ਹੁਸ਼ਿਆਰਪੁਰ 5 ਮਈ ( ਤਰਸੇਮ ਦੀਵਾਨਾ ) – ਪੰਜਾਬ ਵਿੱਚ ਪੈ ਰਹੀ ਭਿਆਨਕ ਗਰਮੀ ਦੇ ਦਰਮਿਆਨ ਬਿਜਲੀ ਦੇ ਲੰਬੇ ਅਤੇ ਅਣਐਲਾਨੇ ਕੱਟਾਂ ਨੇ ਆਮ ਜਨਤਾ ਦਾ ਜਿਉਣਾ ਦੁੱਭਰ ਕੀਤਾ ਹੋਇਆ ਹੈ। ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਆ ਰਹੀਆਂ ਰਿਪੋਰਟਾਂ ਮੁਤਾਬਕ, ਸ਼ਹਿਰਾਂ ਤੋਂ ਲੈ ਕੇ ਪਿੰਡਾਂ ਤੱਕ ਲੋਕ ਬਿਜਲੀ ਦੀ ਕਿੱਲਤ ਕਾਰਨ ਬੇਹਾਲ ਹਨ ਅਤੇ ਆਮ ਲੋਕਾਂ ਦਾ ਕਹਿਣਾ ਹੈ ਕਿ ‘ਮੁਫ਼ਤ ਬਿਜਲੀ‘ ਦੇ ਵਾਅਦੇ ਕਰਨ ਵਾਲੀ ਪੰਜਾਬ ਸਰਕਾਰ ਹਰ ਪੱਖੋਂ ਫੇਲ੍ਹ ਸਾਬਤ ਹੋ ਰਹੀ ਹੈ।
ਇਹਨਾਂ ਗੱਲਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸਕੱਤਰ ਜਨਰਲ ਬਰਿੰਦਰ ਸਿੰਘ ਪਰਮਾਰ ਨੇ ਸਾਡੇ ਪੱਤਰਕਾਰ ਨਾਲ ਇੱਕ ਪ੍ਰੈਸ ਵਾਰਤਾ ਦੌਰਾਨ ਕੀਤਾ ਉਹਨਾਂ ਕਿਹਾ ਕਿ ਬਿਜਲੀ ਦੇ ਲੱਗ ਰਹੇ ਲੰਬੇ ਲੰਬੇ ਕੱਟਾ ਨੇ ਕਾਰੋਬਾਰ ਅਤੇ ਘਰੇਲੂ ਜੀਵਨ ਪ੍ਰਭਾਵਿਤ ਕਰਕੇ ਰੱਖ ਦਿੱਤਾ ਹੈ ਉਹਨਾਂ ਕਿਹਾ ਕਿ ਬਿਜਲੀ ਦੀ ਸਪਲਾਈ ਨਿਯਮਿਤ ਨਾ ਹੋਣ ਕਾਰਨ ਜਿੱਥੇ ਘਰਾਂ ਵਿੱਚ ਬੱਚੇ ਅਤੇ ਬਜ਼ੁਰਗ ਗਰਮੀ ਨਾਲ ਜੂਝ ਰਹੇ ਹਨ, ਉੱਥੇ ਹੀ ਛੋਟੇ ਕਾਰੋਬਾਰੀਆਂ ਅਤੇ ਦੁਕਾਨਦਾਰਾਂ ਦਾ ਕੰਮ ਵੀ ਠੱਪ ਹੋ ਕੇ ਰਹਿ ਗਿਆ ਹੈ। ਉਹਨਾਂ ਕਿਹਾ ਕਿ ਫੈਕਟਰੀਆਂ ਵਿੱਚ ਕੰਮ ਪ੍ਰਭਾਵਿਤ ਹੋਣ ਕਾਰਨ ਬੇਹੱਦ ਆਰਥਿਕ ਨੁਕਸਾਨ ਹੋ ਰਿਹਾ ਹੈ।
ਉਹਨਾਂ ਕਿਹਾ ਕਿ ਕਿਸਾਨਾਂ ਨੂੰ ਫਸਲਾਂ ਦੀ ਸਿੰਚਾਈ ਲਈ ਲੋੜੀਂਦੀ ਬਿਜਲੀ ਨਹੀਂ ਮਿਲ ਰਹੀ, ਜਿਸ ਕਾਰਨ ਫਸਲਾਂ ਦੇ ਸੁੱਕਣ ਦਾ ਖ਼ਤਰਾ ਬਣ ਗਿਆ ਹੈ। ਉਹਨਾਂ ਕਿਹਾ ਕਿ ਅੱਜ ਲੋਕਾਂ ਦਾ ਕਹਿਣਾ ਹੈ ਕਿ ਸਰਕਾਰ ਸਿਰਫ਼ ਇਸ਼ਤਿਹਾਰਾਂ ਤੱਕ ਸੀਮਤ ਹੀ ਰਹਿ ਗਈ ਹੈ ਅਤੇ ਜ਼ਮੀਨੀ ਪੱਧਰ ‘ਤੇ ਬੁਨਿਆਦੀ ਢਾਂਚਾ ਸੁਧਾਰਨ ਵਿੱਚ ਨਾਕਾਮ ਰਹੀ ਹੈ। ਉਹਨਾਂ ਕਿਹਾ ਕਿ ਸਰਕਾਰ ਨੇ 300 ਯੂਨਿਟ ਮੁਫ਼ਤ ਬਿਜਲੀ ਦਾ ਲਾਲਚ ਤਾਂ ਦਿੱਤਾ, ਪਰ ਹੁਣ ਬਿਜਲੀ ਆ ਹੀ ਨਹੀਂ ਰਹੀ। ਬਿਨਾਂ ਬਿਜਲੀ ਦੇ ਮੁਫ਼ਤ ਯੂਨਿਟਾਂ ਦਾ ਕੀ ਫਾਇਦਾ? ਇਸ ਕਰਕੇ ਸਰਕਾਰ ਸਿਸਟਮ ਚਲਾਉਣ ਵਿੱਚ ਪੂਰੀ ਤਰ੍ਹਾਂ ਫੇਲ੍ਹ ਹੈ! ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਨਾਕਾਮੀ ਨੂੰ ਦੇਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ 2027 ਵਿੱਚ ਲਿਆਉਣ ਲਈ ਕਾਹਲੇ ਪਏ ਹੋਏ ਹਨ

