Breaking
Sun. Jun 15th, 2025

ਬਲਿਦਾਨ ਦਿਵਸ ‘ਤੇ ਦੇਸ਼ ਲਈ ਜਾਨਾਂ ਵਾਰਨ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ

ਬਲਿਦਾਨ ਦਿਵਸ

ਡਿਪਟੀ ਕਮਿਸ਼ਨਰ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ/ਕਰਮਚਾਰੀਆਂ ਨੇ ਆਜ਼ਾਦੀ ਘੁਲਾਟੀਆਂ ਦੀ ਯਾਦ ’ਚ ਦੋ ਮਿੰਟ ਦਾ ਮੌਨ ਧਾਰਿਆ

ਜਲੰਧਰ 30 ਜਨਵਰੀ (ਜਸਵਿੰਦਰ ਸਿੰਘ ਆਜ਼ਾਦ)- ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ ਬਲਿਦਾਨ ਦਿਵਸ ‘ਤੇ ਦੇਸ਼ ਦੇ ਆਜ਼ਾਦੀ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲੇ ਸ਼ਹੀਦਾਂ ਨੂੰ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਸਮੇਤ ਜ਼ਿਲ੍ਹੇ ਦੇ ਸਿਵਲ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਸ਼ਰਧਾਂਜਲੀ ਭੇਟ ਕੀਤੀ ਗਈ।

ਵੀਰਵਾਰ ਸਵੇਰੇ ਠੀਕ 11 ਵਜੇ ਸ਼ਹੀਦਾਂ ਦੀ ਯਾਦ ਵਿੱਚ 2 ਮਿੰਟ ਦਾ ਮੌਨ ਧਾਰਨ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ ਅਤੇ ਹੋਰਨਾਂ ਅਧਿਕਾਰੀਆਂ ਵੱਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੀ ਤਸਵੀਰ ’ਤੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਦੇਸ਼ ਲਈ ਵੱਡਮੁੱਲੀਆਂ ਕੁਰਬਾਨੀਆਂ ਦੇਣ ਵਾਲੇ ਭਾਰਤ ਮਾਤਾ ਦੇ ਮਹਾਨ ਸਪੂਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।

ਡਾ. ਅਗਰਵਾਲ ਨੇ ਕਿਹਾ ਕਿ ਆਜ਼ਾਦੀ ਘੁਲਾਟੀਆਂ ਵੱਲੋਂ ਦਿੱਤੇ ਮਹਾਨ ਬਲਿਦਾਨ ਸਦਕਾ ਅੱਜ ਅਸੀਂ ਆਜ਼ਾਦ ਫਿਜ਼ਾ ਵਿੱਚ ਸਾਹ ਲੈ ਰਹੇ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਮਹਾਨ ਸ਼ਹੀਦਾਂ ਵੱਲੋਂ ਕੀਤੇ ਸੰਘਰਸ਼ ਅਤੇ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ ਅਤੇ ਉਨ੍ਹਾਂ ਦੇ ਸੁਪਨਿਆਂ ਦਾ ਭਾਰਤ ਸਿਰਜਣ ਲਈ ਯਤਨ ਕਰਨ ਚਾਹੀਦੇ ਹਨ, ਖਾਸ ਕਰ ਨੌਜਵਾਨ ਪੀੜ੍ਹੀ ਨੂੰ ਦੇਸ਼ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ।

ਉਨ੍ਹਾਂ ਇਸ ਮੌਕੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਵੱਲੋਂ ਦਰਸਾਏ ਸੱਚ ਤੇ ਅਹਿੰਸਾ ਦੇ ਆਦਰਸ਼ਾਂ ਨੂੰ ਵੀ ਜੀਵਨ ਵਿੱਚ ਅਪਨਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਹਰੇਕ ਨਾਗਰਿਕ ਨੂੰ ਆਪਣਾ ਫਰਜ਼ ਇਮਾਨਦਾਰੀ ਨਾਲ ਨਿਭਾਉਣਾ ਚਾਹੀਦਾ ਹੈ, ਜੋ ਕਿ ਸਾਡੇ ਸ਼ਹੀਦਾਂ ਅਤੇ ਸੁਤੰਤਰਤਾ ਸੰਗਰਾਮੀਆਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।

ਇਸ ਮੌਕੇ ਐਸ.ਡੀ.ਐਮ. ਰਣਦੀਪ ਸਿੰਘ ਹੀਰ, ਫੀਲਡ ਅਫ਼ਸਰ ਇੰਦਰਪਾਲ ਪੀ.ਸੀ.ਐਸ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

By admin

Related Post