ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ’ਚ ਅਧਿਆਪਕ ਪਾ ਸਕਦੇ ਨੇ ਅਹਿਮ ਯੋਗਦਾਨ : ਜ਼ਿਲ੍ਹਾ ਸਿੱਖਿਆ ਅਫ਼ਸਰ
ਜਲੰਧਰ 17 ਜੁਲਾਈ (ਨਤਾਸ਼ਾ)-ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜ਼ਿਲ੍ਹੇ ਦੇ ਸਮੂਹ ਬਲਾਕਾਂ ਦੇ ਸੀਨੀਅਰ ਸੈਕੰਡਰੀ ਅਤੇ ਹਾਈ ਸਕੂਲਾਂ ਦੇ ਲੈਕਚਰਾਰਾਂ/ ਅਧਿਆਪਕਾਂ ਦੀ ਦੋ ਰੋਜ਼ਾ ਬਲਾਕ ਪੱਧਰੀ ਟ੍ਰੇਨਿੰਗ ਕਰਵਾਈ ਗਈ।
ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਗੁਰਿੰਦਰਜੀਤ ਕੌਰ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਟ੍ਰੇਨਿੰਗ ਰਾਜ ਵਿੱਦਿਅਕ ਅਤੇ ਖੋਜ ਸਿਖ਼ਲਾਈ ਪ੍ਰੀਸ਼ਦ ਮੋਹਾਲੀ ਤੋਂ ਟ੍ਰੇਨਿੰਗ ਲੈ ਕੇ ਪਰਤੇ ਜ਼ਿਲ੍ਹਾ ਨੋਡਲ ਅਫ਼ਸਰ ਡੀਆਰਸੀ/ਬੀਆਰਸੀ ਵੱਲੋਂ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਸਿਖ਼ਲਾਈ ਦੌਰਾਨ ਜ਼ਿਲ੍ਹੇ ਦੇ ਅਧਿਆਪਕਾਂ ਨੂੰ ਨਸ਼ਿਆਂ ਤੋਂ ਹੋਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਾਉਣ ਅਤੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਟ੍ਰੇਨ ਕੀਤਾ ਗਿਆ।
ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਦਾ ਦੌਰਾ ਕਰਕੇ ਟ੍ਰੇਨਿੰਗ ਦਾ ਜਾਇਜ਼ਾ ਲਿਆ ਅਤੇ ਸੈਮੀਨਾਰ ਵਿੱਚ ਸ਼ਾਮਲ ਅਧਿਆਪਕਾਂ ਨੂੰ ਦੇਸ਼ ਅਤੇ ਪੰਜਾਬ ਦੇ ਭਵਿੱਖ ਨੂੰ ਨਸ਼ਿਆਂ ਤੋਂ ਬਚਾਉਣ ਲਈ ਰਾਜ ਸਰਕਾਰ ਵੱਲੋਂ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਸਰਗਰਮ ਯੋਗਦਾਨ ਪਾਉਣ ਦਾ ਸੱਦਾ ਦਿੱਤਾ।
ਉਨ੍ਹਾਂ ਅਧਿਆਪਕਾਂ ਨੂੰ ਦੱਸਿਆ ਕਿ ਕਿਵੇਂ ਉਹ ਵਿਦਿਆਰਥੀਆਂ, ਨੌਜਵਾਨਾਂ ਅਤੇ ਆਉਣ ਵਾਲੀ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਅ ਸਕਦੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਅਧਿਆਪਕ ਅਹਿਮ ਯੋਗਦਾਨ ਪਾ ਸਕਦੇ ਹਨ ਅਤੇ ਅਧਿਆਪਕ ਹੋਣ ਦੇ ਨਾਤੇ ਸਾਡਾ ਇਹ ਨੈਤਿਕ ਫਰਜ਼ ਵੀ ਬਣਦਾ ਹੈ ਕਿ ਅਸੀਂ ਆਪਣੇ ਵਿਦਿਆਰਥੀਆਂ ਨੂੰ ਚੰਗੀ ਰਾਹ ’ਤੇ ਪਾਉਂਦੇ ਹੋਏ ਉਨ੍ਹਾਂ ਨੂੰ ਸਹੀ ਗਲਤ ਦੀ ਪਛਾਣ ਕਰਾਈਏ l ਸੈਮੀਨਾਰ ਵਿੱਚ ਸਿਹਤ ਵਿਭਾਗ ਵੱਲੋਂ ਡਾਕਟਰਾਂ ਦੀ ਟੀਮ ਨੇ ਵੀ ਭਾਗ ਲਿਆ।