ਹੁਸ਼ਿਆਰਪੁਰ 12 ਸਤੰਬਰ (ਤਰਸੇਮ ਦੀਵਾਨਾ) – ਪੰਜਾਬ ਵਿੱਚ ਝੋਨੇ ਦੀ ਫ਼ਸਲ ਇਸ ਸਮੇਂ ਅਹਿਮ ਪੜਾਅ ’ਤੇ ਹੈ ਅਤੇ ਫ਼ਸਲ ਨੂੰ ਪਾਣੀ ਦੀ ਵਧੇਰੇ ਲੋੜ ਹੈ, ਪਰ ਇਸ ਦੇ ਬਾਵਜੂਦ ਸੂਬੇ ਵਿੱਚ ਬਿਜਲੀ ਦੇ ਅਣਐਲਾਨੇ ਕੱਟਾਂ ਕਾਰਨ ਕਿਸਾਨਾਂ ਦੇ ਨਾਲ-ਨਾਲ ਆਮ ਲੋਕ ਵੀ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਆਰਟੀਆਈ ਸੈੱਲ ਦੇ ਪ੍ਰਧਾਨ ਐਡਵੋਕੇਟ ਸੂਰਜ ਸਿੰਘ ਨੇ ਇੱਕ ਪ੍ਰੈਸ ਬਿਆਨ ਰਾਹੀਂ ਕੀਤਾ।
ਐਡਵੋਕੇਟ ਸੂਰਜ ਸਿੰਘ ਨੇ ਕਿਹਾ ਕਿ ਝੋਨੇ ਦੀ ਫ਼ਸਲ ਨੂੰ ਇਸ ਸਮੇਂ ਨਿਰੰਤਰ ਸਿੰਚਾਈ ਦੀ ਲੋੜ ਹੈ, ਪਰ ਬਿਜਲੀ ਸਪਲਾਈ ਪ੍ਰਭਾਵਿਤ ਹੋਣ ਕਾਰਨ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਬਿਜਲੀ ਸਪਲਾਈ ਸਬੰਧੀ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਜਦਕਿ ਜ਼ਮੀਨੀ ਹਕੀਕਤ ਇਨ੍ਹਾਂ ਦਾਅਵਿਆਂ ਤੋਂ ਬਿਲਕੁਲ ਵੱਖਰੀ ਦਿਖਾਈ ਦੇ ਰਹੀ ਹੈ।
ਉਨ੍ਹਾਂ ਕਿਹਾ ਕਿ ਬਿਜਲੀ ਕੱਟਾਂ ਦਾ ਪ੍ਰਭਾਵ ਸਿਰਫ਼ ਖੇਤੀਬਾੜੀ ਸੈਕਟਰ ਤੱਕ ਹੀ ਸੀਮਤ ਨਹੀਂ ਹੈ, ਸਗੋਂ ਘਰੇਲੂ ਅਤੇ ਵਪਾਰਕ ਖੇਤਰ ਵੀ ਇਸ ਦੀ ਮਾਰ ਝੱਲ ਰਹੇ ਹਨ। ਗਰਮੀ ਦੇ ਮੌਸਮ ਵਿੱਚ ਬਿਜਲੀ ਬੰਦ ਰਹਿਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਹੁੰਦੀ ਹੈ ਅਤੇ ਬਿਜਲੀ ’ਤੇ ਨਿਰਭਰ ਕਾਰੋਬਾਰ ਵੀ ਪ੍ਰਭਾਵਿਤ ਹੋ ਰਹੇ ਹਨ। ਬਿਜਲੀ ਨਾਲ ਸਬੰਧਤ ਕੰਮ ਕਰਨ ਵਾਲੇ ਦੁਕਾਨਦਾਰਾਂ ਨੂੰ ਵੀ ਲੰਬੇ ਪਾਵਰਕੱਟਾਂ ਕਾਰਨ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ।
ਪੰਜਾਬ ਸਰਕਾਰ ਵੱਲੋਂ ਬਿਜਲੀ ਉਤਪਾਦਨ ਸਬੰਧੀ ਸਮੱਸਿਆਵਾਂ ਲਈ ਅਕਸਰ ਕੋਲੇ ਦੀ ਘਾਟ ਦਾ ਹਵਾਲਾ ਦਿੱਤਾ ਜਾਂਦਾ ਹੈ
ਐਡਵੋਕੇਟ ਸੂਰਜ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਿਜਲੀ ਉਤਪਾਦਨ ਸਬੰਧੀ ਸਮੱਸਿਆਵਾਂ ਲਈ ਅਕਸਰ ਕੋਲੇ ਦੀ ਘਾਟ ਦਾ ਹਵਾਲਾ ਦਿੱਤਾ ਜਾਂਦਾ ਹੈ, ਪਰ ਬਿਜਲੀ ਉਤਪਾਦਨ ਸਿਰਫ਼ ਕੋਲੇ ਦੀ ਉਪਲਬਧਤਾ ’ਤੇ ਨਿਰਭਰ ਨਹੀਂ ਕਰਦਾ। ਪਲਾਂਟਾਂ ਦੀ ਸਮੇਂ ਸਿਰ ਮੁਰੰਮਤ, ਰੱਖ-ਰਖਾਅ ਅਤੇ ਹੋਰ ਲੋੜੀਂਦੇ ਪ੍ਰਬੰਧ ਵੀ ਬਰਾਬਰ ਜ਼ਰੂਰੀ ਹਨ। ਉਨ੍ਹਾਂ ਦੋਸ਼ ਲਾਇਆ ਕਿ ਇਨ੍ਹਾਂ ਮਾਮਲਿਆਂ ਵਿੱਚ ਸਰਕਾਰ ਦੀ ਕਾਰਗੁਜ਼ਾਰੀ ਸੰਤੋਸ਼ ਜਨਕ ਨਹੀਂ ਰਹੀ।
ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਕਿਸਾਨਾਂ ਦੀ ਝੋਨੇ ਦੀ ਫ਼ਸਲ ਨੂੰ ਬਚਾਉਣਾ ਚਾਹੁੰਦੀ ਹੈ ਤਾਂ ਖੇਤੀਬਾੜੀ ਖੇਤਰ ਲਈ ਲੋੜ ਅਨੁਸਾਰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣੀ ਹੋਵੇਗੀ। ਇਸ ਦੇ ਨਾਲ ਹੀ ਘਰੇਲੂ ਖਪਤਕਾਰਾਂ ਅਤੇ ਉਦਯੋਗਿਕ ਤੇ ਵਪਾਰਕ ਅਦਾਰਿਆਂ ਨੂੰ ਵੀ ਨਿਰਧਾਰਤ ਸਪਲਾਈ ਮੁਹੱਈਆ ਕਰਵਾਈ ਜਾਵੇ।
ਐਡਵੋਕੇਟ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਬਿਜਲੀ ਸੰਕਟ ਦਾ ਤੁਰੰਤ ਹੱਲ ਨਾ ਕੀਤਾ ਗਿਆ ਅਤੇ ਲੋਕਾਂ ਦੀਆਂ ਸਮੱਸਿਆਵਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਲੋਕਾਂ ਦੇ ਹੱਕਾਂ ਲਈ ਸੜਕਾਂ ’ਤੇ ਉਤਰ ਕੇ ਤਿੱਖਾ ਸੰਘਰਸ਼ ਕੀਤਾ ਜਾਵੇਗਾ।

