ਬੀ.ਐਲ.ਓਜ਼ ਵੱਲੋਂ ਘਰ-ਘਰ ਗਣਨਾ ਜਾ ਕੇ ਗਣਨਾ ਫਾਰਮ ਭਰਨ ਦਾ ਕਾਰਜ 24 ਜੁਲਾਈ ਤੱਕ ਰਹੇਗਾ ਜਾਰੀ : ਜ਼ਿਲ੍ਹਾ ਚੋਣ ਅਫ਼ਸਰ
ਜਲੰਧਰ 12 ਜੁਲਾਈ (ਜਸਵਿੰਦਰ ਸਿੰਘ ਆਜ਼ਾਦ)- ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਧਿਕਾਰੀ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ.) ਤਹਿਤ ਜ਼ਿਲ੍ਹੇ ਭਰ ਦੇ ਸਾਰੇ ਬੂਥਾਂ ’ਤੇ ਲਗਾਏ ਗਏ ਦੋ ਦਿਨਾਂ ਵਿਸ਼ੇਸ਼ ਕੈਂਪਾਂ ਵਿੱਚ ਵੱਡੀ ਗਿਣਤੀ ਨਾਗਰਿਕਾਂ ਨੇ ਆਪਣੇ ਗਣਨਾ (ਇਨਿਊਮੀਰੇਸ਼ਨ) ਫਾਰਮ ਭਰ ਕੇ ਜਮ੍ਹਾ ਕਰਵਾਏ।
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਦੱਸਿਆ ਕਿ ਇਸ ਦੋ ਦਿਨਾਂ ਕੈਂਪ ਦੌਰਾਨ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼.) ਵੱਲੋਂ ਸਵੇਰੇ 8 ਤੋਂ ਦੁਪਹਿਰ 3 ਵਜੇ ਤੱਕ ਆਪਣੇ-ਆਪਣੇ ਪੋਲਿੰਗ ਬੂਥਾਂ ’ਤੇ ਮੌਜੂਦ ਰਹਿ ਕੇ ਗਣਨਾ ਫਾਰਮ ਭਰਨ ਅਤੇ ਜਮ੍ਹਾ ਕਰਵਾਉਣ ਦੀ ਪ੍ਰਕਿਰਿਆ ਵਿੱਚ ਵੋਟਰਾਂ ਨੂੰ ਪੂਰਾ ਸਹਿਯੋਗ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਕੈਂਪਾਂ ਦਾ ਮੁੱਖ ਉਦੇਸ਼ ਗਣਨਾ ਫਾਰਮਾਂ ਦੀ ਭਰਵਾਈ, ਇਕੱਤਰਤਾ ਅਤੇ ਡਿਜੀਟਾਈਜ਼ੇਸ਼ਨ ਵਿੱਚ ਤੇਜ਼ੀ ਲਿਆਉਣਾ ਸੀ।
ਜ਼ਿਲ੍ਹਾ ਚੋਣ ਅਫ਼ਸਰ ਨੇ ਵੋਟਰਾਂ ਦੇ ਸਹਿਯੋਗ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਕੈਂਪਾਂ ਦੌਰਾਨ ਪ੍ਰਾਪਤ ਗਣਨਾ ਫਾਰਮਾਂ ਦੀ ਡਿਜ਼ੀਟਾਈਜ਼ੇਸ਼ਨ ਵੀ ਨਾਲੋ-ਨਾਲ ਯਕੀਨੀ ਬਣਾਈ ਗਈ। ਉਨ੍ਹਾਂ ਕਿਹਾ ਕਿ ਬੀ.ਐਲ.ਓਜ਼ ਵੱਲੋਂ ਘਰ-ਘਰ ਗਣਨਾ ਜਾ ਕੇ ਫਾਰਮ ਭਰਨ ਦਾ ਕਾਰਜ 24 ਜੁਲਾਈ 2026 ਤੱਕ ਜਾਰੀ ਰਹੇਗਾ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਯੋਗ ਵੋਟਰ ਕਿਸੇ ਕਾਰਨ ਅਜੇ ਤੱਕ ਆਪਣੇ ਗਣਨਾ ਫਾਰਮ ਨਹੀਂ ਭਰ ਸਕੇ ਤਾਂ ਉਹ ਬਿਨਾਂ ਕਿਸੇ ਦੇਰੀ ਤੋਂ ਆਪਣੇ ਸਬੰਧਤ ਬੀ.ਐਲ.ਓ. ਨਾਲ ਸੰਪਰਕ ਕਰਕੇ ਫਾਰਮ ਭਰਨ ਅਤੇ ਜਮ੍ਹਾ ਕਰਨ ਦੀ ਪ੍ਰਕਿਰਿਆ ਮੁਕੰਮਲ ਕਰਨ।
ਸ਼੍ਰੀ ਵਾਲੀਆ ਨੇ ਸਮੇਂ ਸਿਰ ਗਣਨਾ ਫਾਰਮ ਜਮ੍ਹਾ ਕਰਵਾਉਣ ’ਤੇ ਜ਼ੋਰ ਦਿੱਤਾ ਤਾਂ ਜੋ ਕੋਈ ਵੀ ਯੋਗ ਵੋਟਰ, ਵੋਟਰ ਸੂਚੀ ਵਿੱਚ ਸ਼ਾਮਲ ਹੋਣ ਤੋਂ ਵਾਂਝਾ ਨਾ ਰਹੇ। ਉਨ੍ਹਾਂ ਦੱਸਿਆ ਕਿ ਐੱਸ.ਆਈ.ਆਰ.-2026 ਸਬੰਧੀ ਕਿਸੇ ਵੀ ਜਾਣਕਾਰੀ ਜਾਂ ਸਹਾਇਤਾ ਲਈ ਟੋਲ-ਫ੍ਰੀ ਨੰਬਰ 1950 ‘ਤੇ ਕਾਲ ਕਰਕੇ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ।

