Breaking
Sat. Aug 22nd, 2026

‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਤਹਿਤ ਮਸ਼ਾਲ ਰੈਲੀ ਦਾ ਜਲੰਧਰ ’ਚ ਹੋਇਆ ਸ਼ਾਨਦਾਰ ਸਵਾਗਤ

ਖੇਡਾਂ ਵਤਨ ਪੰਜਾਬ ਦੀਆਂ

700 ਕਰੋੜ ਰੁਪਏ ਦਾ ਬਜਟ ਖੇਡ ਬੁਨਿਆਦੀ ਢਾਂਚੇ ਨੂੰ ਹੇਠਲੇ ਪੱਧਰ ’ਤੇ ਹੋਰ ਮਜ਼ਬੂਤ ਕਰੇਗਾ- ਮੋਹਿੰਦਰ ਭਗਤ

ਕਿਹਾ, ਪੰਜਾਬ ਸਰਕਾਰ ਸੂਬੇ ਦੀ ਖੇਡ ਵਿਰਾਸਤ ਨੂੰ ਮੁੜ ਸੁਰਜੀਤ ਕਰਨ ਲਈ ਵਚਨਬੱਧ

ਜਲੰਧਰ 21 ਅਗਸਤ (ਜਸਵਿੰਦਰ ਸਿੰਘ ਆਜ਼ਾਦ)- ਪੰਜਾਬ ਦੇ ਬਾਗਬਾਨੀ, ਰੱਖਿਆ ਸੇਵਾਵਾਂ ਭਲਾਈ ਅਤੇ ਸੁਤੰਤਰਤਾ ਸੈਨਾਨੀ ਮੰਤਰੀ ਮੋਹਿੰਦਰ ਭਗਤ ਵਲੋਂ ਅੱਜ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਤਹਿਤ ਪਹੁੰਚੀ ਮਸ਼ਾਲ ਰੈਲੀ ਦਾ ਨਿੱਘਾ ਸਵਾਗਤ ਕੀਤਾ ਗਿਆ ਤਾਂ ਜੋ ਖੇਡਾਂ ਨੂੰ ਉਤਸ਼ਾਹਿਤ ਕਰਕੇ ਵੱਧ ਤੋਂ ਵੱਧ ਗਿਣਤੀ ਵਿੱਚ ਖਿਡਾਰੀਆਂ ਨੂੰ ਇਸ ਖੇਡ ਮੇਲੇ ਵਿੱਚ ਸਮੂਲੀਅਤ ਕਰਨ ਲਈ ਪ੍ਰੇਰਿਤ ਕੀਤਾ ਜਾ ਸਕੇ।

ਡਿਪਟੀ ਕਮਿਸ਼ਨਰ ਵਰਜੀਤ ਵਾਲੀਆ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਅਤੇ ਹੋਰ ਉੱਘੀਆਂ ਸਖਸ਼ੀਅਤਾਂ ਵਲੋਂ ਮਸ਼ਾਲ ਰੈਲੀ ਜੋ ਕਿ ਰਾਜ ਪੱਧਰੀ ਖੇਡ ਪਹਿਲਕਦਮੀ ਤਹਿਤ ਸੂਬੇ ਭਰ ਦੀ ਯਾਤਰਾ ਵਜੋਂ ਜਲੰਧਰ ਪਹੁੰਚੀ ਦਾ ਭਰਵਾਂ ਸਵਾਗਤ ਕੀਤਾ ਗਿਆ।

ਇਸ ਮੌਕੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਖੇਡਾਂ ਦੇ ਖੇਤਰ ਲਈ 700 ਕਰੋੜ ਰੁਪਏ ਦਾ ਬਜਟ ਰੱਖ ਕੇ ਵੱਡੀ ਮੁੱਖ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਨਿਵੇਸ਼ ਖੇਡ ਬੁਨਿਆਦੀ ਢਾਂਚੇ ਨੂੰ ਹੇਠਲੇ ਪੱਧਰ ਤੱਕ ਮਜਬੂਤ ਕਰਨ ਨੂੰ ਵੱਡਾ ਹੁਲਾਰਾ ਦੇਵੇਗਾ ਅਤੇ ਪੰਜਾਬ ਦੀ ਅਮੀਰ ਖੇਡ ਵਿਰਾਸਤ ਨੂੰ ਮੁੜ ਸੁਰਜੀਤ ਕਰਨ ਵਿੱਚ ਮਦਦਗਾਰ ਸਿੱਧ ਹੋਵੇਗੀ।

ਸ੍ਰੀ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿੰਡਾਂ ਤੱਕ ਖੇਡ ਸਹੂਲਤਾਂ ਮੁਹੱਈਆ ਕਰਵਾਉਣ ਵੱਲ ਧਿਆਨ ਕੇਂਦਰਿਤ ਕੀਤਾ ਗਿਆ ਹੈ ਅਤੇ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਲਈ ਬਿਹਤਰ ਮੌਕੇ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਸੂਬੇ ਭਰ ਵਿੱਚ ਪਿੰਡ ਪੱਧਰ ’ਤੇ ਖੇਡਾਂ ਨੂੰ ਮਜ਼ਬੂਤ ਕਰਨ ਲਈ ਮਾਡਲ ਖੇਡ ਮੈਦਾਨਾਂ ਦਾ ਨਿਰਮਾਣ ਕਰਵਾਉਣਾ ਵੱਡੀ ਪਹਿਲ ਕਦਮੀ ਕਰਾਰ ਦਿੱਤਾ।

ਸ੍ਰੀ ਭਗਤ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਨਾਲ ਖੇਡਾਂ ਨੂੰ ਜੋੜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਪਹਿਲਕਦਮੀ ਤਹਿਤ ਨੌਜਵਾਨਾਂ ਦੀ ਅਥਾਹ ਊਰਜਾ ਸ਼ਕਤੀ ਨੂੰ ਉਸਾਰੂ ਪਾਸੇ ਲਗਾ ਕੇ ਨਸ਼ਿਆਂ ਤੋਂ ਦੂਰ ਰੱਖਿਆ ਜਾ ਰਿਹਾ ਹੈ।

ਸ੍ਰੀ ਭਗਤ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਵਿਆਪਕ ਰਣਨੀਤੀ ਅਪਣਾਈ ਜਾ ਰਹੇ ਹੈ ਅਤੇ ਜਦਕਿ ਦੂਜੇ ਪਾਸੇ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਪਹਿਲਕਦਮੀਆਂ ਨੌਜਵਾਨਾਂ ਦੀ ਸ਼ਕਤੀ ਨੂੰ ਸਹੀ ਪਾਸੇ ਲਗਾਉਣ, ਅਨੁਸ਼ਾਸਨ ਨੂੰ ਉਤਸ਼ਾਹਿਤ ਕਰਨ ਅਤੇ ਸਿਹਤਮੰਦ ਤੇ ਆਦਰਸ਼ ਸਮਾਜ ਦੀ ਸਿਰਜਣਾ ਵਿੱਚ ਮਦਦਗਾਰ ਸਿੱਧ ਹੁੰਦੀਆਂ ਹਨ।

ਇਸ ਮੌਕੇ ਇਕ ਪ੍ਰਭਾਵਸ਼ਾਲੀ ਐਥਲੈਟਿਕ ਸ਼ੋਅ ਵੀ ਪੇਸ਼ ਕੀਤਾ ਗਿਆ ਜਿਸ ਨਾਲ ਉਭਰਦੇ ਖਿਡਾਰੀਆਂ ਵਲੋਂ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਗਿਆ, ਜਿਸ ਨਾਲ ਮਸ਼ਾਲ ਦੇ ਸਵਾਗਤ ਵਿੱਚ ਹੋਰ ਉਤਸ਼ਾਹ ਵਧਿਆ। ਇਸ ਖੇਡ ਪ੍ਰਦਰਸ਼ਨੀ ਨੇ ਨੌਜਵਾਨਾਂ ਦੇ ਅਥਾਹ ਉਤਸ਼ਾਹ ਨੂੰ ਪ੍ਰਦਰਸ਼ਿਤ ਕੀਤਾ ਅਤੇ ਆਉਣ ਵਾਲੇ ਦਿਨਾਂ ਵਿੱਚ ਵੱਖ-ਵੱਖ ਖੇਡਾਂ ਵਿੱਚ ਵੱਡੇ ਪੱਧਰ ’ਤੇ ਸਮੂਲੀਅਤ ਦੇ ਸੰਦੇਸ਼ ਨੂੰ ਹੋਰ ਮਜਬੂਤ ਕੀਤਾ।

ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਕਿਹਾ ਕਿ ‘’ਖੇਡਾਂ ਵਤਨ ਪੰਜਾਬ ਦੀਆਂ 2026-27’ ਸੀਜਨ-4 ਤਹਿਤ 3 ਸਤੰਬਰ 15 ਸਤੰਬਰ 2026 ਤੱਕ ਬਲਾਕ ਪੱਧਰ, 20 ਤੋਂ 30 ਸਤੰਬਰ ਤੱਕ ਜ਼ਿਲ੍ਹਾ ਪੱਧਰ ਅਤੇ 10 ਨਵੰਬਰ ਤੋਂ 28 ਨਵੰਬਰ ਤੱਕ ਰਾਜ ਪੱਧਰੀ ਖੇਡਾਂ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਇਹਨਾਂ ਖੇਡਾਂ ਵਿੱਚ ਸ਼ਾਮਿਲ ਕਰਵਾਉਣ ਲਈ ਵੱਧ ਤੋਂ ਵੱਧ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਖਿਡਾਰੀ ਇਹਨਾਂ ਖੇਡਾਂ ਵਿੱਚ ਸ਼ਮੂਲੀਅਤ ਲਈ ਪੋਰਟਲ https://sports.punjab.gov.in ’ਤੇ ਆਪਣੀ ਪਹਿਚਾਣ ਦੇ ਦਸਤਾਵੇਜ਼(ਅਧਾਰ ਕਾਰਡ, ਉਮਰ ਸਬੂਤ ਸਰਟੀਫਿਕੇਟ) ਨਾਲ ਆਨਲਾਈਨ ਰਜਿਸਟਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਖਿਡਾਰੀਆਂ ਨੂੰ ਅਪੀਲ ਕੀਤੀ ਕਿ ਖੇਡਾਂ ਵਤਨ ਪੰਜਾਬ ਦੀਆਂ ਨੂੰ ਸਫ਼ਲ ਬਣਾਉਣ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਰਜਿਸਟਰ ਹੋਣ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਮਨਿੰਦਰ ਕੌਰ, ਐਸ.ਡੀ.ਐਮ. ਸ਼ੁਭੀ ਆਂਗਰਾ ਅਤੇ ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ, ਏਸ਼ੀਅਨ ਮੈਡਲਿਸਟ ਖਿਡਾਰੀ ਅਜੈਬ ਸਿੰਘ, ਓਲੰਡੀਅਨ ਹਾਕੀ ਖਿਡਾਰੀ ਮੁਖਬੈਨ ਸਿੰਘ,, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਰਵੀ ਦਾਰਾ, ਤੈਰਾਕੀ ਕੋਚ ਉਮੇਸ਼ ਸ਼ਰਮਾ, ਐਥਲੈਟਿਕ ਸਹਿਜਪ੍ਰੀਤ ਸਿੰਘ, ਬਿਕਰਮਜੀਤ ਸਿੰਘ ਤੇ ਏਕਮਜੋਤ ਸਿੰਘ ਅਤੇ ਖੇਡ ਪ੍ਰੇਮੀ ਹਾਜ਼ਰ ਸਨ।

By admin

Related Post