਿਸ਼ ਅਤੇ ਗੜੇਮਾਰੀ ਨੇ ਕਿਸਾਨਾਂ ਦੇ ਮੂੰਹਾਂ ਤੱਕ ਆਈ ਬੁਰਕੀ ਖੋਹ ਲਈ ਹੈ। ਕਣਕ ਅਤੇ ਹੋਰ ਫਸਲਾਂ ਪੂਰੀ ਤਰ੍ਹਾਂ ਵਿੱਛ ਚੁੱਕੀਆਂ ਹਨ, ਜਿਸ ਕਾਰਨ ਕਿਸਾਨ ਆਰਥਿਕ ਮੰਦਹਾਲੀ ਦੇ ਕੰਢੇ ‘ਤੇ ਆ ਗਿਆ ਹੈ।

ਸਕੱਤਰ ਜਨਰਲ ਨੇ ਵਿਸ਼ੇਸ਼ ਤੌਰ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਜਦੋਂ ਫਸਲ ਬਰਬਾਦ ਹੁੰਦੀ ਹੈ, ਤਾਂ ਸਿਰਫ ਕਿਸਾਨ ਹੀ ਨਹੀਂ, ਸਗੋਂ ਉਸ ਨਾਲ ਜੁੜਿਆ ਖੇਤ ਮਜ਼ਦੂਰ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੁੰਦਾ ਹੈ। ਮਜ਼ਦੂਰ ਸਾਰਾ ਸਾਲ ਮਿਹਨਤ ਕਰਦਾ ਹੈ ਅਤੇ ਵਾਢੀ ਦੇ ਸੀਜ਼ਨ ਦੀ ਉਡੀਕ ਕਰਦਾ ਹੈ ਤਾਂ ਜੋ ਆਪਣੇ ਬੱਚਿਆਂ ਦਾ ਪੇਟ ਪਾਲ ਸਕੇ ਇਸ ਕਰਕੇ ਮਜ਼ਦੂਰਾਂ ਦੀ ਅਣਦੇਖੀ ਬਿੱਲਕੁਲ ਨਾ ਕੀਤੀ ਜਾਵੇ। ਉਹਨਾਂ ਪੰਜਾਬ ਸਰਕਾਰ ਨੂੰ ਜ਼ੋਰ ਦੇ ਕਿਹਾ ਕਿ ਬਿਨਾਂ ਕਿਸੇ ਦੇਰੀ ਦੇ ਪ੍ਰਭਾਵਿਤ ਇਲਾਕਿਆਂ ਦੀ ਸਪੈਸ਼ਲ ਗਿਰਦਾਵਰੀ ਕਰਵਾਈ ਜਾਵੇ।

ਸਰਕਾਰ ਕਿਸਾਨਾਂ ਦੇ ਨਾਲ-ਨਾਲ ਖੇਤ ਮਜ਼ਦੂਰਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਵੀ ਵਿਸ਼ੇਸ਼ ਆਰਥਿਕ ਪੈਕੇਜ ਦਾ ਐਲਾਨ ਕਰੇ। ਉਹਨਾਂ ਕਿਹਾ ਕਿ ਸਰਕਾਰ ਨੂੰ ਸਿਰਫ ਗੱਲਾਂ ਦੀ ਬਜਾਏ ਹਕੀਕਤ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਦੀ ਬਾਂਹ ਫੜਨੀ ਚਾਹੀਦੀ ਹੈ। ਉਹਨਾ ਕਿਹਾ ਕਿ ਪੰਜਾਬ ਦੇ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਾਗ ਪੰਜਾਬ ਸਰਕਾਰ ਕਿਸਾਨਾ ਤੇ ਮਜਦੂਰਾ ਦੋਨਾਂ ਨੂੰ ਹੀ ਗੜੇਮਾਰੀ ਕਾਰਣ ਖਰਾਬ ਹੋਈ ਫਸਲ ਦਾ ਤੁਰੰਤ ਮੁਆਵਜਾ ਦੇਵੇ । ਉਹਨਾ ਕਿਹਾ ਕਿ ਪੰਜਾਬ ਸਰਕਾਰ ਵਲੋਂ ਜੇਕਰ ਜਲਦੀ ਮੁਆਵਜ਼ਾ ਨਾ ਦਿੱਤਾ ਗਿਆ ਤਾਂ ਸ਼੍ਰੋਮਣੀ ਅਕਾਲੀ ਦਲ ਸੰਘਰਸ਼ ਦਾ ਰਾਹ ਅਖਤਿਆਰ ਕਰਨ ਲਈ ਮਜਬੂਰ ਹੋਵੇਗਾ।

By admin

Related Post