– ਕਿਹਾ, ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਵਰਤੀ ਕੋਈ ਢਿੱਲ ਬਰਦਾਸ਼ਤ ਨਹੀਂ
ਜਲੰਧਰ 15 ਮਈ (ਜਸਵਿੰਦਰ ਸਿੰਘ ਆਜ਼ਾਦ)- ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਏ ਜਾ ਰਹੇ “ਯੁੱਧ ਨਸ਼ਿਆਂ ਵਿਰੁੱਧ” ਅਭਿਆਨ ਦੀ ਸਮੀਖਿਆ ਕਰਨ ਲਈ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਇਕ ਉੱਚ ਪੱਧਰੀ ਮੀਟਿੰਗ ਕੀਤੀ।
ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ, ਮੇਅਰ ਵਿਨੀਤ ਧੀਰ, ਜਲੰਧਰ ਵੈਸਟ ਦੇ ਬਲਾਕ ਪ੍ਰਧਾਨ, ਕੌਂਸਲਰ ਅਤੇ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਸ਼ਾਮਿਲ ਸਨ।
ਮੀਟਿੰਗ ਦੌਰਾਨ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ੇ ਖ਼ਿਲਾਫ਼ ਚਲਾਏ ਗਏ “ਯੁੱਧ ਨਸ਼ਿਆਂ ਵਿਰੁੱਧ” ਅਭਿਆਨ ਦੀ ਅੰਤਿਮ ਮਿਆਦ 31 ਮਈ ਨਿਰਧਾਰਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮਿਤੀ ਤੱਕ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਸਾਨੂੰ ਹਰ ਸੰਭਵ ਕੋਸ਼ਿਸ਼ ਅਤੇ ਸਖਤੀ ਕਰਨੀ ਪਵੇਗੀ। ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਸ੍ਰੀ ਭਗਤ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਨਸ਼ਾ ਵੇਚਣ ਵਾਲਿਆਂ ਦਾ ਬਚਾਅ ਕਰਨ ਆਇਆ ਤਾਂ ਉਸ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ, ਫਿਰ ਭਾਵੇਂ ਉਹ ਰਾਜਨੀਤਿਕ ਵਿਅਕਤੀ ਹੋਵੇ ਜਾਂ ਹੋਰ ਕੋਈ। ਇਸੇ ਤਰ੍ਹਾਂ ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜਿਸ ਵੀ ਥਾਣੇ ਦੇ ਅਧੀਨ ਨਸ਼ਾ ਵੇਚਣ ਦੀ ਸੂਚਨਾ ਮਿਲੀ, ਤਾਂ ਉਸ ਥਾਣੇ ਦੇ ਇੰਚਾਰਜ ਖ਼ਿਲਾਫ਼ ਵੀ ਕਾਰਵਾਈ ਹੋਵੇਗੀ। ਇਸ ਲਈ ਸਾਰੇ ਅਧਿਕਾਰੀ ਆਪਣੀ ਜ਼ਿੰਮੇਵਾਰੀ ਨਾਲ ਪੰਜਾਬ ਨੂੰ ਨਸ਼ਾ ਮੁਕਤ ਕਰਨ ਵਿੱਚ ਸਹਿਯੋਗ ਦੇਣ।